ਸਿਹਤ ਵਿਭਾਗ ਵੱਲੋਂ ਸਰਦੀ ਤੋਂ ਬਚਾਅ ਲਈ ਕੀਤੀ ਐਡਵਾਇਜਰੀ ਜਾਰੀ-ਸਿਵਲ ਸਰਜਨ
ਰਘਵੀਰ ਹੈਪੀ, ਬਰਨਾਲਾ 19 ਦਸੰਬਰ 2024
ਸਰਦੀ ਦੇ ਮੌਸਮ ਕਾਰਨ ਸ਼ੀਤ ਲਹਿਰ ਦੌਰਾਨ ਬਜ਼ੁਰਗ, ਛੋਟੇ ਬੱਚੇ ਅਤੇ ਕਿਸੇ ਬਿਮਾਰੀ ਤੋਂ ਪੀੜਤ ਲੋਕ ਜ਼ਿਆਦਾ ਹੁੰਦੇ ਹਨ। ਉਨ੍ਹਾਂ ਨੂੰ ਸਰਦੀ ਲੱਗਣ ਨਾਲ ਜੇਕਰ ਸਮੇਂ ਸਿਰ ਇਲਾਜ ਨਾਂ ਕਰਵਾਇਆ ਜਾਵੇ ਤਾਂ ਕਈ ਵਾਰ ਖਤਰੇ ਦਾ ਕਾਰਨ ਬਣ ਸਕਦਾ ਹੈ। ਇਸ ਲਈ ਬਜ਼ੁਰਗ ਅਤੇ ਸਮੇਂ ਤੋਂ ਰੋਗਾਂ ਤੋਂ ਪੀੜਤ ਮਰੀਜ਼ ਸਵੇਰ ਅਤੇ ਦੇਰ ਸ਼ਾਮ ਦੇ ਸਮੇਂ ਜ਼ਿਆਦਾ ਠੰਡ ਅਤੇ ਧੁੰਦ ਹੋਣ ‘ਤੇ ਸੈਰ ਕਰਨ ਜਾਂ ਘਰੋਂ ਬਾਹਰ ਜਾਣ ਤੋਂ ਗੁਰੇਜ ਕਰਨ।
ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਬਰਨਾਲਾ ਡਾ ਬਲਦੇਵ ਸਿੰਘ ਨੇ ਦੱਸਿਆ ਕਿ ਸਰਦੀ ਦੇ ਮੌਸਮ ਵਿੱਚ ਘਰਾਂ ਵਿੱਚ ਬੰਦ ਕਮਰੇ ਵਿੱਚ ਅੰਗੀਠੀ ਬਾਲ ਕੇ ਕਦੇ ਵੀ ਅੱਗ ਨਾ ਸੇਕੀ ਜਾਵੇ, ਕਿਉਂਕਿ ਅੱਗ ਬਲਣ ਨਾਲ ਜ਼ਹਿਰੀਲੀ ਗੈਸ (ਕਾਰਬਨ ਮੋਨੋਆਕਸਾਈਡ ਗੈਸ) ਬਣਦੀ ਹੈ ਜਿਸ ਨਾਲ ਬੰਦ ਕਮਰੇ ਵਿੱਚ ਆਕਸੀਜਨ ਦੀ ਕਮੀ ਹੋ ਜਾਂਦੀ ਹੈ, ਜੋ ਕਿ ਸਿਹਤ ਲਈ ਜਾਨਲੇਵਾ ਵੀ ਸਾਬਤ ਹੋ ਸਕਦੀ ਹੈ।
ਜ਼ਿਲ੍ਹਾ ਐਪੀਡਿਮਾਲੋਜਿਸਟ ਡਾ. ਮੁਨੀਸ ਕੁਮਾਰ ਨੇ ਦੱਸਿਆ ਕਿ ਲਗਾਤਰ ਠੰਡ ਦੇ ਸੰਪਰਕ ‘ਚ ਰਹਿਣ ਕਾਰਨ ਬਿਮਾਰੀਆਂ ਜਿਵੇਂ ਫਲੂ, ਨੱਕ ਵਗਣਾ, ਹਾਈਪੋਥਰਮੀਆ ਅਤੇ ਫਰੌਸਟਬਾਈਟ ਆਦਿ ਹੋਣ ਦੀ ਸੰਭਾਵਨਾ ਵਧ ਜਾਂਦੀ ਹੈ। ਵਿਭਾਗ ਵੱਲੋਂ ਜ਼ਿਲ੍ਹੇ ਅਧੀਨ ਆਉਂਦੇ ਹਸਪਤਾਲਾਂ ਦੇ ਸੀਨੀਅਰ ਮੈਡੀਕਲ ਅਫਸਰਾਂ ਨੂੰ ਠੰਡ ਨਾਲ ਪੀੜਤ ਮਰੀਜ਼ਾਂ ਦੇ ਇਲਾਜ ਲਈ ਹਸਪਤਾਲਾਂ ਵਿੱਚ ਲੋੜੀਂਦੇ ਇੰਤਜਾਮ ਕਰਨ ਲਈ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ।ਕੁਲਦੀਪ ਸਿੰਘ ਮਾਨ ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫਸਰ ਅਤੇ ਹਰਜੀਤ ਸਿੰਘ ਜ਼ਿਲ੍ਹਾ ਬੀ ਸੀ ਸੀ ਕੋਆਰਡੀਨੇਟਰ ਨੇ ਦੱਸਿਆ ਕਿ ਛੋਟੇ ਬੱਚੇ ਇਸ ਮੌਸਮ ‘ਚ ਜ਼ਿਆਦਾ ਬਿਮਾਰ ਹੁੰਦੇ ਹਨ ਇਸ ਲਈ ਬੱਚਿਆਂ ਨੂੰ ਗਰਮ ਕੱਪੜੇ ਪਾਉਣੇ ਚਾਹੀਦੇ ਹਨ ਅਤੇ ਬੂਟ-ਜੁਰਾਬਾਂ ਅਤੇ ਸਿਰ ਤੇ ਟੋਪੀ ਪਾਉਣੀ ਚਾਹੀਦੀ ਹੈ। ਦਮਾ ਅਤੇ ਸਾਹ ਦੀ ਬਿਮਾਰੀ ਦੇ ਮਰੀਜ ਬਹੁਤੀ ਜ਼ਿਆਦਾ ਠੰਡ ਹੋਣ ‘ਤੇ ਘਰੋਂ ਬਾਹਰ ਜਾਣ ਤੋਂ ਗੁਰੇਜ ਕਰਨ ਅਤੇ ਖੁਰਾਕ ਵਿੱਚ ਵੀ ਗਰਮ ਚੀਜ਼ਾਂ ਜਿਵੇਂ ਸੂਪ, ਚਾਹ, ਕਾਫੀ, ਸੰਤੁਲਿਤ ਖੁਰਾਕ ਦਾ ਸੇਵਨ ਕਰਨ। ਸ਼ਰੀਰ ਵਿੱਚ ਪਾਣੀ ਦੀ ਘਾਟ ਨੂੰ ਪੂਰਾ ਕਰਨ ਲਈ ਥੋੜੇ – ਥੋੜੇ ਸਮੇਂ ਬਾਅਦ ਜਾਂ ਲੋੜ ਅਨੁਸਾਰ ਕੋਸਾ ਜਾਂ ਗਰਮ ਗੁਨਗੁਨਾ ਪਾਣੀ ਪੀਤਾ ਜਾਵੇ। ਜਿਆਦਾ ਤਕਲੀਫ ਹੋਣ ‘ਤੇ ਡਾਕਟਰੀ ਸਲਾਹ ਅਨੁਸਾਰ ਇਲਾਜ ਕਰਾਉਣ ਚਾਹੀਦਾ ਹੈ।