ਲੋਕਾਂ ਦੀ ਸੁਵਿਧਾ ਲਈ ਕੰਟਰੋਲ ਰੂਮ ਸਥਾਪਿਤ
ਕੰਟਰੋਲ ਰੂਮ ਦਾ ਮੋਬਾਇਲ ਨੰਬਰ 97801-00498 ਅਤੇ 96468-15951
ਅਸ਼ੋਕ ਵਰਮਾ, ਬਠਿੰਡਾ, 27 ਦਸੰਬਰ 2024
ਜਿਲ੍ਹੇ ਦੇ ਪਿੰਡ ਜੀਵਨ ਸਿੰਘ ਵਾਲਾ ਲਾਗੇ ਇੱਕ ਨਿੱਜੀ ਕੰਪਨੀ ਦੀ ਬੱਸ ਦੇ ਡਰੇਨ ’ਚ ਡਿੱਗਣ ਕਾਰਨ 8 ਜਣਿਆਂ ਦੀ ਮੌਤ ਹੋ ਗਈ। ਇਸ ਦੀ ਪੁਸ਼ਟੀ ਬਠਿੰਡਾ ਪ੍ਰਸ਼ਾਸ਼ਨ ਵੱਲੋਂ ਹੁਣੇ ਹੁਣੇ ਕੀਤੀ ਗਈ ਹੈ। ਮ੍ਰਿਤਕਾਂ ’ਚ ਇੱਕ ਬੱਚਾ, ਦੋ ਔਰਤਾਂ ਅਤੇ ਦੋ ਪੁਰਸ਼ ਸ਼ਾਮਲ ਦੱਸੇ ਜਾ ਰਹੇ ਹਨ, ਜਦੋਂਕਿ ਦੋ ਦਰਜਨ ਤੋਂ ਜਿਆਦਾ ਸਵਾਰੀਆਂ ਦੇ ਸੱਟਾਂ ਵੀ ਵੱਜੀਆਂ ਹਨ। ਕਈ ਜਖਮੀਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਇਸ ਹਾਦਸੇ ਦੌਰਾਨ ਮਾਰੇ ਗਏ ਲੋਕਾਂ ਵਿੱਚ ਬੱਸ ਦਾ ਡਰਾਈਵਰ ਵੀ ਸ਼ਾਮਲ ਦੱਸਿਆ ਜਾ ਰਿਹਾ ਹੈ। ਹਾਦਸਾਗ੍ਰਸਤ ਪ੍ਰਾਈਵੇਟ ਬੱਸ ਤਲਵੰਡੀ ਸਾਬੋ ਤੋਂ ਬਠਿੰਡਾ ਵੱਲ ਜਾ ਰਹੀ ਸੀ ਤਾਂ ਅਚਾਨਕ ਡਰੇਨ ਰੂਪੀ ਗੰਦੇ ਨਾਲੇ ਵਿੱਚ ਜਾ ਡਿੱਗੀ। ਜਦੋਂ ਇਹ ਭਿਆਨਕ ਹਾਦਸਾ ਵਾਪਰਿਆ ਤਾਂ ਬੱਸ ਵਿੱਚ 46 ਤੋਂ ਵੱਧ ਸਵਾਰੀਆਂ ਸਫਰ ਕਰ ਰਹੀਆਂ ਸਨ।
ਮੁਢਲੇ ਤੌਰ ਤੇ ਹਾਦਸੇ ਦਾ ਕਾਰਨ ਬਾਰਿਸ਼ ਦੌਰਾਨ ਬੱਸ ਦੇ ਡਰਾਈਵਰ ਤੇ ਅਸਮਾਨੀ ਬਿਜਲੀ ਡਿੱਗਣ ਵਜੋਂ ਸਾਹਮਣੇ ਆਇਆ ਹੈ ਜਿਸ ਦੇ ਚੱਲਦਿਆਂ ਬੱਸ ਬੇਕਾਬੂ ਹੋ ਕੇ ਡਰੇਨ ਵਿੱਚ ਜਾ ਡਿੱਗੀ । ਹਾਦਸੇ ਦੀ ਸੂਚਨਾ ਮਿਲਦਿਆਂ ਹੀ ਨਜ਼ਦੀਕੀ ਪਿੰਡ ਜੀਵਨ ਸਿੰਘ ਵਾਲਾ ਅਤੇ ਹੋਰ ਥਾਵਾਂ ਤੋਂ ਆਲੇ ਦੁਆਲੇ ਦੇ ਪਿੰਡਾਂ ਦੇ ਲੋਕ ਮੌਕੇ ਤੇ ਪੁੱਜੇ ਅਤੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ। ਜਿਸ ਡਰੇਨ ’ਚ ਬੱਸ ਡਿੱਗੀ ਉਹ ਗੰਦੇ ਪਾਣੀ ਨਾਲ ਭਰੀ ਹੋਈ ਸੀ। ਉਪਰੋਂ ਲਗਾਤਾਰ ਪੈ ਰਹੀ ਬਾਰਸ਼ ਕਾਰਨ ਬਚਾਓ ਕਾਰਜਾਂ ਵਿੱਚ ਲੱਗੀਆਂ ਟੀਮਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਇਸੇ ਦੌਰਾਨ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਅਤੇ ਐਸਐਸਪੀ ਅਮਨੀਤ ਕੌਂਡਲ ਵੀ ਮੌਕੇ ਤੇ ਪੁੱਜੇ ਅਤੇ ਰਾਹਤ ਕਾਰਜਾਂ ਦਾ ਜਾਇਜਾ ਲਿਆ। ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਹਾਦਸੇ ਬਾਰੇ ਗੱਲ ਕਰਦਿਆਂ ਦੱਸਿਆ ਕਿ ਸਰਦੂਲਗੜ੍ਹ ਤੋਂ ਬਠਿੰਡਾ ਨੂੰ ਆ ਰਹੀ ਇੱਕ ਪ੍ਰਾਈਵੇਟ ਬੱਸ ਜ਼ਿਲ੍ਹੇ ਦੇ ਪਿੰਡ ਜੀਵਨ ਸਿੰਘ ਵਾਲਾ ਵਿਖੇ ਗੰਦੇ ਨਾਲੇ ਵਿੱਚ ਡਿੱਗਣ ਕਰਕੇ ਅੱਠ ਮੌਤਾਂ ਹੋਈਆਂ ਹਨ। ਇਸ ਉਪਰੰਤ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਪਾਰਟੀਆਂ ਮੌਕੇ ‘ਤੇ ਹੀ ਤੁਰੰਤ ਘਟਨਾ ਵਾਲੇ ਸਥਾਨ ‘ਤੇ ਪਹੁੰਚੀਆਂ ਅਤੇ ਐਨਡੀਆਰਐਫ ਅਤੇ ਲੋਕਲ ਵਲੰਟੀਅਰਾਂ ਦੇ ਸਹਿਯੋਗ ਨਾਲ ਹਾਦਸਾ ਗ੍ਰਸਤ ਬੱਸ ‘ਚੋਂ ਮੁਸਾਫਰਾਂ ਨੂੰ ਬਚਾਇਆ ਗਿਆ। ਉਨਾਂ ਦੱਸਿਆ ਕਿ 46 ਮੁਸਾਫ਼ਿਰ ਇਸ ਹਾਦਸੇ ਦੀ ਲਪੇਟ ਵਿੱਚ ਆਏ ਹਨ, ਜਿਨਾਂ ਵਿੱਚੋਂ ਅੱਠ ਵਿਅਕਤੀਆਂ ਨੂੰ ਮ੍ਰਿਤਕ ਐਲਾਨਿਆ ਗਿਆ ਜਦ ਕਿ ਬਾਕੀਆਂ ਨੂੰ ਤਲਵੰਡੀ ਸਾਬੋ ਅਤੇ ਜਿਲ੍ਹਾ ਹਸਪਤਾਲ ਬਠਿੰਡਾ ਵਿਖੇ ਜੇਰੇ ਇਲਾਜ ਲਈ ਭੇਜਿਆ ਗਿਆ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਹਾਦਸੇ ਵਿੱਚ ਮ੍ਰਿਤਕਾਂ ਦੀ ਪਹਿਚਾਣ ਦਾ ਹਾਲੇ ਪਤਾ ਨਹੀਂ ਲਗਾਇਆ ਗਿਆ ਜਦੋਂ ਵੀ ਇਸ ਬਾਰੇ ਪਤਾ ਲਗਾਇਆ ਜਾਂਦਾ ਹੈ ਤਾਂ ਸਮੇਂ ਸਿਰ ਜਾਣਕਾਰੀ ਸਾਂਝੀ ਕੀਤੀ ਜਾਵੇਗੀ, ਉਹਨਾਂ ਇਹ ਵੀ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਪਬਲਿਕ ਦੀ ਸੁਵਿਧਾ ਲਈ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ ਜਿਨਾਂ ਦਾ ਮੋਬਾਇਲ ਨੰਬਰ 97801-00498 ਅਤੇ 96468-15951 ਹੈ।