ਸਿਹਤ ਵਿਭਾਗ ਨੂੰ ਜ਼ਿਲ੍ਹਾ ਬਰਨਾਲਾ ਵਾਸੀਆਂ ਦਾ ਸਹਿਯੋਗ ਜ਼ਰੂਰੀ: ਸਿਵਲ ਸਰਜਨ
ਰਘਵੀਰ ਹੈਪੀ, ਬਰਨਾਲਾ 5 ਮਾਰਚ 2025
ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ – ਨਿਰਦੇਸ਼ਾਂ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਰਹਿਨੁਮਾਈ ਹੇਠ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਟੀ. ਬੈਨਿਥ ਦੀ ਅਗਵਾਈ ਹੇਠ ਯੁੱਧ ਨਸ਼ਿਆਂ ਵਿਰੁੱਧ ਤਹਿਤ ਸਿਹਤ ਵਿਭਾਗ ਵਲੋਂ ਜਾਗਰੂਕਤਾ ਗਤੀਵਿਧੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।
ਇਸ ਤਹਿਤ ਸਿਵਲ ਸਰਜਨ ਬਰਨਾਲਾ ਡਾ. ਬਲਦੇਵ ਸਿੰਘ ਸੰਧੂ ਦੀ ਅਗਵਾਈ ਹੇਠ ਨਸ਼ਾ ਛੁਡਾਊ ਕੇਂਦਰ ਸਿਵਲ ਹਸਪਤਾਲ ਵਿਖੇ ਜਾਗਰੂਕਤਾ ਪ੍ਰੋਗਰਾਮ ਕੀਤਾ ਗਿਆ। ਇਸ ਮੌਕੇ ਸਿਵਲ ਸਰਜਨ ਬਰਨਾਲਾ ਨੇ ਦੱਸਿਆ ਕਿ ਨਸ਼ੇ ਵਿਅਕਤੀ ਨੂੰ ਸਰੀਰਕ, ਮਾਨਸਿਕ , ਆਰਥਿਕ ਤੇ ਸਮਾਜਿਕ ਤੌਰ ‘ਤੇ ਕਮਜ਼ੋਰ ਬਣਾ ਦਿੰਦੇ ਹਨ।
ਇਸ ਸਮੇਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ-ਕਮ-ਡਿਪਟੀ ਮੈਡੀਕਲ ਕਮਿਸ਼ਨਰ ਡਾ. ਗੁਰਮਿੰਦਰ ਕੌਰ ਔਜਲਾ ਨੇ ਦੱਸਿਆ ਕਿ ਨਸ਼ਿਆਂ ਦੇ ਆਦੀ ਵਿਅਕਤੀ ਦਾ ਜ਼ਿਲ੍ਹਾ ਨਸ਼ਾ ਛਡਾਊ ਕੇਂਦਰ ਸਿਵਲ ਹਸਪਤਾਲ ਬਰਨਾਲਾ ਵਿੱਚ ਮੁਫਤ ਇਲਾਜ ਅਤੇ ਕਾਊਂਸਲਿੰਗ ਕੀਤੀ ਜਾਂਦੀ ਹੈ ਤਾਂ ਜੋ ਉਹ ਸਿਹਤਮੰਦ ਜੀਵਨ ਬਤੀਤ ਕਰ ਸਕਣ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 12 ਸਿਹਤ ਕੇਂਦਰਾਂ ਵਿੱਚ ਓਟ ਕਲੀਨਿਕ ਚੱਲ ਰਹੇ ਹਨ।
ਡਾ. ਤਪਿੰਦਰਜੋਤ ਕੌਸ਼ਲ ਐਸ.ਐਮ.ਓ. ਸਿਵਲ ਹਸਪਤਾਲ ਬਰਨਾਲਾ ਨੇ ਦੱਸਿਆ ਨਸ਼ਾ ਕਰਨ ਵਾਲੇ ਵਿਅਕਤੀ ਨੂੰ ਡਾਕਟਰੀ ਸਲਾਹ ਅਨੁਸਾਰ ਨਸ਼ਿਆਂ ਤੋਂ ਛੁਟਕਾਰਾ ਪਾਉਣਾ ਚਾਹੀਦਾ ਹੈ। ਸਿਵਲ ਹਸਪਤਾਲ ਦੇ ਮਨੋਰੋਗਾਂ ਦੇ ਮਾਹਿਰ ਡਾਕਟਰ ਵੱਲੋਂ ਨਸ਼ਿਆਂ ਦੀ ਆਦਤ ਅਨੁਸਾਰ ਦੇਖਿਆ ਜਾਂਦਾ ਹੈ ਕਿ ਉਸ ਨੂੰ ਕਿਸ ਤਰਾਂ ਦੇ ਇਲਾਜ ਦੀ ਜ਼ਰੂਰਤ ਹੈ।
ਡਾ. ਗਗਨਦੀਪ ਸਿੰਘ ਸੇਖੋਂ ਅਤੇ ਡਾ. ਲਿਪਸੀ ਮੋਦੀ ਮਾਨਸਿਕ ਰੋਗਾਂ ਦੇ ਮਾਹਿਰ ਨੇ ਦੱਸਿਆ ਕਿ ਨਸ਼ਿਆਂ ਦਾ ਲਗਾਤਰ ਸੇਵਨ ਕਰਨ ਨਾਲ ਸਰੀਰ ਨੂੰ ਬਹੁਤ ਸਾਰੀਆਂ ਬਿਮਾਰੀਆਂ ਜਿਵੇਂ ਬਲੱਡ ਪ੍ਰੈਸ਼ਰ, ਕੈਂਸਰ, ਹੈਪੇਟਾਇਟਸ ਅਤੇ ਗੁਰਦਿਆਂ ਦੀਆਂ ਬਿਮਾਰੀਆਂ ਹੋ ਜਾਂਦੀਆਂ ਹਨ ਅਤੇ ਸਰੀਰਿਕ ਕਮਜ਼ੋਰੀ, ਦਿਲ, ਜਿਗਰ, ਮਿਹਦਾ, ਫੇਫੜੇ ਤੇ ਦਿਮਾਗ ਆਦਿ ਅੰਗਾਂ ‘ਤੇ ਮਾੜਾ ਅਸਰ ਪੈਂਦਾ ਹੈ।
ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਕੁਲਦੀਪ ਸਿੰਘ ਮਾਨ, ਸੁਖਵਿੰਦਰ ਸਿੰਘ, ਸਤਨਾਮ ਸਿੰਘ ਅਤੇ ਰਾਜਵੀਰ ਕੌਰ ਕਾਊਂਸਲਰ ਨੇ ਦੱਸਿਆ ਕਿ ਜ਼ਿਆਦਾਤਰ ਨਸ਼ੇ ਦੀ ਭੈੜੀ ਆਦਤ 15 ਸਾਲ ਤੋਂ 25 ਸਾਲ ਦੀ ਉਮਰ ‘ਚ ਲੱਗਦੀ ਹੈ। ਇਸ ਅਵਸਥਾ ‘ਚ ਮਾਪਿਆਂ ਨੂੰ ਆਪਣੇ ਬੱਚਿਆਂ ਦਾ ਪੂਰਾ ਧਿਆਨ ਰੱਖਣਾ ਚਾਹੀਦਾ ਹੈ।