ਕਿਨੂੰ ਦੇ ਮੰਡੀਕਰਨ ਵਿਚ ਕਿਸਾਨਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਦਿੱਕਤ- ਮੁੱਖ ਮੰਤਰੀ
ਮੁੱਖ ਮੰਤਰੀ ਨੇ ਫਾਜਿਲਕਾ ਦੇ ਲੋਕਾਂ ਦੇ ਸਵਾਲਾਂ ਦੇ ਦਿੱਤੇ ਜਵਾਬ
ਬੀ.ਟੀ.ਐਨ. ਫਾਜਿਲਕਾ, 12 ਜੁਲਾਈ 2020
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਪਣੇ ਹਫਤਾਵਾਰੀ ਫੇਸਬੁੱਕ ਲਾਈਵ ਸੈਸਨ ਦੌਰਾਨ ਪੰਜਾਬ ਵਾਸੀਆਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਭਰੋਸਾ ਦਿੱਤਾ ਹੈ ਕਿ ਸੂਬਾ ਸਰਕਾਰ ਸਾਰੇ ਢੁੱਕਵੇਂ ਇੰਤਜਾਮ ਕਰੇਗੀ ਕਿ ਫਾਜਿਲਕਾ ਜਿਲ੍ਹੇ ਦੇ ਕਿਸਾਨਾਂ ਨੂੰ ਕਿਨੂੰ ਦੇ ਮੰਡੀਕਰਨ ਵਿਚ ਕੋਈ ਦਿੱਕਤ ਨਾ ਆਵੇ।
ਫਾਜਿਲਕਾ ਜਿਲ੍ਹੇ ਦੇ ਮਹਿੰਦਰ ਕੁਮਾਰ ਨਾਂਅ ਦੇ ਸਖਸ ਨੇ ਕਿਹਾ ਸੀ ਕਿ ਅਗਾਮੀ ਸੀਜਨ ਦੌਰਾਨ ਕਰੋਨਾ ਦੇ ਵਾਧੇ ਦੇ ਮੱਦੇਨਜਰ ਜਿਲ੍ਹੇ ਦੇ ਕਿਸਾਨਾਂ ਨੂੰ ਕਿਨੂੰ ਦੇ ਮੰਡੀਕਰਨ ਵਿਚ ਦਿੱਕਤ ਆ ਸਕਦੀ ਹੈ। ਇਸ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਇਸ ਸਬੰਧੀ ਯਕੀਨੀ ਬਣਾਏਗੀ ਕਿ ਕਿਨੂੰ ਉਤਪਾਦਕਾਂ ਨੂੰ ਮੰਡੀਕਰਨ ਵਿਚ ਕੋਈ ਦਿੱਕਤ ਨਾ ਆਵੇ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਵੱਲੋਂ ਇਸ ਸਬੰਧੀ ਸਬੰਧਤ ਵਿਭਾਗ ਨੂੰ ਕਾਰਵਾਈ ਲਈ ਕਿਹਾ ਗਿਆ ਹੈ।
ਇਸੇ ਤਰਾਂ ਫਾਜਿਲਕਾ ਜਿਲ੍ਹੇ ਦੇ ਹਰਮੀਤ ਸਿੰਘ ਵੱਲੋਂ ਪੁੱਛੇ ਸਵਾਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨ ਨੌਕਰੀ ਲਈ ਲਈਆਂ ਜਾਣ ਵਾਲੀਆਂ ਪ੍ਰੀਖਿਆਵਾਂ ਦੀ ਤਿਆਰੀ ਰੱਖਣ। ਸਰਕਾਰ ਵੱਲੋਂ ਇਸ ਸਬੰਧੀ ਸਮੇਂ ਸਮੇਂ ਤੇ ਸਰਕਾਰੀ ਨੌਕਰੀਆਂ ਲਈ ਪ੍ਰੀਖਿਆਵਾਂ ਲਈਆਂ ਜਾਣਗੀਆਂ ਅਤੇ ਸਾਡੇ ਨੌਜਵਾਨਾਂ ਦੀਆਂ ਸਰਕਾਰੀ ਨੌਕਰੀ ਦੀਆਂ ਇੱਛਾਵਾਂ ਨੂੰ ਜਲਦ ਬੂਰ ਪਵੇਗਾ।
ਇਸ ਲਾਈਵ ਸੈਸਨ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਡਾਕਟਰਾਂ ਵੱਲੋਂ ਦੱਸੀਆਂ ਜਰੂਰੀ ਸਾਵਧਾਨੀਆਂ ਦਾ ਸਖਤੀ ਨਾਲ ਪਾਲਣ ਕਰਨ ਕਿਉਂਕਿ ਇਹੀ ਇਕ ਤਰੀਕਾ ਹੈ ਜਿਸ ਨਾਲ ਅਸੀਂ ਮਨੁੱਖਤਾ ਲਈ ਖਤਰਾ ਬਣੇ ਕਰੋਨਾ ਨੂੰ ਹਰਾ ਕੇ ਇਸ ਜੰਗ ਵਿਚ ਫਤਿਹ ਹਾਸਲ ਕਰ ਸਕਦੇ ਹਾਂ।