ਨਸ਼ਿਆਂ ਦੇ ਸੰਪੂਰਨ ਖ਼ਾਤਮੇ ਲਈ ਪੰਜਾਬ ਸਰਕਾਰ ਵਚਨਬੱਧ, ਹਲਕਾ ਇੰਚਾਰਜ ਹਰਿੰਦਰ ਧਾਲੀਵਾਲ
ਰਘਵੀਰ ਹੈਪੀ, ਬਰਨਾਲਾ 16 ਮਈ 2025
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਦੇ ਤਹਿਤ ਹਲਕਾ ਬਰਨਾਲਾ ਦੀ ਨਸ਼ਾ ਮੁਕਤੀ ਯਾਤਰਾ ਅੱਜ ਪਿੰਡ ਸੇਖਾ ਅਤੇ ਝਲੂਰ ਵਿਖੇ ਪੁੱਜੀ ਜਿਥੇ ਵਿਸ਼ੇਸ਼ ਸਮਾਗਮ ਕਰਵਾਏ ਗਏ। ਇਸ ਮੌਕੇ ਬੋਲਦਿਆਂ ਹਲਕਾ ਇੰਚਾਰਜ ਸ਼੍ਰੀ ਹਰਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਸਰਕਾਰ ਵੱਲੋਂ ਪਿੰਡ ਵਾਸੀਆਂ ਨੂੰ ਪਿੰਡਾਂ ਦੇ ਪਹਿਰੇਦਾਰਾਂ ਦੇ ਰੂਪ ਵਿਚ ਨਾਲ ਲੈ ਕੇ ਨਸ਼ਿਆਂ ਖਿਲਾਫ ਮੋਰਚਾ ਖੋਲਿਆ ਗਿਆ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਨੇ ਨਾ ਕੇਵਲ ਨਸ਼ਿਆਂ ਦੀ ਸਪਲਾਈ ਚੇਨ ਤੋੜੀ ਹੈ ਬਲਕਿ ਨਸ਼ਾ ਪੀੜਤ ਲੋਕਾਂ ਦੇ ਮੁੜ ਵਸੇਬੇ ਲਈ ਵੀ ਕੰਮ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਨਸ਼ਿਆਂ ਦੀ ਕਮਾਈ ਤੋਂ ਬਣਾਏ ਗਏ ਨਸ਼ਾ ਤਸਕਰਾਂ ਦੇ ਘਰ ਵੀ ਤੋੜ ਦਿੱਤੇ ਗਏ ਹਨ।

ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ਵੱਲੋਂ ਵੱਡੇ ਪੱਧਰ ‘ਤੇ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਜੇਲ ਭੇਜਿਆ ਗਿਆ ਹੈ ਅਤੇ ਨਾਲ ਹੀ ਲੋਕ ਵੀ ਨਸ਼ਾ ਤਸਕਰਾਂ ਦੀ ਸੂਚਨਾ ਦੇਣ। 

ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਨਜ਼ਦੀਕ ਕੋਈ ਨਸ਼ਾ ਵੇਚਦਾ ਹੈ ਤਾਂ ਉਸ ਦੀ ਸੂਚਨਾ ਦਿੱਤੀ ਜਾਵੇ, ਸੂਚਨਾ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ। ਜੇਕਰ ਕੋਈ ਨਸ਼ੇ ਤੋਂ ਪੀੜਤ ਹੈ ਤਾਂ ਉਸ ਬਾਰੇ ਵੀ ਜਾਣਕਾਰੀ ਦਿੱਤੀ ਜਾਵੇ, ਸਰਕਾਰ ਵੱਲੋਂ ਉਸਦਾ ਮੁਫਤ ਨਸ਼ਾ ਛੁੜਾਇਆ ਜਾਵੇਗਾ ਅਤੇ ਇਲਾਜ ਕਰਵਾਇਆ ਜਾਵੇਗਾ। ਇਸ ਮੌਕੇ ਉਨਾਂ ਦੇ ਨਾਲ ਉਪ ਮੰਡਲ ਮੈਜਿਸਟਰੇਟ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਅਟਵਾਲ, ਬੀ ਡੀ ਪੀ ਓ ਸ਼੍ਰੀ ਸੁਖਵਿੰਦਰ ਸਿੰਘ ਸਿੱਧੂ, ਐੱਸ ਐਮ ਓ ਡਾ ਸਤਵੰਤ ਸਿੰਘ, ਐਸ ਐਚ ਓ ਧਨੌਲਾ ਸ਼੍ਰੀ ਲਖਵੀਰ ਸਿੰਘ ਅਤੇ ਹੋਰ ਲੋਕ ਹਾਜ਼ਰ ਸਨ।