ਵਿਜੀਲੈਂਸ ਨੇ ਫਿਰ ਫੜ੍ਹਿਆ ਨਾਇਬ ਤਹਿਸੀਲਦਾਰ, ਆਮਦਨ ਦੇ ਵਸੀਲਿਆਂ ਤੋਂ 7.59 ਕਰੋੜ ਤੋਂ ਵੱਧ ਦੀ ਬਣਾਈ ਪ੍ਰੋਪਰਟੀ

Advertisement
Spread information

ਅਨੁਭਵ ਦੂਬੇ, ਚੰਡੀਗੜ੍ਹ 17 ਜੂਨ 2025 

      ਵਿਜੀਲੈਂਸ ਬਿਊਰੋ ਦੀ ਟੀਮ ਨੇ ਆਮਦਨ ਦੇ ਵਸੀਲਿਆਂ ਤੋਂ 211.54 ਫ਼ੀਸਦ ਜਿਆਦਾ ਜਾਇਦਾਦ ਬਣਾਉਣ ਦੇ ਦੋਸ਼ ਵਿੱਚ ਬਰਖਾਸਤ ਨਾਇਬ ਤਹਿਸੀਲਦਾਰ ਨੂੰ ਗ੍ਰਿਫਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਅਨੁਸਾਰ ਪੰਜਾਬ ‘ਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਬਰਖਾਸਤ ਨਾਇਬ ਤਹਿਸੀਲਦਾਰ ਵਰਿੰਦਰਪਾਲ ਸਿੰਘ ਧੂਤ ਵਾਸੀ ਪਿੰਡ ਧੂਤ ਕਲਾਂ, ਹੁਸ਼ਿਆਰਪੁਰ ਨੂੰ ਆਮਦਨ ਤੋਂ ਵੱਧ ਜਾਇਦਾਦ ਰੱਖਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਇਹ ਖੁਲਾਸਾ ਕਰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਇਹ ਗ੍ਰਿਫ਼ਤਾਰੀ ਜਲੰਧਰ ਰੇਂਜ ਵੱਲੋਂ ਕੀਤੀ ਗਈ ਵਿਜੀਲੈਂਸ ਜਾਂਚ ਤੋਂ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ। ਜਿਸ ਵਿੱਚ ਧੂਤ ਵੱਲੋਂ ਆਪਣੇ ਅਤੇ ਆਪਣੇ ਪਰਿਵਾਰਕ ਮੈਂਬਰਾਂ ਦੇ ਨਾਂ ’ਤੇ ਆਪਣੀ ਜਾਇਜ਼ ਕਮਾਈ ਤੋਂ ਵੱਧ ਜਾਇਦਾਦ ਇਕੱਠੀ ਕਰਨ ਦੇ ਦੋਸ਼ਾਂ ਦੀ ਜਾਂਚ ਕੀਤੀ ਗਈ ਸੀ ।

      ਬੁਲਾਰੇ ਨੇ ਅੱਗੇ ਕਿਹਾ ਕਿ ਤਫ਼ਤੀਸ਼ ਦੌਰਾਨ 1 ਜਨਵਰੀ, 2009 ਤੋਂ 31 ਦਸੰਬਰ, 2018 ਤੱਕ ਦੀ ਮਿਆਦ ਦੀ ਜਾਂਚ ਕੀਤੀ ਗਈ ਸੀ। ਜਾਂਚ ਤੋਂ ਪਤਾ ਲੱਗਾ ਹੈ ਕਿ ਇਸ ਵਕਫ਼ੇ ਦੌਰਾਨ ਧੂਤ ਦੇ ਸਾਰੇ  ਸਰੋਤਾਂ ਅਤੇ ਵਸੀਲਿਆਂ ਤੋਂ ਕੁੱਲ ਆਮਦਨ 3,58,97,111.59 ਰੁਪਏ ਸੀ। ਜਦਕਿ ਉਸ ਦਾ ਕੁੱਲ ਖਰਚ ਅਤੇ ਜਾਇਦਾਦ 11,18,34,544.22 ਰੁਪਏ ਦੀ ਸੀ- ਜੋ ਉਸ ਦੀ ਕਾਨੂੰਨੀ ਆਮਦਨ ਨਾਲੋਂ 7,59,37,432.63 ਰੁਪਏ (211.54 ਫ਼ੀਸਦ) ਵੱਧ ਹੈ।

     ਬੁਲਾਰੇ ਨੇ ਦੱਸਿਆ ਕਿ ਇਸ ਮਹੱਤਵਪੂਰਨ ਅਸਮਾਨਤਾ ਤੋਂ ਪਤਾ ਲਗਦਾ ਹੈ ਕਿ ਧੂਤ ਨੇ ਇੱਕ ਜਨਤਕ ਸੇਵਕ ਵਜੋਂ ਸੇਵਾ ਨਿਭਾਉਂਦੇ ਹੋਏ, ਬੇਹਿਸਾਬੀ ਅਚੱਲ ਅਤੇ ਚੱਲ ਜਾਇਦਾਦ ਪ੍ਰਾਪਤ ਕੀਤੀ ਅਤੇ ਆਪਣੀ ਜਾਇਜ਼ ਕਮਾਈ ਤੋਂ ਕਿਤੇ ਵੱਧ ਫੰਡ ਖਰਚ ਕੀਤੇ, ਜੋ ਭ੍ਰਿਸ਼ਟਾਚਾਰ ਵਿਰੋਧੀ ਕਾਨੂੰਨਾਂ ਦੀ ਸਿੱਧੀ-ਸਿੱਧੀ ਉਲੰਘਣਾ ਹੈ। ਇਸ ਸਬੰਧ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਪੁਲਿਸ ਥਾਣਾ, ਜਲੰਧਰ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਸ ਨੂੰ ਕੱਲ੍ਹ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਕੇਸ ਦੀ ਅਗਲੀ ਜਾਂਚ ਜਾਰੀ ਹੈ।

Advertisement
Advertisement
Advertisement
Advertisement
error: Content is protected !!