ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਸੂਬੇ ‘ਚ ਐੱਸ ਸੀ ਭਾਈਚਾਰੇ ਦੇ ਹੱਕਾਂ ਦੀ ਭਲਾਈ ਲਈ ਵਚਨਬੱਧ: ਰੁਪਿੰਦਰ ਸੀਤਲ
ਰਘਵੀਰ ਹੈਪੀ, ਬਰਨਾਲਾ 8 ਜੁਲਾਈ 2025
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਕਮਿਸ਼ਨ ਦੇ ਮੈਂਬਰ ਰੁਪਿੰਦਰ ਸਿੰਘ ਸ਼ੀਤਲ ਨੂੰ ਸੂਬੇ ਦੇ ਅੱਠ ਜਿਲ੍ਹਿਆਂ ਦੀ ਜਿੰਮੇਵਾਰੀ ਦਿੱਤੀ ਗਈ ਹੈ। ਮੀਡੀਆ ਨਾਲ ਇਹ ਜਾਣਕਾਰੀ ਖੁਦ ਰੁਪਿੰਦਰ ਸਿੰਘ ਸ਼ੀਤਲ ਨੇ ਸਾਂਝੀ ਕੀਤੀ। ਉਨਾਂ ਕਿਹਾ ਕਿ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ, ਪੰਜਾਬ ਵਿੱਚ ਐੱਸ ਸੀ ਭਾਈਚਾਰੇ ਦੀ ਭਲਾਈ ਅਤੇ ਉਨਾਂ ਹੱਕਾਂ ਦੀ ਬਹਾਲੀ ਲਈ ਪੂਰੀ ਤਰਾਂ ਵਚਨਬੱਧ ਹੈ।
ਇਸ ਸਬੰਧੀ ਗੱਲਬਾਤ ਕਰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਰੁਪਿੰਦਰ ਸਿੰਘ ਸੀਤਲ ਨੇ ਦੱਸਿਆ ਕਿ ਚੇਅਰਮੈਨ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਓਨ੍ਹਾਂ ਨੂੰ 8 ਜ਼ਿਲ੍ਹਿਆਂ ਬਰਨਾਲਾ, ਸ਼ਹੀਦ ਭਗਤ ਸਿੰਘ ਨਗਰ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਲੁਧਿਆਣਾ, ਮਾਨਸਾ ਅਤੇ ਬਠਿੰਡਾ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ ਜਿੱਥੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਇਨ੍ਹਾਂ ਜ਼ਿਲ੍ਹਿਆਂ ਵਿੱਚ ਕਿਸੇ ਵੀ ਅਨੁਸੂਚਿਤ ਜਾਤੀ ਭਾਈਚਾਰੇ ਦੇ ਵਿਅਕਤੀ ਨਾਲ ਕਿਸੇ ਤਰ੍ਹਾਂ ਦੀ ਵਧੀਕੀ ਅਤੇ ਅੱਤਿਆਚਾਰ ਨਾ ਹੋਵੇ ਅਤੇ ਉਨ੍ਹਾਂ ਨੂੰ ਬਿਨਾਂ ਦੇਰੀ ਅਤੇ ਕਿਸੇ ਖੱਜਲ ਖੁਆਰੀ ਤੋਂ ਬਿਨਾਂ ਸਮੇਂ ਸਿਰ ਇਨਸਾਫ਼ ਦਿਵਾਇਆ ਜਾ ਸਕੇ।
ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਐੱਸ ਸੀ ਭਾਈਚਾਰੇ ਨੂੰ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਵੀ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਲੋੜਵੰਦ ਵਿਅਕਤੀ ਸਕੀਮਾਂ ਦਾ ਲਾਭ ਲੈ ਸਕਣ ਜਿਵੇਂ ਕਿ ਆਸ਼ੀਰਵਾਦ ਸਕੀਮ, SC/ST ਅੱਤਿਆਚਾਰ ਰੋਕਥਾਮ ਐਕਟ 1989, ਸਕਾਲਰਸ਼ਿਪ ਸਕੀਮ, ਪੰਜਾਬ ਪੱਛੜੀਆਂ ਸ਼੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਵਲੋਂ ਚਲਾਈਆਂ ਜਾ ਰਹੀਆਂ ਰੋਜ਼ਗਾਰ ਸਕੀਮਾਂ, ਕਰਜ਼ਾ ਸਕੀਮਾਂ ਆਦਿ।
ਉਨ੍ਹਾਂ ਕਿਹਾ ਕਿ ਐੱਸ ਸੀ ਭਾਈਚਾਰੇ ਨਾਲ ਸਬੰਧਤ ਕਿਸੇ ਵੀ ਵਿਅਕਤੀ ਨੂੰ ਜੇਕਰ ਕੋਈ ਦਿੱਕਤ ਪੇਸ਼ ਆਉਂਦੀ ਹੈ ਜਾਂ ਓਹ ਕਿਸੇ ਵੀ ਵਧੀਕੀ ਦਾ ਸ਼ਿਕਾਰ ਹੈ ਤਾਂ ਉਹ ਬਿਨਾਂ ਝਿਜਕ ਅਤੇ ਵਿਚੋਲਿਆਂ ਤੋਂ ਉਨ੍ਹਾਂ ਰਾਹੀਂ ਕਮਿਸ਼ਨ ਤੱਕ ਪਹੁੰਚ ਕਰ ਸਕਦਾ ਹੈ ਤਾਂ ਜੋ ਉਸ ਨੂੰ ਜਲਦ ਤੋਂ ਜਲਦ ਇਨਸਾਫ਼ ਦਿਵਾਇਆ ਜਾਵੇ ਅਤੇ ਦੋਸ਼ੀਆਂ ਨੂੰ ਕਟਿਹਰੇ ਵਿੱਚ ਖੜ੍ਹਾ ਕੀਤਾ ਜਾ ਸਕੇ।







