ਗਊਸ਼ਾਲਾ ਵਿਚ ਖਾਮੀਆਂ ਬਾਰੇ ਸ਼ਿਕਾਇਤ ਮਿਲਣ ’ਤੇ ਕਮਿਸ਼ਨ ਨੇ ਲਿਆ ਗੰਭੀਰ ਨੋਟਿਸ
ਅਜੀਤ ਸਿੰਘ ਕਲਸੀ ਬਰਨਾਲਾ, 22 ਜੁਲਾਈ 2020
ਜ਼ਿਲ੍ਹਾ ਬਰਨਾਲਾ ਦੀ ਮਨਾਲ ਗਊਸ਼ਾਲਾ ਵਿਚ ਗਊਧਨ ਦੀ ਸੁਚੱਜੀ ਦੇਖਭਾਲ ਨਾ ਹੋਣ, ਹਰੇ ਚਾਰੇ ਦੀ ਕਮੀ ਤੇ ਹੋਰ ਸਬੰਧਤ ਸ਼ਿਕਾਇਤਾਂ ਮਿਲਣ ’ਤੇ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ, ਜ਼ਿਲ੍ਹਾ ਪਸ਼ੂ ਭਲਾਈ ਸੁਸਾਇਟੀ ਬਰਨਾਲਾ ਨੂੰ 10 ਦਿਨਾਂ ਦੇ ਅੰਦਰ ਕਮਿਸ਼ਨ ਕੋਲ ਮੁਕੰਮਲ ਰਿਪੋਰਟ ਪੇਸ਼ ਕਰਨ ਲਈ ਆਖਿਆ ਗਿਆ ਹੈ। ਇਹ ਪ੍ਰਗਟਾਵਾ ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸਚਿਨ ਸ਼ਰਮਾ ਵੱਲੋਂ ਕੀਤਾ ਗਿਆ।
ਚੇਅਰਮੈਨ ਸਚਿਨ ਸ਼ਰਮਾ ਨੇ ਪ੍ਰੈਸ ਬਿਆਨ ਰਾਹੀਂ ਆਖਿਆ ਕਿ ਕੈਟਲ ਪਾਊਂਡ ਮਨਾਲ 13 ਏਕੜ ਵਿੱਚ ਬਣਿਆ ਹੋਇਆ ਹੈ, ਜਿਸ ਵਿਚ ਖਾਮੀਆਂ ਬਾਰੇ ਸਥਾਨਕ ਲੋਕਾਂ ਵੱਲੋਂ ਮਸਲਾ ਕਮਿਸ਼ਨ ਦੇ ਧਿਆਨ ਵਿਚ ਲਿਆਂਦਾ ਗਿਆ ਸੀ। ਜਿਸ ਦਾ ਕਮਿਸ਼ਨ ਨੇ ਗੰਭੀਰ ਨੋਟਿਸ ਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿੱਥੇ ਗਊਧਨ ਦੀ ਸੇਵਾ ਸੰਭਾਲ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ, ਉਥੇ ਪ੍ਰਸ਼ਾਸਨ ਵੱਲੋਂ ਇਸ ਸਬੰਧੀ ਸੰਜੀਦਗੀ ਦਿਖਾਈ ਜਾਣੀ ਚਾਹੀਦੀ ਹੈ।
ਚੇਅਰਮੈਨ ਨੇ ਕਿਹਾ ਕਿ ਪੰਜਾਬ ਦੀਆਂ ਗਉਸ਼ਲਾਵਾਂ ਨੂੰ ਬਿਹਤਰ ਬਣਾਉਣ ਲਈ ਕਮਿਸ਼ਨ ਵੱਲੋਂ ਵਿਸੇਸ਼ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਗਊ ਵੰਸ਼ ਦਾ ਪਾਲਣ-ਪੋਸ਼ਣ ਸਹੀ ਢੰਗ ਨਾਲ ਹੋ ਸਕੇ। ਉਨ੍ਹਾਂ ਕਿਹਾ ਗਊ ਸੇਵਾ ਕਮਿਸ਼ਨ ਵੱਲੋਂ ਸਾਰੇ ਸਮਾਜ ਸੇਵੀ ਸੰਗਠਨਾਂ ਨੂੰ ਸੱਦਾ ਦਿੱਤਾ ਜਾਂਦਾ ਹੈ ਕਿ ਜਿੱਥੇ ਗਊ ਧਨ ਦੇ ਸੁਰੱਖਿਅਤ ਨਾ ਹੋਣ ਦਾ ਮਾਮਲਾ ਸਾਹਮਣੇ ਆਉਂਦਾ ਹੈ, ਉਸ ਸਬੰਧੀ ਕਮਿਸ਼ਨ ਨੂੰ ਫੋਨ ’ਤੇ ਸੂਚਨਾ ਦਿੱਤੀ ਜਾ ਸਕਦੀ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੂੰ ਗਰਮੀ ਵਿੱਚ ਗਊਧਨ ਲਈ ਚਾਰੇ ਅਤੇ ਪਾਣੀ ਦੇ ਵਿਸੇਸ਼ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਆਖਿਆ ਗਿਆ ਹੈ ਤੇ ਡਿਪਟੀ ਕਮਿਸ਼ਨਰ ਨੂੰ ਮੁਕੰਮਲ ਰਿਪੋਰਟ 10 ਦਿਨਾਂ ਵਿਚ ਦੇਣ ਲਈ ਕਿਹਾ ਗਿਆ ਹੈ।