ਗ੍ਰਿਫ਼ਤਾਰ ਰੋਡਵੇਜ਼ ਆਗੂਆਂ ਦੇ ਹੱਕ ਵਿੱਚ ਨਿੱਤਰੇ ਸਿਹਤ ਕਰਮਚਾਰੀ, ਨਿੱਜੀਕਰਨ ਰੋਕਣ ਦੀ ਚੇਤਾਵਨੀ
ਰਘਬੀਰ ਹੈਪੀ, ਬਰਨਾਲਾ 29 ਨਵੰਬਰ 2025
ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਜਿੰਦਰ ਸਿੰਘ ਔਲਖ, ਸੂਬਾ ਜਨਰਲ ਸਕੱਤਰ ਹਰਮਨਦੀਪ ਸਿੰਘ ਸਿੱਧੂ ਅਤੇ ਸੂਬਾ ਵਿੱਤ ਸਕੱਤਰ ਨਾਜਰ ਸਿੰਘ ਮਾਨਸਾ , ਸੂਬਾ ਸਲਾਹਕਾਰ ਗੁਰਦੀਪ ਪਟਿਆਲਾ ਅਤੇ ਸੂਬਾ ਪ੍ਰੈੱਸ ਸਕੱਤਰ ਯਾਦਵਿੰਦਰ ਠੀਕਰੀਵਾਲਾ ਨੇ ਕਿਹਾ ਕਿ ਪੰਜਾਬ ਰੋਡਵੇਜ਼ ਵਿਭਾਗ ਦੇ ਕੀਤੇ ਜਾ ਰਹੇ ਨਿੱਜੀਕਰਨ, ਵਿਭਾਗ ਵਿੱਚ ਕਿਲੋਮੀਟਰ ਸਕੀਮ ਸ਼ੁਰੂ ਕਰਨ ਦੇ ਵਿਰੋਧ ਵਜੋਂ ਅਤੇ ਵਿਭਾਗ ਦੇ ਕੱਚੇ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਪੱਕਾ ਕਰਨ ਦੀ ਮੰਗ ਨੂੰ ਲੈ ਕੇ ਅੱਜ ਸਮੁੱਚੇ ਪੰਜਾਬ ਵਿੱਚ ਪੰਜਾਬ ਰੋਡਵੇਜ਼ ਅਤੇ ਪਨਬਸ ਠੇਕਾ ਮੁਲਾਜ਼ਮ ਯੂਨੀਅਨ ਵੱਲੋਂ ਰੋਸ਼ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ।
ਪਰ ਪੰਜਾਬ ਦੀ ਆਮ ਆਦਮੀ ਸਰਕਾਰ ਵੱਲੋਂ ਪੰਜਾਬ ਰੋਡਵੇਜ਼ ਅਤੇ ਪਨਬਸ ਦੇ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਪ੍ਰਵਾਨ ਕਰਨ ਦੀ ਬਿਜਾਏ ਜਥੇਬੰਦੀ ਦੇ ਆਗੂਆਂ ਅਤੇ ਹੋਰ ਸਾਥੀਆਂ ਨੂੰ ਲੰਘੀ ਕੱਲ੍ਹ ਸਵੇਰ ਤੋਂ ਗ੍ਰਿਫ਼ਤਾਰ ਕੀਤਾ ਹੋਇਆ ਹੈ। ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਦੇ ਆਗੂਆ ਨੇ ਕਿਹਾ ਕਿ ਅਸੀੰ ਸਰਕਾਰ ਦੀ ਇਸ ਅਤਿ ਨਿੰਦਣਯੋਗ ਕਰਵਾਈ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦੇ ਹਾਂ ਅਤੇ ਪੰਜਾਬ ਸਰਕਾਰ ਤੋਂ ਮੰਗ ਕਰਦੇ ਹਾਂ ਕਿ ਪੰਜਾਬ ਰੋਡਵੇਜ਼ ਅਤੇ ਪਨਬਸ ਜਥੇਬੰਦੀ ਦੇ ਗਿਰਫ਼ਤਾਰ ਕੀਤੇ ਆਗੂਆਂ ਅਤੇ ਮੁਲਾਜ਼ਮਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ, ਅਤੇ ਉਹਨ੍ਹਾਂ ਦੀਆਂ ਮੰਗਾਂ ਨੂੰ ਤੁਰੰਤ ਪ੍ਰਵਾਨ ਕੀਤਾ ਜਾਵੇ।
ਇੱਥੇ ਇਹ ਵੀ ਦੱਸਣਯੋਗ ਹੈ ਕਿ ਨਿੱਜੀਕਰਨ ਸਿਰਫ਼ ਇੱਕ ਵਿਭਾਗ ਦਾ ਨਹੀਂ ਸਗੋਂ ਹਰ ਇੱਕ ਵਿਭਾਗ ਦੀ ਲੁੱਟ ਕਰਨ ਲਈ ਨਿੱਜੀ ਹੱਥ ਬਹੁਤ ਤੇਜ਼ੀ ਨਾਲ ਵੱਧ ਰਹੇ ਹਨ, ਜਿਵੇਂ ਕਿ ਪਿਛਲੇ ਦਿਨੀੰ ਪੰਜਾਬ ਦੇ 5 ਵੱਡੇ ਸਰਕਾਰੀ ਹਸਪਤਾਲਾਂ ਨੂੰ ਪ੍ਰਾਈਵੇਟ ਕਰਨ ਜਾ ਰਹੀ ਪੰਜਾਬ ਸਰਕਾਰ ਦਾ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਅਤੇ ਸਿਹਤ ਵਿਭਾਗ ਦੀਆਂ ਵੱਖ-ਵੱਖ ਜਥੇਬੰਦੀਆਂ ਵੱਲੋਂ ਸਖ਼ਤ ਵਿਰੋਧ ਕੀਤਾ ਗਿਆ ਹੈ।
ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਰੋਡਵੇਜ਼ ਅਤੇ ਪਨਬਸ ਜਥੇਬੰਦੀ ਦੀਆਂ ਮੰਗਾਂ ਨੂੰ ਤਰੁੰਤ ਮੰਨ ਕੇ ਗਿਰਫ਼ਤਾਰ ਕੀਤੇ ਆਗੂਆਂ ਨੂੰ ਤਰੁੰਤ ਰਿਹਾਅ ਕਰਨ ਦੀ ਮੰਗ ਕਰਦੀ ਹੈ।







