ਟਰੈਕਟਰ ਮਾਰਚ ਦੀ ਤਿਆਰੀ ਲਈ 13 ਜ਼ਿਲਿਆਂ ਦੇ 109 ਪਿੰਡਾਂ ਚ, ਕਿਸਾਨਾਂ ਨੇ ਫੂਕੀਆਂ ਅਰਥੀਆਂ

Advertisement
Spread information

ਅਸ਼ੋਕ ਵਰਮਾ ਬਠਿੰਡਾ,24 ਜੁਲਾਈ2020

          ਖੇਤੀ ਆਰਡੀਨੈਂਸਾਂ ਵਿਰੁੱਧ ਪੰਜਾਬ ਦੀਆਂ ਸੰਘਰਸ਼ਸ਼ੀਲ ਕਿਸਾਨ ਜੱਥੇਬੰਦੀਆਂ ਨਾਲ ਤਾਲਮੇਲਵੇਂ ਸੰਘਰਸ਼ ਦੀ ਤਿਆਰੀ ਵਜੋਂ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਰੋਸ ਹਫਤੇ ਦੇ ਪੰਜਵੇਂ ਦਿਨ ਵੀ ਅੱਜ 13 ਜ਼ਿਲਿਆਂ ਦੇ 109 ਪਿੰਡਾਂ ਵਿੱਚ ਕੇਂਦਰ ਸਰਕਾਰ ਦੀਆਂ ਅਰਥੀਆਂ ਸਾੜੀਆਂ।  ਜਥੇਬੰਦੀ ਦੇ ਕਾਰਜਕਾਰੀ ਸੂਬਾ ਪ੍ਰਧਾਨ ਜਸਵਿੰਦਰ ਸਿੰਘ ਲੌਂਗੋਵਾਲ ਅਤੇ ਜਨਰਲ ਸਕੱਤਰ ਹਰਿੰਦਰ ਕੌਰ ਬਿੰਦੂ ਨੇ ਪ੍ਰੈਸ ਰਿਲੀਜ਼ ਰਾਹੀਂ ਦਾਅਵਾ ਕੀਤਾ ਕਿ ਪਿੰਡ ਪਿੰਡ ਹੋ ਰਹੇ ਇਕੱਠਾਂ ਵਿੱਚ ਕਿਸਾਨਾਂ ਮਜਦੂਰਾਂ ਦਾ ਜੋਸ਼ ਤੇ ਉਤਸ਼ਾਹ ਆਰਡੀਨੈਂਸਾਂ ਦੀ ਵਾਪਸੀ ਤੱਕ ਆਰ ਪਾਰ ਦੀ ਲੜਾਈ ਵਾਲਾ ਹੈ। ਇਕੱਠਾਂ ਨੇ ਮੋਦੀ ਸਰਕਾਰ ਖਿਲਾਫ ਨਾਅਰੇਬਾਜੀ ਕੀਤੀ ਅਤੇੇ ਤਿੰਨੇ ਖੇਤੀ ਆਰਡੀਨੈਂਸ ਅਤੇ ਬਿਜਲੀ ਸੋਧ ਬਿੱਲ 2020 ਰੱਦ ਕਰਨ ਸਮੇਤ ਪੈਟ੍ਰੋਲ ਡੀਜ਼ਲ ਦਾ ਮੁਕੰਮਲ ਕੰਟਰੋਲ ਸਰਕਾਰੀ ਹੱਥਾਂ ਵਿੱਚ ਲੈਣ ਲਈ ਕਿਹਾ।  ਇਕੱਠਾਂ ਨੂੰ ਸੰਬੋਧਨ ਕਰਨ ਵਾਲੇ ਮੁੱਖ ਬੁਲਾਰਿਆਂ ਵਿੱਚ ਕਾਰਜਕਾਰੀ ਸੂਬਾ ਆਗੂਆਂ ਅਮਰੀਕ ਸਿੰਘ ਗੰਢੂਆਂ, ਸੰਦੀਪ ਸਿੰਘ ਚੀਮਾ ਤੇ ਰਾਜਵਿੰਦਰ ਰਾਮ ਨਗਰ ਸਮੇਤ ਜ਼ਿਲਾ ਤੇ ਬਲਾਕ ਪੱਧਰ ਦੇ ਸਰਗਰਮ ਆਗੂ ਸ਼ਾਮਲ ਸਨ।
                     ਬੁਲਾਰਿਆਂ ਨੇ ਦਾਅਵਾ ਕੀਤਾ ਕਿ ਕਰੋਨਾ ਦਾ ਹਊਆ ਖੜਾ ਕਰਕੇ ਇਹ ਆਰਡੀਨੈਂਸ ਲਾਗੂ ਕਰਨ ਨਾਲ ਪੰਜਾਬ ਹਰਿਆਣੇ ਵਿੱਚ ਹੋ ਰਹੀ ਕਣਕ, ਝੋਨੇ, ਨਰਮੇ, ਗੰਨੇ ਦੀ ਸਰਕਾਰੀ ਖਰੀਦ ਵੀ ਠੱਪ ਹੋ ਜਾਣੀ ਹੈ ਅਤੇ ਐਮ.ਐਸ.ਪੀ. ਮਿਥੇ ਜਾਣ ਦੀ ਕੋਈ ਤੁਕ ਹੀ ਨਹੀਂ ਰਹਿਣੀ। ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਵਿੱਚ ਕਣਕ,ਝੋਨੇ ਦਾ ਪੂਰਾ ਮੰਡੀਕਰਨ ਜਾਰੀ ਰੱਖਣ ਦੇ ਬਿਆਨ ਨੂੰ ਬੁਲਾਰਿਆਂ ਨੇ ਸਿਆਸੀ ਪਖੰਡ ਕਰਾਰ ਦਿੱਤਾ ਹੈ । ਉਹਨਾਂ ਕਿਹਾ ਕਿ ਬਿਜਲੀ ਸੋਧ ਬਿੱਲ ਲਾਗੂ ਹੋਇਆ ਤਾਂ ਪੰਜਾਬ ਦੇ ਕਿਸਾਨਾਂ ਮਜ਼ਦੂਰਾਂ ਦੀ ਬਿੱਲ ਸਬਸਿਡੀ ਖਤਮ ਹੋਣ ਨਾਲ ਖੇਤੀ ਘਾਟੇ ਹੋਰ ਵੀ ਜਿਆਦਾ ਵਧਣੇ ਹਨ। ਪਹਿਲਾਂ ਹੀ ਭਾਰੀ ਖੇਤੀ ਘਾਟਿਆਂ ਕਾਰਨ ਕਰਜ਼ੇ ਮੋੜਨੋਂ ਅਸਮਰੱਥ ਖੁਦਕੁਸ਼ੀਆਂ ਦਾ ਸ਼ਿਕਾਰ ਹੋ ਰਹੇ ਕਿਸਾਨਾਂ ਮਜ਼ਦੁਰਾਂ ਦੀ ਮੁਕੰਮਲ ਆਰਥਿਕ ਤਬਾਹੀ ਹੋਵੇਗੀ। ਖੁਦਕੁਸ਼ੀਆਂ ਦਾ ਵਰਤਾਰਾ ਵੀ ਵਧੇਗਾ ਅਤੇ ਕਿਸਾਨਾਂ ਦੀਆਂ ਬਚੀਆਂ ਖੁਚੀਆਂ ਜ਼ਮੀਨਾਂ ਧਨਾਡ ਜਗੀਰਦਾਰਾਂ, ਸੂਦਖੋਰਾਂ ਤੇ ਕਾਰਪੋਰੇਟਾਂ ਦੇ ਕਬਜ਼ੇ ਹੇਠ ਜਾਣ ਦਾ ਅਮਲ ਵੀ ਹੋਰ ਤੇਜ਼ ਹੋਵੇਗਾ।
          ਆਗੂਆਂ ਨੇ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਦੁਆਰਾ ਵੀ ਕਰੋਨਾ ਦੀ ਆੜ ਵਿੱਚ ਇਕੱਠਾਂ ‘ਤੇ ਪਾਬੰਦੀ ਲਾ ਕੇ ਮੋਦੀ ਹਕੂਮਤ ਨੂੰ ਕਿਸਾਨ ਰੋਹ ਤੋਂ ਬਚਾਉਣ ਦੇ ਯਤਨਾਂ ਦੀ ਸਖਤ ਨਿਖੇਧੀ ਕੀਤੀ ਗਈ ਅਤੇ ਤਹਿਸ਼ੁਦਾ ਕਿਸਾਨ ਸੰਘਰਸ਼ ਕਰੋਨਾ ਸਾਵਧਾਨੀਆਂ ਦੀ ਪਾਲਣਾ ਸਹਿਤ ਹਰ ਹੀਲੇ ਜਾਰੀ ਰੱਖਣ ਦਾ ਐਲਾਨ ਕੀਤਾ ਗਿਆ। ਥਾਂ-ਥਾਂ ਮਤੇ ਪਾਸ ਕਰਕੇ ਸ਼ਾਂਤਮਈ ਸੰਘਰਸ਼ ਕਰ ਰਹੇ ਖੇਤ ਮਜ਼ਦੂਰਾਂ, ਕਿਸਾਨਾਂ, ਮੁਲਾਜ਼ਮਾਂ ਸਿਰ ਝੂਠੇ ਕੇਸ ਮੜਨ ਤੇ ਬਾਦਲ ਪਿੰਡ ਵਿੱਚ ਕਿਸਾਨਾਂ ‘ਤੇ ਲਾਠੀਚਾਰਜ ਕਰਨ ਦੀ ਸਖਤ ਨਿਖੇਧੀ ਕੀਤੀ ਗਈ ਅਤੇ ਝੂਠੇ ਕੇਸ ਵਾਪਸ ਲੈਣ ਦੀ ਮੰਗ ਕੀਤੀ ਗਈ। ਬੁਲਾਰਿਆਂ ਵੱਲੋਂ ਪੰਜਾਬ ਭਰ ਦੇ ਕਿਸਾਨਾਂ ਨੂੰ ਆਪਣੀ ਹੋਂਦ ਬਚਾਉਣ ਵਾਲੇ ਮੌਜੂਦਾ ਸੰਘਰਸ਼ ਵਿੱਚ 26 ਜੁਲਾਈ ਤੱਕ ਥਾਂ-ਥਾਂ ਅਰਥੀ ਸਾੜ ਮੁਜ਼ਾਹਰਿਆਂ ਵਿੱਚ ਅਤੇ 27 ਨੂੰ ਜ਼ਿਲਾ ਪੱਧਰ ‘ਤੇ ਭਾਜਪਾ ਅਕਾਲੀ ਕੇਂਦਰੀ ਮੰਤਰੀਆਂ, ਸੰਸਦ ਮੈਂਬਰਾਂ ਜਾਂ ਮੁੱਖ ਪਾਰਟੀ ਆਗੂਆਂ ਦੇ ਘਰਾਂ ਤੱਕ ਕੀਤੇ ਜਾਣ ਵਾਲੇ ਟਰੈਕਟਰ ਮਾਰਚਾਂ ਵਿੱਚ ਵਧ ਚੜ ਕੇ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ।

Advertisement
Advertisement
Advertisement
Advertisement
Advertisement
Advertisement
error: Content is protected !!