ਲਵਪ੍ਰੀਤ ਸਿੰਘ ਖੁਸ਼ੀਪੁਰ, ਅੰਮ੍ਰਿਤਸਰ 24 ਮਈ 2026
ਪੰਜਾਬ ਵਿੱਚ ਕਾਨੂੰਨ ਵਿਵਸਥਾ ਨੂੰ ਚੁਣੌਤੀ ਦਿੰਦੇ ਹੋਏ ਅਪਰਾਧੀਆਂ ਦੇ ਹੌਸਲੇ ਇਸ ਕਦਰ ਬੁਲੰਦ ਹੋ ਚੁੱਕੇ ਹਨ ਕਿ ਹੁਣ ਖ਼ਾਕੀ ਵੀ ਸੁਰੱਖਿਅਤ ਨਹੀਂ ਰਹੀ! ਜ਼ਿਲ੍ਹਾ ਅੰਮ੍ਰਿਤਸਰ ਦੇ ਮਜੀਠਾ ਹਲਕੇ ਤੋਂ ਇੱਕ ਅਜਿਹੀ ਖ਼ੌਫ਼ਨਾਕ ਅਤੇ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿਸ ਨੇ ਪੂਰੇ ਪੰਜਾਬ ਨੂੰ ਹਿਲਾ ਕੇ ਰੱਖ ਦਿੱਤਾ ਹੈ। ਪਿੰਡ ਹਮਜ਼ਾ ਨੇੜੇ ਦਿਨ-ਦਿਹੜੇ ਇੱਕ ਵੱਡੀ ਵਾਰਦਾਤ ਨੂੰ ਅੰਜਾਮ ਦਿੰਦੇ ਹੋਏ, ਪੰਜਾਬ ਪੁਲਿਸ ਵਿੱਚ ਤਾਇਨਾਤ **ASI ਜੋਗਾ ਸਿੰਘ** ਦਾ ਬੇਰਹਿਮੀ ਨਾਲ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।
ਮਿਲੀ ਜਾਣਕਾਰੀ ਮੁਤਾਬਕ ਏਐਸਆਈ ਜੋਗਾ ਸਿੰਘ ਜਦੋਂ ਆਪਣੀ ਡਿਊਟੀ ‘ਤੇ ਜਾ ਰਹੇ ਸਨ, ਤਾਂ ਰਸਤੇ ਵਿੱਚ ਘਾਤ ਲਗਾ ਕੇ ਬੈਠੇ ਅਣਪਛਾਤੇ ਹਮਲਾਵਰਾਂ ਨੇ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ। ਹਮਲਾਵਰਾਂ ਨੇ ਅੰਨ੍ਹੇਵਾਹ ਫਾਇਰਿੰਗ ਕਰਕੇ ਏਐਸਆਈ ਜੋਗਾ ਸਿੰਘ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਅਤੇ ਮੌਕੇ ਤੋਂ ਫ਼ਰਾਰ ਹੋ ਗਏ।
ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ
ਮ੍ਰਿਤਕ ਏਐਸਆਈ ਜੋਗਾ ਸਿੰਘ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਘਣੀਏ ਕੇ ਬਾਂਗਰ ਦੇ ਰਹਿਣ ਵਾਲੇ ਸਨ। ਇਸ ਖ਼ੂਨੀ ਵਾਰਦਾਤ ਤੋਂ ਬਾਅਦ ਜਿੱਥੇ ਪੂਰੇ ਇਲਾਕੇ ਵਿੱਚ ਦਹਿਸ਼ਤ ਅਤੇ ਮਾਹੌਲ ਗ਼ਮਗੀਨ ਹੈ, ਉੱਥੇ ਹੀ ਮ੍ਰਿਤਕ ਦੇ ਘਰ ਵਿੱਚ ਚੀਕ-ਚਿਹਾਰਾ ਮਚਿਆ ਹੋਇਆ ਹੈ। ਜੋਗਾ ਸਿੰਘ ਆਪਣੇ ਪਿੱਛੇ ਬਜ਼ੁਰਗ ਮਾਂ ਅਤੇ ਪਤਨੀ ਨੂੰ ਛੱਡ ਗਏ ਹਨ, ਜਦਕਿ ਉਨ੍ਹਾਂ ਦਾ ਪੁੱਤਰ ਅਤੇ ਧੀ ਦੋਵੇਂ ਵਿਦੇਸ਼ ਵਿੱਚ ਰਹਿੰਦੇ ਹਨ, ਜਿਨ੍ਹਾਂ ਨੂੰ ਸ਼ਾਇਦ ਅਜੇ ਤੱਕ ਇਹ ਵੀ ਨਹੀਂ ਪਤਾ ਕਿ ਉਨ੍ਹਾਂ ਦੇ ਸਿਰ ਤੋਂ ਪਿਤਾ ਦਾ ਸਾਇਆ ਹਮੇਸ਼ਾ ਲਈ ਉੱਠ ਗਿਆ ਹੈ।
ਮ੍ਰਿਤਕ ਦੀ ਪਤਨੀ ਰਾਜਵਿੰਦਰ ਕੌਰ ਨੇਰੋਂਦੇ ਹੋਏ ਅਤੇ ਭਰੇ ਮਨ ਨਾਲ “ਸਾਡਾ ਸਭ ਕੁਝ ਉੱਜੜ ਗਿਆ… ਉਹ ਤਾਂ ਰੋਜ਼ ਦੀ ਤਰ੍ਹਾਂ ਆਪਣੀ ਡਿਊਟੀ ‘ਤੇ ਗਏ ਸਨ। ਸਾਨੂੰ ਕੀ ਪਤਾ ਸੀ ਕਿ ਰਸਤੇ ਵਿੱਚ ਮੌਤ ਉਨ੍ਹਾਂ ਦਾ ਇੰਤਜ਼ਾਰ ਕਰ ਰਹੀ ਹੈ। ਸਾਡੇ ਬੱਚੇ ਵਿਦੇਸ਼ ਬੈਠੇ ਨੇ… ਹੁਣ ਅਸੀਂ ਕੀ ਕਰਾਂਗੇ? ਸਾਨੂੰ ਇਨਸਾਫ਼ ਚਾਹੀਦਾ ਹੈ, ਕਾਤਲਾਂ ਨੂੰ ਜਲਦ ਤੋਂ ਜਲਦ ਫੜ ਕੇ ਫਾਂਸੀ ਦੀ ਸਜ਼ਾ ਦਿੱਤੀ ਜਾਵੇ!”







