ਕੋਵਿਡ-19 ਦੇ ਬਚਾਅ ਸਬੰਧੀ ਕੀਤੇ ਗਏ ਕੰਮਾਂ ਦਾ ਲਿਆ ਜਾਇਜ਼ਾ
ਹੁਣ ਰੋਜ਼ਾਨਾ ਪਹਿਲਾਂ ਨਾਲੋਂ ਦੋਗੁਣਾ ਕੋਵਿਡ ਮਰੀਜ਼ਾਂ ਦੇ ਨਮੂਨੇ ਲਏ ਜਾਣਗੇ – ਡਿਪਟੀ ਕਮਿਸ਼ਨਰ
ਦਵਿੰਦਰ ਡੀ.ਕੇ. ਲੁਧਿਆਣਾ, 18 ਅਗਸਤ 2020
ਮਿਸ਼ਨ ਫਤਿਹ ਤਹਿਤ ਜ਼ਿਲ੍ਹਾ ਲੁਧਿਆਣਾ ਵਿੱਚ ਕੋਵਿਡ-19 ਤੋਂ ਲੋਕਾਂ ਦੇ ਬਚਾਅ ਸਬੰਧੀ ਕੀਤੇ ਜਾ ਰਹੇ ਕੰਮਾਂ ਦਾ ਜਾਇਜਾ ਲੈਣ ਲਈ ਸ੍ਰੀ ਅਨਿਰੁੱਧ ਤਿਵਾੜੀ ਵਧੀਕ ਮੁੱਖ ਸਕੱਤਰ ਨੇ ਅੱਜ ਜ਼ਿਲ੍ਹਾ ਲੁਧਿਆਣਾ ਦੇ ਉੱਚ ਅਧਿਕਾਰੀਆਂ ਨਾਲ ਬੱਚਤ ਭਵਨ ਵਿਖੇ ਮੀਟਿੰਗ ਕੀਤੀ ਅਤੇ ਲੋੜੀਂਦੀਆਂ ਹਦਾਇਤਾਂ ਜ਼ਾਰੀ ਕੀਤੀਆ। ਇਸ ਮੌਕੇ ਉਹਨਾਂ ਨਾਲ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਡਿਪਟੀ ਕਮਿਸ਼ਨਰ ਅਤੇ ਸ੍ਰੀ ਰਾਕੇਸ਼ ਅਗਰਵਾਲ ਪੁਲਿਸ ਕਮਿਸ਼ਨਰ ਵੀ ਮੌਜੂਦ ਸਨ।
ਸ੍ਰੀ ਤਿਵਾੜੀ ਨੇ ਕੋਵਿਡ-19 ਨਾਲ ਸਬੰਧਤ ਨੋਡਲ ਅਫਸਰਾਂ ਨਾਲ ਵਿਸਥਾਰ ਪੂਰਵਕ ਗੱਲਬਾਤ ਕਰਦਿਆਂ ਜ਼ਿਲ੍ਹਾ ਲੁਧਿਆਣਾ ਵਿੱਚ ਕੋਵਿਡ-19 ਤੋਂ ਲੋਕਾਂ ਦੇ ਬਚਾਅ ਸਬੰਧੀ ਕੀਤੇ ਜਾ ਰਹੇ ਕੰਮਾਂ ਦਾ ਜਾਇਜ਼ਾਂ ਲਿਆ ਅਤੇ ਸਤੁੰਸ਼ਟੀ ਜ਼ਾਹਰ ਕੀਤੀ। ਉਨ੍ਹਾਂ ਕੋਵਿਡ ਸੰਬੰਧੀ ਅਧਿਕਾਰੀਆਂ ਨੂੰ ਕਈ ਮਹੱਤਵਪੂਰਨ ਨਿਰਦੇਸ਼ ਵੀ ਜਾਰੀ ਕੀਤੇ। ਉਹਨਾਂ ਜ਼ਿਲ੍ਹੇ ਦੇ ਉੱਚ-ਅਧਿਕਾਰੀਆਂ ਨੂੰ ਕਿਹਾ ਕਿ ਉਹ ਵਸਨੀਕਾਂ ਦੀ ਭਲਾਈ ਲਈ ਤਨਦੇਹੀ ਨਾਲ ਕੰਮ ਕਰਨ ਤਾਂ ਜੋ ਵਸਨੀਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਅਤੇ ਕਈ ਮਹੱਤਵਪੂਰਣ ਚੀਜ਼ਾਂ ਬਾਰੇ ਉਨ੍ਹਾਂ ਦਾ ਫੀਡਬੈਕ ਵੀ ਲਿਆ। ਉਹਨਾਂ ਨੇ ਸਥਾਨਕ ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ (ਡੀ.ਐਮ.ਸੀ) ਦੇ ਮਾਹਿਰ ਡਾਕਟਰ ਬਿਸ਼ਵ ਮੋਹਨ ਨਾਲ ਵੀ ਕੋਵਿਡ-19 ਤੋਂ ਲੋਕਾਂ ਦੇ ਬਚਾਅ ਸਬੰਧੀ ਵਿਸਥਾਰ ਨਾਲ ਗੱਲਬਾਤ ਕੀਤੀ ਅਤੇ ਆਪਣੇ ਸੁਝਾਅ ਵੀ ਦਿੱਤੇ।
ਵਧੀਕ ਮੁੱਖ ਸਕੱਤਰ ਵੱਲੋ ਲੋਕਾਂ ਨੂੰ ਵੀ ਅਪੀਲ ਕੀਤੀ ਗਈ ਕਿ ਕੋਵਿਡ-19 ਬਿਮਾਰੀ ਨੂੰ ਆਪਣੇ ਤੋਂ ਦੂਰ ਰੱਖਣਾ ਅਸਾਨ ਹੈ ਜੇਕਰ ਅਸੀ ਕੁਝ ਸਾਵਧਾਨੀਆਂ ਰੱਖੀਏ। ਉਹਨਾ ਨੇ ਕਿਹਾ ਕਿ ਜੇਕਰ ਅਸੀ ਬਾਹਰ ਜਾਣ ਸਮੇ ਮਾਸਕ ਲਾਈਏ, ਸਮਾਜਿਕ ਦੂਰੀ ਰੱਖੀਏ ਅਤੇ ਵਾਰ-ਵਾਰ ਹੱਥਾਂ ਦੀ ਸਫਾਈ ਰੱਖੀਏ ਤਾਂ ਇਸ ਬਿਮਾਰੀ ਤੇ ਸਾਡੀ ਫ਼ਤਿਹ ਨਿਸ਼ਚਿਤ ਹੈ। ਉਹਨਾਂ ਕਿਹਾ ਕਿ ਵੱਧ ਤੋਂ ਵੱਧ ਲੋਕਾਂ ਦੇ ਕੋਵਿਡ ਟੈਸਟ ਕੀਤੇ ਜਾਣ ਅਤੇ ਹਰੇਕ ਵਿਅਕਤੀ ਆਪਣੇ ਆਪ ਨੂੰ ਵਲੰਟੀਅਰ ਦੀ ਤਰ੍ਹਾਂ ਮੰਨ ਕੇ ਕੰਮ ਕਰੇ। ਉਹਨਾਂ ਕਿਹਾ ਕਿ ਵੱਖ-ਵੱਖ ਵਰਗਾਂ ਨਾਲ ਸਬੰਧਤ ਲੋਕਾਂ ਨੂੰ ਲੋੜ ਹੈ ਕਿ ਉਹ ਆਪਣੀ ਨਿੱਜੀ ਜ਼ਿੰਮੇਵਾਰੀ ਨੂੰ ਸਮਝ ਕੇ ਖੁਦ ਜਾਗਰੂਕ ਹੋਣ ਅਤੇ ਹੋਰਾਂ ਨੂੰ ਵੀ ਜਾਗਰੂਕ ਕਰਨ। ਉਹਨਾਂ ਕਿਹਾ ਕਿ ਜ਼ਿਲ੍ਹਾ ਲੁਧਿਆਣਾ ਦੇ ਲੋਕਾਂ ਨੂੰ ਇਸ ਬਿਮਾਰੀ ਤੋਂ ਬਚਣ ਲਈ ਸਿਹਤ ਮਾਹਿਰਾਂ ਦੀ ਸਲਾਹ ਮੁਤਾਬਿਕ ਹਰ ਕਦਮ ਉਠਾਉਣੇ ਚਾਹੀਦੇ ਹਨ, ਜੋ ਉਨ੍ਹਾਂ ਦੇ ਹਿੱਤ ‘ਚ ਹੈ।
ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਵਧੀਕ ਮੁੱਖ ਸਕੱਤਰ ਸ੍ਰੀ ਅਨਿਰੁੱਧ ਤਿਵਾੜੀ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ ਕੁੱਲ 87223 ਨਮੂਨੇ ਲਏ ਗਏ ਹਨ ਅਤੇ ਲੁਧਿਆਣਾ ਨਾਲ ਸਬੰਧਤ ਕੁਲ ਮਰੀਜ਼ਾਂ ਦੀ ਗਿਣਤੀ 6823 ਹੈ, ਘਰ ‘ਚ ਇਕਾਂਤਵਾਸ ਕੀਤੇ ਗਏ ਮਰੀਜ਼ਾਂ ਦੀ ਗਿਣਤੀ 1030 ਹੈ ਅਤੇ 49 ਨਿੱਜੀ ਹਸਪਤਾਲਾਂ ਵੱਲੋਂ ਕੋਵਿਡ ਮਰੀਜ਼ਾਂ ਦਾ ਇਲਾਜ਼ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਸਰਕਾਰੀ ਹਸਪਤਾਲਾਂ ਵਿੱਚ ਲੈਵਲ-1 ਦੇ ਬੈੱਡ 1990, ਲੈਵਲ-2 ਦੇ 750 ਬੈੱਡ ਅਤੇ ਲੈਵਲ-3 ਦੇ 15 ਬੱੈਡ ਹਨ ਅਤੇ ਨਿੱਜੀ ਹਸਪਤਾਲਾਂ ਵਿੱਚ ਲੈਵਲ-1 ਦੇ ਬੈਂਡ 50, ਲੈਵਲ-2 ਦੇ 714 ਅਤੇ ਲੈਵਲ-3 ਦੇ 224 ਬੈੱਡ ਮੌਜੂਦ ਹਨ। ਸ੍ਰੀ ਸ਼ਰਮਾ ਨੇ ਦੱਸਿਆ ਕਿ ਪਿਛਲੇ ਦਿਨਾਂ ਦੌਰਾਨ ਕਰੀਬ 2500 ਨਮੂਨੇ ਰੋਜ਼ਾਨਾ ਭੇਜੇ ਜਾਂਦੇ ਸਨ ਜਿਂੰਨ੍ਹਾਂ ਦੀ ਗਿਣਤੀ ਦੋਗੁਣਾ ਹੋ ਜਾਵੇਗੀ।
ਪੁਲਿਸ ਕਮਿਸ਼ਨਰ ਸ੍ਰੀ ਰਾਕੇਸ਼ ਅਗਰਵਾਲ ਨੇ ਵਧੀਕ ਮੁੱਖ ਸਕੱਤਰ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਵਿਡ-19 ਦੇ ਚੱਲਦਿਆਂ ਲੁਧਿਆਣਾ ਪੁਲਿਸ ਨੂੰ ਲੋਕਾਂ ਨੁੰ ਸੁਰੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਇਸ ਬਿਮਾਰੀ ਤੋਂ ਬਚਾਅ ਲਈ ਜਾਗਰੂਕ ਕਰਨ ਲਈ ਵੀ ਤਰਜ਼ੀਹੀ ਤੌਰ ‘ਤੇ ਉਪਰਾਲੇ ਕਰਨੇ ਜਾਰੀ ਰੱਖੇ ਗਏ ਹਨ। ਉਨ੍ਹਾਂ ਕਿਹਾ ਕਿ ਜਦੋਂ ਤੋਂ ਇਸ ਬਿਮਾਰੀ ਨੇ ਪੰਜਾਬ ‘ਚ ਦਸਤਕ ਦਿੱਤੀ ਹੈ, ਲੁਧਿਆਣਾ ਪੁਲਿਸ ਉਦੋਂ ਤੋ਼ ਹੀ ਫਰੰਟਲਾਈਨ਼ ਵਾਰੀਅਰਜ ਦੀ ਤਰ੍ਹਾ ਮੈਦਾਨੀ ਪੱਧਰ ‘ਤੇ ਕੰਮ ਕਰ ਰਹੀ ਹੈ ਜੋ ਕਿ ਉਦੋਂ ਤੱਕ ਜਾਰੀ ਰਹੇਗਾ, ਜਦੋਂ ਤੱਕ ਪੰਜਾਬ ਪੂਰੀ ਤਰ੍ਹਾਂ ਇਸ ਬਿਮਾਰੀ ਤੋਂ ਮੁਕਤ ਨਹੀਂ ਹੋ ਜਾਂਦਾ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ(ਵਿਕਾਸ)-ਕਮ-ਨੋਡਲ ਅਫ਼ਸਰ ਕੋਵਿਡ-19 ਸ੍ਰੀ ਸੰਦੀਪ ਕੁਮਾਰ ਨੇ ਕੋਵਿਡ ਨਾਲ ਨਜਿੱਠਣ ਲਈ ਲੋੜੀਂਦੇ ਪ੍ਰਬੰਧਾਂ ਬਾਰੇ ਇੱਕ ਪੇਸ਼ਕਾਰੀ ਵਧੀਕ ਮੁੱਖ ਸਕੱਤਰ ਸ੍ਰੀ ਅਨਿਰੁੱਧ ਤਿਵਾੜੀ ਨੂੰ ਦਿੱਤੀ।
ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ(ਵਿਕਾਸ)-ਕਮ-ਨੋਡਲ ਅਫਸਰ ਕੋਵਿਡ ਲੁਧਿਆਣਾ ਸ੍ਰੀ ਸੰਦੀਪ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਜਗਰਾਉਂ) ਸ੍ਰੀਮਤੀ ਨੀਰੂ ਕਤਿਆਲ ਗੁਪਤਾ, ਵਧੀਕ ਡਿਪਟੀ ਕਮਿਸ਼ਨਰ(ਜਨਰਲ) ਸ੍ਰੀ ਅਮਰਜੀਤ ਬੈਂਸ, ਵਧੀਕ ਡਿਪਟੀ ਕਮਿਸ਼ਨਰ (ਖੰਨਾ) ਸ੍ਰੀ ਜਸਪਾਲ ਸਿੰਘ ਗਿੱਲ, ਐਸ.ਐਸ.ਪੀ. ਖੰਨਾ ਸ੍ਰੀ ਹਰਪ੍ਰੀਤ ਸਿੰਘ, ਸਿਵਲ ਸਰਜਨ ਡਾ ਰਾਜੇਸ਼ ਕੁਮਾਰ ਬੱਗਾ, ਐਸ.ਡੀ.ਐਮਜ਼ ਅਤੇ ਹੋਰ ਕਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ।