ਮਿਸ਼ਨ ਫਤਹਿ -ਉਲੰਪਿਕ ਲਈ ਕੁਆਲੀਫਾਈ ਹੋਈ ਪਹਿਲੀ ਪੰਜਾਬਣ ਮੁੱਕੇਬਾਜ਼ ਸਿਮਰਨਜੀਤ ਕੌਰ ਨੂੰ ਖੇਡ ਮੰਤਰੀ ਨੇ ਦਿੱਤਾ 5 ਲੱਖ

Advertisement
Spread information

ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਖਿਡਾਰਨ ਦੀ ਮਾਤਾ ਨੂੰ ਦਿੱਤਾ ਚੈੱਕ

ਉਲੰਪਿਕ ਤਿਆਰੀ ਦਾ ਸਮੁੱਚਾ ਖਰਚਾ ਪੰਜਾਬ ਸਰਕਾਰ ਵੱਲੋਂ ਚੁੱਕਣ ਦਾ ਐਲਾਨ


ਦਵਿੰਦਰ ਡੀ.ਕੇ. ਲੁਧਿਆਣਾ, ਸਤੰਬਰ 2020 

            ਉਲੰਪਿਕ ਲਈ ਕੁਆਲੀਫਾਈ ਕਰਨ ਵਾਲੀ ਪਹਿਲੀ ਪੰਜਾਬਣ ਮੁੱਕੇਬਾਜ਼ ਸਿਮਰਨਜੀਤ ਕੌਰ ਨੂੰ ਪੰਜਾਬ ਸਰਕਾਰ ਵੱਲੋਂ 5 ਲੱਖ ਰੁਪਏ ਦੀ ਚੈੱਕ ਭੇਟ ਕੀਤਾ ਗਿਆ ਹੈ। ਇਹ ਚੈੱਕ ਅੱਜ ਪੰਜਾਬ ਦੇ ਖੇਡ ਅਤੇ ਯੁਵਕ ਮਾਮਲੇ ਬਾਰੇ ਵਿਭਾਗ ਦੇ ਕੈਬਨਿਟ ਮੰਤਰੀ ਸ੍ਰ. ਰਾਣਾ ਗੁਰਮੀਤ ਸਿੰਘ ਸੋਢੀ ਲੁਧਿਆਣਾ ਵਿਖੇ ਸਿਮਰਨਜੀਤ ਕੌਰ ਦੀ ਮਾਤਾ ਸ੍ਰੀਮਤੀ ਰਾਜਪਾਲ ਕੌਰ ਨੂੰ ਭੇਟ ਕੀਤਾ। ਦੱਸਣਯੋਗ ਹੈ ਕਿ ਪਿਛਲੇ ਸਮੇਂ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁੱਕੇਬਾਜ਼ ਸਿਮਰਨਜੀਤ ਕੌਰ ਨੂੰ ਆਪਣੇ ਦਫ਼ਤਰ ਉਚੇਚੇ ਤੌਰ ‘ਤੇ ਬੁਲਾਇਆ ਸੀ ਅਤੇ ਉਸਨੂੰ ਪੰਜਾਬ ਸਰਕਾਰ ਪਾਸੋਂ ਪੰਜ ਲੱਖ ਰੁਪਏ ਦੇਣ ਦਾ ਐਲਾਨ ਕੀਤਾ ਸੀ।
ਇਸ ਮੌਕੇ ਜਾਣਕਾਰੀ ਦਿੰਦਿਆਂ ਰਾਣਾ ਗੁਰਮੀਤ ਸਿੰਘ ਸੋਢੀ ਦੱਸਿਆ ਕਿ ਸਿਮਰਨਜੀਤ ਕੌਰ ਓਲੰਪਿਕ ਖੇਡਾਂ ਲਈ ਕੁਆਲੀਫਾਈ ਹੋਣ ਵਾਲੀ ਪਹਿਲੀ ਪੰਜਾਬਣ ਮੁੱਕੇਬਾਜ਼ ਹੈ।ਉਨਾਂ ਨੇ ਖਿਡਾਰਨ ਦੀ ਮਾਤਾ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਨਾ ਸਿਰਫ ਪੰਜਾਬ ਬਲਕਿ ਦੇਸ਼ ਨੂੰ ਉਸ ਉਪਰ ਮਾਣ ਹੈ ਜਿਸ ਨੇ ਏਸ਼ੀਆ ਓਸੀਨੀਆ ਕੁਆਲੀਫਾਈ ਮੁਕਾਬਲੇ ਵਿੱਚ ਚਾਂਦੀ ਦਾ ਤਮਗਾ ਜਿੱਤ ਕੇ ਦੁਨੀਆਂ ਦੇ ਸਭ ਤੋਂ ਵੱਡੇ ਖੇਡ ਮੰਚ ਵਿੱਚ ਹਾਜ਼ਰੀ ਭਰਨ ਦਾ ਦਾਅਵਾ ਕੀਤਾ। ਉਨਾਂ ਕਿਹਾ ਕਿ ਇਹ ਮੁੱਕੇਬਾਜ਼ ਪੰਜਾਬ ਦੀਆਂ ਕੁੜੀਆਂ ਲਈ ਵੀ ਚਾਨਣ ਮੁਨਾਰਾ ਹੈ, ਜਿਹੜੀਆਂ ਕੁੜੀਆਂ ਲਈ ਨਵੀਂ ਖੇਡ ਮੁੱਕੇਬਾਜ਼ੀ ਵਿੱਚ ਆਪਣਾ ਭਵਿੱਖ ਬਣਾਉਣਾ ਚਾਹੁੰਦੀਆਂ ਹਨ।
ਉਨਾਂ ਕਿਹਾ ਕਿ ਸਾਧਾਰਣ ਪਰਿਵਾਰ ਦੀ ਧੀ ਦੀ ਇਹ ਆਸਾਧਾਰਣ ਪ੍ਰਾਪਤੀ ਹੈ ਅਤੇ ਉਸ ਨੂੰ ਅੱਗੇ ਵਧਣ ਲਈ ਸੂਬਾ ਸਰਕਾਰ ਨੂੰ ਹਰ ਸੰਭਵ ਮਦਦ ਮੁਹੱਈਆ ਕਰਵਾਈ ਜਾਵੇਗੀ।ਇਸ ਤੋਂ ਇਲਾਵਾ ਉਸਦੀ ਉਲੰਪਿਕ ਦੀ ਤਿਆਰੀ ਦਾ ਸਮੁੱਚਾ ਖਰਚਾ ਪੰਜਾਬ ਸਰਕਾਰ ਵੱਲੋਂ ਕੀਤਾ ਜਾਵੇਗਾ। ਇਸ ਮੌਕੇ ਰਾਣਾ ਸੋਢੀ ਨੇ ਦੱਸਿਆ ਕਿ ਜ਼ਿਲਾ ਲੁਧਿਆਣਾ ਦੇ ਪਿੰਡ ਚਕਰ ਦੀ ਇਸ ਮੁੱਕੇਬਾਜ਼ ਨੇ ਪਿੰਡ ਤੋਂ ਹੀ ਆਪਣਾ ਕਰੀਅਰ ਬਣਾਉਣਾ ਸ਼ੁਰੂ ਕੀਤਾ। 2013 ਵਿੱਚ ਜੂਨੀਅਰ ਵਿਸ਼ਵ ਚੈਂਪੀਅਨਸ਼ਿਪ ਵਿੱਚ ਕਾਂਸੀ ਦਾ ਤਮਗਾ, 2018 ਵਿੱਚ ਸੀਨੀਅਰ ਵਿਸ਼ਵ ਚੈਂਪੀਅਨਸ਼ਿਪ ਵਿੱਚ ਕਾਂਸੀ ਦਾ ਤਮਗਾ ਅਤੇ 2019 ਵਿੱਚ ਏਸ਼ੀਅਨ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿੱਚ ਚਾਂਦੀ ਦਾ ਤਮਗਾ ਜਿੱਤਿਆ।ਮੁਹਾਲੀ ਸਥਿਤ ਪੰਜਾਬ ਇੰਸਟੀਚਿਊਟ ਆਫ ਸਪੋਰਟਸ ਵਿਖੇ ਵੀ ਇਸ ਮੁੱਕੇਬਾਜ਼ ਨੇ ਤਿਆਰੀ ਕੀਤੀ।ਮੌਜੂਦਾ ਸਮੇਂ ਇਹ ਖਿਡਾਰਨ ਉਲੰਪਿਕ ਦੀ ਤਿਆਰੀ ਵਿੱਚ ਰੁਝੀ ਹੋਈ ਹੈ।
ਰਾਣਾ ਸੋਢੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਆਮ ਵਰਗੀ ਸਥਿਤੀ ਨੂੰ ਬਹਾਲ ਕਰਨ ਲਈ ਸ਼ੁਰੂ ਕੀਤਾ ਗਿਆ ‘ਮਿਸ਼ਨ ਫਤਹਿ’ ਬਹੁਤ ਹੀ ਸਫ਼ਲਤਾਪੂਰਵਕ ਚੱਲ ਰਿਹਾ ਹੈ। ਇਸ ਮਿਸ਼ਨ ਤਹਿਤ ਵੱਖ-ਵੱਖ ਵਰਗਾਂ ਨੂੰ ਸਹੂਲਤਾਂ ਅਤੇ ਬਿਹਤਰ ਮੌਕੇ ਮੁਹੱਈਆ ਕਰਵਾਏ ਜਾ ਰਹੇ ਹਨ। ਇਸ ਮੌਕੇ ਹਾਜ਼ਰ ਸਿਮਰਨਜੀਤ ਕੌਰ ਦੀ ਮਾਤਾ ਰਾਜਪਾਲ ਕੌਰ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਸਿਮਰਨਜੀਤ ਕੌਰ ਸਖ਼ਤ ਮਿਹਨਤ ਅਤੇ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਉਲੰਪਿਕ ਵਿੱਚ ਸੋਨ ਤਗਮਾ ਜਿੱਤੇਗੀ ਅਤੇ ਪੰਜਾਬ ਦਾ ਨਾਮ ਰੌਸ਼ਨ ਕਰੇਗੀ। ਇਸ ਮੌਕੇ ਜ਼ਿਲਾ ਖੇਡ ਅਫ਼ਸਰ ਸ੍ਰ. ਰਵਿੰਦਰ ਸਿੰਘ, ਸੀਨੀਅਰ ਯੂਥ ਕਾਂਗਰਸੀ ਆਗੂ ਸ੍ਰ. ਹਰਕਰਨ ਸਿੰਘ ਵੈਦ ਅਤੇ ਹੋਰ ਵੀ ਹਾਜ਼ਰ ਸਨ।

Advertisement
Advertisement
Advertisement
Advertisement
Advertisement
Advertisement
error: Content is protected !!