*ਕੋਵਿਡ ਕੇਅਰ ਸੈਂਟਰਾਂ ਤੇ ਹਸਪਤਾਲਾਂ ’ਚ ਮਰੀਜ਼ਾਂ ਦੀ ਸੁਚੱਜੀ ਦੇਖ-ਰੇਖ ਯਕੀਨੀ ਬਣਾਈ ਜਾਵੇ: ਵਿਵੇਕ ਪ੍ਰਤਾਪ ਸਿੰਘ
ਹਰਪ੍ਰੀਤ ਕੌਰ ਸੰਗਰੂਰ , ਸਤੰਬਰ:2020
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਚਲਾਏ ਗਏ ਮਿਸ਼ਨ ਫ਼ਤਹਿ ਤਹਿਤ ਜ਼ਿਲਾ ਸੰਗਰੂਰ ਵਿੱਚ ਕੋਵਿਡ-19 ਦੇ ਪ੍ਰਬੰਧਾਂ ਦੀ ਸਮੀਖਿਆ ਕਰਨ ਲਈ ਸਕੱਤਰ ਪੰਜਾਬ ਸਰਕਾਰ ਸ਼੍ਰੀ ਵਿਵੇਕ ਪ੍ਰਤਾਪ ਸਿੰਘ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਸਿਹਤ ਵਿਭਾਗ ਦੇ ਅਮਲੇ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ। ਮੀਟਿੰਗ ਵਿੱਚ ਸੰਬੋਧਨ ਕਰਦਿਆਂ ਸ਼੍ਰੀ ਵਿਵੇਕ ਪ੍ਰਤਾਪ ਸਿੰਘ ਨੇ ਕਿਹਾ ਕਿ ਕੋਵਿਡ-19 ਦੀ ਸਥਿਤੀ ਨਾਲ ਨਜਿੱਠਣ ਲਈ ਜ਼ਿਲੇ ਭਰ ’ਚ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ। ਉਨਾਂ ਕਿਹਾ ਕਿ ਕੋਵਿਡ ਕੇਅਰ ਸੈਂਟਰਾਂ ਤੇ ਹਸਪਤਾਲਾਂ ’ਚ ਮਰੀਜ਼ਾਂ ਦੀ ਚੰਗੀ ਦੇਖ-ਭਾਲ ਲਈ ਸੁਵਿਧਾਵਾਂ ਤੇ ਲੋੜੀਂਦੇ ਮੈਡੀਕਲ ਅਮਲੇ ਦੀ 24 ਘੰਟੇ ਤੈਨਾਤੀ ਯਕੀਨੀ ਬਣਾਈ ਜਾਵੇ। ਉਨਾਂ ਜ਼ਿਲੇ ’ਚ ਟੈਸਟਿੰਗ ਦੇ ਟੀਚੇ ਨੂੰ ਰੋਜ਼ਾਨਾ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਅਤੇ ਇਸਦੀ ਰਿਪੋਰਟ ਉਨਾਂ ਤੱਕ ਪੁੱਜਦੀ ਕਰਨ ਦੀ ਵੀ ਹਦਾਇਤ ਕੀਤੀ।
ਅਫਵਾਹਾਂ ’ਤੇ ਕਾਬੂ ਪਾਉਣ ਲਈ ਜਾਗਰੂਕਤਾ ਅਭਿਆਨ ’ਚ ਹੋਰ ਤੇਜ਼ੀ ਲਿਆਉਣ ’ਤੇ ਜ਼ੋਰ ਦਿੰਦਿਆਂ ਉਨਾਂ ਕਿਹਾ ਕਿ ਲੋਕਾਂ ਨੂੰ ਅਫਵਾਹਾਂ ਤੋਂ ਸੁੁਚੇਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣ। ਉਨਾਂ ਕਿਹਾ ਕਿ ਜਾਗਰੂਕਤਾ ਗਤੀਵਿਧੀਆਂ ਨੂੰ ਤੇਜ਼ ਕਰਨ ਲਈ ਪੰਚਾਇਤਾਂ, ਸਮਾਜ ਸੇਵੀ ਸੰਸਥਾਵਾਂ ਅਤੇ ਹੋਰ ਮੋਹਤਬਰਾਂ ਦੀ ਮਦਦ ਲਈ ਜਾਵੇ ਅਤੇ ਲੋਕਾਂ ਨੂੰ ਦੱਸਿਆ ਜਾਵੇ ਕਿ ਭਾਵੇਂ ਕਿ ਇਸ ਬਿਮਾਰੀ ਦੇ ਇਲਾਜ ਲਈ ਕੋਈ ਵਿਸ਼ੇਸ਼ ਦਵਾਈ ਜਾਂ ਵੈਕਸੀਨ ਅਜੇ ਤੱਕ ਨਹੀਂ ਆਈ ਪਰ ਫਿਰ ਵੀ ਵੱਧ ਤੋਂ ਵੱਧ ਸੈਂਪਲਿੰਗ ਕਰਵਾ ਕੇ ਇਸ ਬਿਮਾਰੀ ਦੀ ਲਾਗ ’ਤੇ ਕਾਬੂ ਪਾਇਆ ਜਾ ਸਕਦਾ ਹੈ।
ਉਨਾਂ ਕਿਹਾ ਕਿ ਸਮੂਹ ਅਧਿਕਾਰੀ ਸੈਂਪਲਿੰਗ ਦੇ ਨਿਰਧਾਰਤ ਟੀਚਿਆਂ ਨੂੰ ਪੂਰਾ ਕਰਨਾ ਯਕੀਨੀ ਬਣਾਉਣ। ਫਰੰਟ ਲਾਈਨ ’ਤੇ ਕੰਮ ਕਰਨ ਵਾਲੇ ਅਧਿਕਾਰੀਆਂ ਕਰਮਚਾਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਨਿਰਧਾਰਤ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ। ਉਨਾਂ ਕਿਹਾ ਕਿ ਪਾਜਟਿਵ ਆਉਣ ਵਾਲੇ ਮਰੀਜ਼ਾਂ ਨੂੰ ਭਾਵੇਂ ਉਹ ਸੰਸਥਾਗਤ ਇਕਾਂਤਵਾਸ ਹੋਣ ਜਾਂ ਘਰਾਂ ’ਚ ਉਨਾਂ ਦਾ ਮਨੋਬਲ ਉੱਚਾ ਰੱਖਣ ਲਈ ਢੁਕਵੇਂ ਉਪਰਾਲੇ ਕਰਨ ਦੀ ਵੀ ਲੋੜ ਹੈ ਤਾਂ ਜੋ ਉਹ ਬੀਮਾਰੀ ਤੇ ਜਿੱਤ ਪ੍ਰਾਪਤ ਕਰ ਸਕਣ। ਉਨਾਂ ਕਿਹਾ ਕਿ ਕੋਵਿਡ ਕੇਅਰ ਸੈਂਟਰਾਂ ’ਚ ਸਾਫ ਸਫਾਈ ਦੇ ਪੁਖਤਾ ਪ੍ਰਬੰਧ ਯਕੀਨੀ ਬਣਾਏ ਜਾਣ । ਅਫਵਾਹਾਂ ਫੈਲਾਉਣ ਵਾਲੇ ਅਨਸਰਾਂ ਨੂੰ ਲੱਭ ਕੇ ਉਨਾਂ ਖਿਲਾਫ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।
ਇਸ ਮੌਕੇ ਡਿਪਟੀ ਕਮਿਸਨਰ ਸੰਗਰੂਰ ਸ਼੍ਰੀ ਰਾਮਵੀਰ ਨੇ ਉਨਾਂ ਨੂੰ ਭਰੋਸਾ ਦਿਵਾਇਆ ਕਿ ਜ਼ਿਲਾ ਸੰਗਰੂਰ ’ਚ ਕੋਵਿਡ-19 ਦੀ ਸਥਿਤੀ ਕੰਟਰੋਲ ਹੇਠ ਹੈ। ਉਨਾਂ ਦੱਸਿਆ ਕਿ ਹਰ ਤਰਾਂ ਦੇ ਪ੍ਰਬੰਧ ਮੁਕੰਮਲ ਹਨ ਅਤੇ ਸੈਂਪਲਿੰਗ ਦਾ ਕੰਮ ਵੀ ਸੁਚੱਜੇ ਢੰਗ ਨਾਲ ਚੱਲ ਰਿਹਾ ਹੈ। ਉਨਾਂ ਕਿਹਾ ਕਿ ਸਮੂਹ ਉਪ ਮੰਡਲ ਮੈਜਿਸਟ੍ਰੇਟ ਵੱਲੋਂ ਰੋਜ਼ਾਨਾ ਕੋਵਿਡ ਪਾਜਿਟਿਵ ਮਰੀਜ਼ਾਂ ਨਾਲ ਫੋਨ ’ਤੇ ਰਾਬਤਾ ਕਰਕੇ ਉਨਾਂ ਦਾ ਮਨੋਬਲ ਉੱਚਾ ਚੁੱਕਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਲੋੜ ਪੈਣ ’ਤੇ ਉਨਾਂ ਵੱਲੋਂ ਖੁਦ ਵੀ ਮਰੀਜ਼ਾਂ ਨਾਲ ਤਾਲਮੇਲ ਕੀਤਾ ਜਾਂਦਾ ਹੈ ਅਤੇ ਹਰ ਸੰਭਵ ਮਦਦ ਦੇਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਸਿਵਲ ਸਰਜਨ ਸੰਗਰੂਰ ਸ਼੍ਰੀ ਰਾਜ ਕੁਮਾਰ ਨੇ ਮੀਟਿੰਗ ਦੌਰਾਨ ਦੱਸਿਆ ਕਿ ਸਿਹਤ ਵਿਭਾਗ ਦੀਆਂ ਸਮੂਹ ਟੀਮਾਂ ਵੱਲੋਂ ਪੂਰੀ ਤਨਦੇਹੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਈ ਜਾ ਰਹੀ ਹੈ।
ਇਸ ਮੌਕੇ ਮੀਟਿੰਗ ’ਚ ਵਧੀਕ ਡਿਪਟੀ ਕਮਿਸ਼ਨਰ (ਜ) ਅਨਮੋਲ ਸਿੰਘ ਧਾਲੀਵਾਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਾਜਿੰਦਰ ਸਿੰਘ ਬੱਤਰਾ, ਡੀ.ਐਫ਼.ਓ., ਸਮੂਹ ਐਸ.ਡੀ.ਐਮਜ., ਸਮੂਹ ਐਸ.ਐਮ.ਓਜ਼, ਅਤੇ ਸਮੂਹ ਨੋਡਲ ਅਫ਼ਸਰ ਮੌਜੂਦ ਸਨ।