ਕਿਸਾਨ ਯੂਨੀਅਨ ਸਿੱਧੂਪੁਰ , ਰਾਜੇਵਾਲ ਅਤੇ ਲੱਖੋਵਾਲ ਦੇ ਨੇਤਾਵਾਂ ਨੇ ਇੱਕ ਸਾਂਝੀ ਮੀਟਿੰਗ ਕਰਕੇ ਲਿਆ ਫੈਸਲਾ
ਮਹਿਲ ਕਲਾਂ 9 ਸਤੰਬਰ (ਗੁਰਸੇਵਕ ਸਿੰਘ ਸਹੋਤਾ , ਡਾ ਮਿੱਠੂ ਮੁਹੰਮਦ, ਪਾਲੀ ਵਜੀਦਕੇ)
ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ ),ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਅਤੇ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਵੱਲੋਂ ਸੂਬਾ ਪੱਧਰ ਤੇ ਕੇਂਦਰ ਦੀ ਮੋਦੀ ਸਰਕਾਰ ਦੇ ਤਿੰਨ ਕਿਸਾਨ ਵਿਰੋਧੀ ਆਰਡੀਨੈਂਸਾਂ ਅਤੇ ਬਿਜਲੀ ਸੋਧ ਬਿੱਲ ਨੂੰ ਵਾਪਸ ਕਰਵਾਉਣ ਨੂੰ ਲੈ ਕੇ 15 ਸਤੰਬਰ ਨੂੰ ਪੰਜਾਬ ਭਰ ਦੀਆਂ ਸੜਕਾਂ ਤੇ ਟਰੈਫਿਕ ਆਵਾਜਾਈ ਠੱਪ ਕਰਕੇ ਧਰਨਾ ਦੇਣ ਦੇ ਓੁਲੀਕੇ ਗਏ ਪ੍ਰੋਗਰਾਮ ਦੀਆਂ ਤਿਆਰੀਆਂ ਸਬੰਧੀ ਅੰਤਿਮ ਰੂਪ ਦੇ ਦਿੱਤਾ ਹੈ। ਇਸ ਸਬੰਧੀ ਬੀ ਕੇ ਯੂ ਸਿੱਧੂਪੁਰ ,ਬੀ ਕੇ ਯੂ ਰਾਜੇਵਾਲ ਅਤੇ ਬੀ ਕੇ ਯੂ ਲੱਖੋਵਾਲ ਦੀਆਂ ਜ਼ਿਲ੍ਹਾ ਕਮੇਟੀ ਦੇ ਅਹੁਦੇਦਾਰਾਂ ਤੇ ਵਰਕਰਾਂ ਦੀ ਇੱਕ ਸਾਂਝੀ ਵਿਸ਼ੇਸ਼ ਮੀਟਿੰਗ ਗੁਰਦੁਆਰਾ ਛੇਵੀਂ ਪਾਤਸ਼ਾਹੀ ਕਸਬਾ ਮਹਿਲ ਕਲਾਂ ਵਿਖੇ ਕੀਤੀ ਗਈ। ਮੀਟਿੰਗ ਉਪਰੰਤ ਕੇਂਦਰ ਦੀ ਮੋਦੀ ਸਰਕਾਰ ਦੇ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਕਿਸਾਨ ਵਿਰੋਧੀ ਆਰਡੀਨੈਂਸਾਂ ਅਤੇ ਬਿਜਲੀ ਸੋਧ ਬਿੱਲ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ।
ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਰੂਪ ਸਿੰਘ ਢਿੱਲਵਾਂ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਗਿਆਨੀ ਨਿਰਭੈ ਸਿੰਘ ਛੀਨੀਵਾਲ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਸੀਰਾ ਛੀਨੀਵਾਲ ਨੇ ਤਿੰਨਾਂ ਜਥੇਬੰਦੀਆਂ ਦੇ ਸੂਬਾ ਕਮੇਟੀਆਂ ਵੱਲੋਂ ਸਾਂਝੇ ਤੌਰ ਤੇ ਕੇਂਦਰ ਦੀ ਮੋਦੀ ਸਰਕਾਰ ਦੇ ਤਿੰਨ ਕਿਸਾਨ ਵਿਰੋਧੀ ਖੇਤੀ ਆਰਡੀਨੈਂਸਾਂ ਅਤੇ ਬਿਜਲੀ ਸੋਧ ਬਿੱਲ ਨੂੰ ਵਾਪਸ ਕਰਾਉਣ ਲਈ ਕੇਂਦਰ ਸਰਕਾਰ ਖਿਲਾਫ ਸੰਘਰਸ਼ ਲੜਨ ਦੇ ਲਏ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕਿਸਾਨ ਵਿਰੋਧੀ ਖੇਤੀ ਆਰਡੀਨੈਂਸ ਲਾਗੂ ਕਰਕੇ ਐਮਐਸਪੀ ਖਤਮ ਖ਼ਤਮ ਮੰਡੀਕਰਨ ਬੋਰਡ ਨੂੰ ਤੋੜ ਕੇ ਜਿਣਸਾਂ ਨੂੰ ਖੁੱਲ੍ਹੀ ਮੰਡੀ ਵਿੱਚ ਖਰੀਦ ਕਰਨ ਦੇ ਅਧਿਕਾਰ ਕਾਰਪੋਰੇਟ ਘਰਾਣਿਆਂ ਅਤੇ ਸਰਮਾਏਦਾਰ ਲੋਕਾਂ ਦੇ ਹੱਥਾਂ ਵਿੱਚ ਪ੍ਰਬੰਧ ਦੇ ਕੇ ਕਿਸਾਨਾਂ ਦੇ ਖੇਤੀਬਾੜੀ ਧੰਦਿਆਂ ਨੂੰ ਤਬਾਹ ਕੀਤਾ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਇੱਥੇ ਹੀ ਬੱਸ ਨਹੀਂ ਕੇਂਦਰ ਸਰਕਾਰ ਵੱਲੋਂ ਬਿਜਲੀ ਸੋਧ ਬਿੱਲ ਲਾਗੂ ਕਰਕੇ ਬਿਜਲੀ ਮਹਿਕਮੇ ਨੂੰ ਆਪਣੇ ਅਧਿਕਾਰ ਖੇਤਰ ਅਧੀਨ ਲੈ ਕੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਮਿਲਦੀ ਮੁਫ਼ਤ ਬਿਜਲੀ ਦੀ ਸਹੂਲਤ ਖੋਹੀ ਜਾ ਰਹੀ ਹੈ ਅਤੇ ਛੇਤੀ ਬਿੱਲ ਭੇਜਣ ਦੀ ਤਿਆਰੀ ਕੀਤੀ ਜਾ ਰਹੀ ਹੈ ।ਉਨ੍ਹਾਂ ਕਿਹਾ ਕਿ ਬੀ ਕੇ ਯੂ ਸਿੱਧੂਪੁਰ, ਰਾਜੇਵਾਲ ਅਤੇ ਭਾਕਿਯੂ ਲੱਖੋਵਾਲ ਦੇ ਬਲਾਕ ਪ੍ਰਧਾਨ ਗੁਰਧਿਆਨ ਸਿੰਘ ਸਹਿਜੜਾ ਨੇ ਜਥੇਬੰਦੀ ਦੇ ਆਗੂਆਂ ਨੂੰ ਵਿਸ਼ਵਾਸ ਦਿਵਾਇਆ ਕਿ ਕੇਂਦਰ ਦੀ ਮੋਦੀ ਸਰਕਾਰ ਦੇ ਤਿੰਨ ਕਿਸਾਨ ਵਿਰੋਧੀ ਆਰਡੀਨੈਂਸਾਂ ਅਤੇ ਬਿਜਲੀ ਸੋਧ ਬਿੱਲ ਨੂੰ ਵਾਪਸ ਕਰਵਾਉਣ ਲਈ ਜਥੇਬੰਦੀਆਂ ਵੱਲੋਂ ਸਾਂਝੇ ਸੂਬਾ ਪੱਧਰ ਤੇ 15 ਸਤੰਬਰ ਨੂੰ ਪੰਜਾਬ ਭਰ ਦੇ ਮੁੱਖ ਮਾਰਗਾਂ ਦੀਆਂ ਸੜਕਾਂ ਉੱਪਰ ਟ੍ਰੈਫਿਕ ਜਾਮ ਕਰਕੇ ਧਰਨਾ ਦੇਣ ਦੇ ਓੁਲੀਕੇ ਪ੍ਰੋਗਰਾਮ ਤਹਿਤ 15 ਸਤੰਬਰ ਨੂੰ ਜ਼ਿਲ੍ਹਾ ਬਰਨਾਲਾ ਅੰਦਰ ਲੁਧਿਆਣਾ ਬਰਨਾਲਾ ਮੁੱਖ ਮਾਰਗ ਤੇ ਕਸਬਾ ਮਹਿਲ ਕਲਾਂ ਅਤੇ ਬਰਨਾਲਾ – ਮੋਗਾ ਮੁੱਖ ਮਾਰਗ ਤੇ ਪੱਖੋਂ ਕੈਂਚੀਆਂ ਵਿਖੇ ਟਰੈਫ਼ਿਕ ਜਾਮ ਕਰਕੇ ਧਰਨੇ ਦਿੱਤੇ ਜਾਣਗੇ ।
ਉਨ੍ਹਾਂ ਤਿੰਨੋਂ ਜਥੇਬੰਦੀ ਦੇ ਆਗੂਆਂ ਵੱਲੋਂ ਵਰਕਰਾਂ ਤੇ ਆਗੂਆਂ ਦੀਆਂ ਡਿਊਟੀਆਂ ਲਗਾ ਕੇ ਤਿਆਰੀਆਂ ਪਿੰਡ ਪੱਧਰ ਤੇ ਕਿਸਾਨਾਂ ਨਾਲ ਮੀਟਿੰਗਾਂ ਕਰਕੇ ਮੁਕੰਮਲ ਕਰਨ ਦਾ ਸੱਦਾ ਦਿੱਤਾ ।ਇਸ ਮੌਕੇ ਸਿੱਧੂਪੁਰ ਦੇ ਬਲਾਕ ਪ੍ਰਧਾਨ ਜਗਪਾਲ ਸਿੰਘ ਸਹਿਜੜਾ ਲੱਖੋਵਾਲ ਦੇ ਬਲਾਕ ਪ੍ਰਧਾਨ ਗੁਰਧਿਆਨ ਸਿੰਘ ਸਹਿਜੜਾ, ਰਾਜੇਵਾਲ ਦੇ ਬਲਾਕ ਪ੍ਰਧਾਨ ਕੁਲਵਿੰਦਰ ਸਿੰਘ ਗਹਿਲ ਨੇ ਜਥੇਬੰਦੀ ਦੇ ਆਗੂਆਂ ਨੂੰ ਵਿਸ਼ਵਾਸ ਦਵਾਇਆ ਕਿ 15 ਸਤੰਬਰ ਦੇ ਧਰਨੇ ਨੂੰ ਸਫਲ ਬਣਾਉਣ ਲਈ ਪਿੰਡ ਪੱਧਰ ਤੇ ਕਿਸਾਨਾਂ ਨਾਲ ਮੀਟਿੰਗਾਂ ਕਰਕੇ ਧਰਨੇ ਸਬੰਧੀ ਲਾਮਬੰਦ ਕੀਤਾ ਜਾਵੇਗਾ। ਇਸ ਮੌਕੇ ਬੀ ਕੇ ਯੂ ਸਿੱਧੂਪੁਰ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਜਸਪਾਲ ਸਿੰਘ ਕਲਾਲਮਾਜਰਾ, ਮੀਤ ਪ੍ਰਧਾਨ ਕਰਨੈਲ ਸਿੰਘ ਗਾਂਧੀ ,ਜਨਰਲ ਸਕੱਤਰ ਨਛੱਤਰ ਸਿੰਘ ਸਹੌਰ, ਲੱਖੋਵਾਲ ਦੇ ਜ਼ਿਲ੍ਹਾ ਪ੍ਰੈਸ ਸਕੱਤਰ ਡਾ ਜਰਨੈਲ ਸਿੰਘ ਸਹੌਰ ਰਾਜੇਵਾਲ ਦੇ ਜ਼ਿਲ੍ਹਾ ਉੱਪ ਪ੍ਰਧਾਨ ਜਗਤਾਰ ਸਿੰਘ ਛੀਨੀਵਾਲ ,ਬਲਾਕ ਮੀਤ ਪ੍ਰਧਾਨ ਹਰਦੇਵ ਸਿੰਘ ਕਾਕਾ ,ਸਾਧੂ ਸਿੰਘ ਛੀਨੀਵਾਲ ,ਪੰਚ ਨਿਰਭੈ ਸਿੰਘ ਢੀਂਡਸਾ ਤੋਂ ਇਲਾਵਾ ਤਿੰਨਾਂ ਜਥੇਬੰਦੀਆਂ ਦੇ ਵਰਕਰ ਤੇ ਆਗੂ ਹਾਜ਼ਰ ਸਨ।