ਵੋਟਰ ਸੂਚੀਆਂ ਦੀ ਸਪੈਸ਼ਲ ਸਰਸਰੀ ਦੀ ਸੁਧਾਈ 16 ਨਵੰਬਰ ਤੋਂ
ਹਰਿੰਦਰ ਨਿੱਕਾ ਬਰਨਾਲਾ, 9 ਸਤੰਬਰ 2020
ਐਡੀਸ਼ਨਲ ਡਿਪਟੀ ਕਮਿਸ਼ਨਰ ਸ਼੍ਰੀ ਆਦਿੱਤਿਆ ਡੇਚਲਵਾਲ ਨੇ ਦੱਸਿਆ ਕਿ ਕਿਹਾ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਪ੍ਰਾਪਤ ਪ੍ਰੋਗਰਾਮ ਅਨੁਸਾਰ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਦਾ ਕੰਮ 16 ਅਗਸਤ 2020 ਤੋਂ ਸ਼ੁਰੂ ਹੋ ਚੱਕਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਬਰਨਾਲਾ ਅਧੀਨ 494 ਪੋਲਿੰਗ ਸਟੇਸ਼ਨ ਹਨ। ਉਨ੍ਹਾਂ ਵੱਖ-ਵੱਖ ਪਾਰਟੀਆਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਪੋਲਿੰਗ ਸਟੇਸ਼ਨ ਵਿੱਚ ਤਬਦੀਲੀ ਦੀ ਲੋੜ ਹੈ ਤਾਂ ਉਹ ਆਪਣੇ ਸੁਝਾਅ 10 ਸਤੰਬਰ 2020 ਤੱਕ ਦਫ਼ਤਰ ਜ਼ਿਲ੍ਹਾ ਚੋਣ ਅਫ਼ਸਰ ਪਾਸ ਜਮ੍ਹਾਂ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪਿਛਲੇ ਦਿਨੀਂ ਵੱਖ-ਵੱਖ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਵੀ ਕੀਤੀ ਜਾ ਚੁੱਕੀ ਹੈ।
ਸ਼੍ਰੀ ਡੇਚਲਵਾਲ ਨੇ ਇਹ ਵੀ ਦੱਸਿਆ ਕਿ ਭਾਰਤ ਚੋਣ ਕਮਿਸ਼ਨਰ, ਨਵੀਂ ਦਿੱਲੀ ਵੱਲੋਂ ਯੋਗਤਾ ਮਿਤੀ 1-1-2021 ਦੇ ਆਧਾਰ ’ਤੇ ਸਪੈਸ਼ਲ ਸਰਜਰੀ ਸੁਧਾਈ 16 ਨਵੰਬਰ 2020 ਤੋਂ 15 ਦਸੰਬਰ 2020 ਤੱਕ ਕਰਵਾਉਣ ਸਬੰਧੀ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਇਸ ਤਹਿਤ ਜ਼ਿਲ੍ਹੇ ਅਧੀਨ ਆਉਂਦੇ ਵਿਧਾਨ ਸਭਾ ਹਲਕਾ 102-ਭਦੌੜ (ਅ:ਜ:), 103-ਬਰਨਾਲਾ ਅਤੇ 104-ਮਹਿਲ ਕਲਾਂ (ਅ:ਜ:) ਆਮ ਜਨਤਾ ਪਾਸੋਂ ਦਾਅਵੇ/ਇਤਰਾਜ ਪ੍ਰਾਪਤ ਕੀਤੇ ਜਾਣਗੇ। ਇਹ ਦਾਅਵੇ/ਇਤਰਾਜ ਭਾਰਤ ਚੋਣ ਕਮਿਸ਼ਨ ਦੇ ਪੋਰਟਲ www.nvsp.in ਅਤੇ ਵੋਟਰ ਹੈਲਪਲਾਈਨ ਐਪ ਰਾਹੀਂ ਆਨਲਾਈਨ ਭਰੇ ਜਾ ਸਕਦੇ ਹਨ।
ਇਸ ਤੋਂ ਇਲਾਵਾ ਦਾਅਵੇ/ਇਤਰਾਜ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ ਦੇ ਦਫ਼ਤਰ ਵਿਖੇ ਜਾਂ ਜ਼ਿਲ੍ਹਾ ਚੋਣ ਦਫ਼ਤਰ ਬਰਨਾਲਾ ਵਿਖੇ ਦਸਤੀ ਜਾਂ ਡਾਕ ਦੁਆਰਾ ਵੀ ਦਿੱਤੇ ਜਾ ਸਕਦੇ ਹਨ। ਇਸ ਲਈ ਜੇਕਰ ਕੋਈ ਵਿਅਕਤੀ 1 ਜਨਵਰੀ 2021 ਨੂੰ 18 ਸਾਲ ਦੀ ਉਮਰ ਪੂਰੀ ਕਰਦਾ ਹੈ ਅਤੇ ਉਸਨੇ ਅਜੇ ਤੱਕ ਆਪਣੀ ਵੋਟ ਰਜਿਸਟਰਡ ਨਹੀਂ ਕਰਵਾਈ ਹੈ ਤਾਂ ਉਹ 16 ਨਵੰਬਰ 2020 ਤੋਂ 15 ਦਸੰਬਰ 2020 ਤੱਕ ਫ਼ਾਰਮ ਨੰਬਰ 06 ਵਿੱਚ ਵੋਟ ਬਣਾਉਣ ਲਈ ਬਿਨੈ ਪੱਤਰ ਦੇ ਸਕਦਾ ਹੈ। ਪ੍ਰਵਾਸੀ ਭਾਰਤੀ ਆਪਣੀ ਵੋਟ ਫਾਰਮ ਨੰਬਰ 6 ੳ ਰਾਹੀਂ ਦਰਜ ਕਰਵਾ ਸਕਦੇ ਹਨ। ਵੋਟਰ ਸੂਚੀ ਵਿੱਚ ਪਹਿਲਾਂ ਦਰਜ ਵੋਟ ਕਟਵਾਉਣ ਲਈ ਫਾਰਮ ਨੰਬਰ 7, ਵੋਟ ਵਿੱਚ ਦਰੁਸਤੀ ਕਰਵਾਉਣ ਲਈ ਫਾਰਮ ਨੰਬਰ 8 ਅਤੇ ਉਸੇ ਚੋਣ ਹਲਕੇ ਦੇ ਵਿੱਚ ਹੀ ਰਿਹਾਇਸ਼ ਦੀ ਤਬਦੀਲੀ ਸਬੰਧੀ ਫਾਰਮ ਨੰ: 8 ੳ ਵਿੱਚ ਪੇਸ਼ ਕੀਤੇ ਜਾ ਸਕਦੇ ਹਨ।
ਇਸ ਮੁਹਿੰਮ ਅਧੀਨ ਬੂਥ ਲੈਵਲ ਅਫਸਰਾਂ ਵੱਲੋਂ ਰਜਿਸਟਰਾਰ ਜਨਮ ਅਤੇ ਮੌਤ ਦੇ ਸਟਾਫ਼ ਨਾਲ ਤਾਲਮੇਲ ਕਰਕੇ ਮੌਤ ਹੋ ਚੁੱਕੇ ਵੋਟਰਾਂ ਦੀਆਂ ਵੋਟਾਂ ਕੱਟਣ ਲਈ ਲਿਸਟ ਵੀ ਤਿਆਰ ਕੀਤੀ ਜਾਵੇ। ਉਨ੍ਹਾਂ ਇਹ ਵੀ ਦੱਸਿਆ ਕਿ ਵੋਟਰ ਵੱਲੋਂ ਕਿਸੇ ਵੀ ਕਿਸਮ ਦੀ ਜਾਣਕਾਰੀ ਲਈ ਟੋਲ ਫ਼੍ਰੀ ਨੰਬਰ 1950 ’ਤੇ ਦਫ਼ਤਰੀ ਸਮੇਂ ਦੌਰਾਨ ਸੰਪਰਕ ਕੀਤਾ ਜਾ ਸਕਦਾ ਹੈ।