ਜ਼ਿਲ੍ਹੇ ਦੇ 4799 ਬੱਚਿਆਂ ਨੂੰ 39 ਟੀਮਾਂ ਵੱਲੋਂ ਘਰ-ਘਰ ਜਾ ਕੇ ਪਿਲਾਈਆਂ ਜਾਣਗੀਆਂ ਬੂੰਦਾਂ
ਮਿਸ਼ਨ ਫਤਿਹ ਤਹਿਤ ਕਰੋਨਾ ਸਾਵਧਾਨੀਆਂ ਬਾਰੇ ਵੀ ਕੀਤਾ ਜਾਗਰੂਕ
ਅਜੀਤ ਸਿੰਘ ਕਲਸੀ/ ਰਵੀ ਸੈਣ ਬਰਨਾਲਾ, 20 ਸਤੰਬਰ 2020
ਸਿਹਤ ਵਿਭਾਗ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਿਵਲ ਸਰਜਨ ਡਾ. ਗੁਰਿੰਦਰਬੀਰ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਬਰਨਾਲਾ ਵਿੱਚ ਮਾਈਗਰੇਟਰੀ ਪਲਸ ਪੋਲੀਓ ਰਾਉਂਡ ਦੀ ਸ਼ੁਰੂਆਤ ਅਨਾਜ ਮੰਡੀ, ਬਰਨਾਲਾ ਵਿਚ ਝੁੱਗੀਆਂ-ਝੌਂਪੜੀਆਂ ਵਾਲੇ ਬੱਚਿਆਂ ਨੂੰ ਪੋਲੀਉ ਰੋਕੂ ਬੂੰਦਾਂ ਪਿਲਾ ਕੇ ਕੀਤੀ ਗਈ। ਇਨ੍ਹਾਂ ਬੱਚਿਆਂ ਨੂੰ ਬੂੰਦਾਂ ਪਿਲਾਉਣ ਦੀ ਸ਼ੁਰੂਆਤ ਸਿਵਲ ਸਰਜਨ ਬਰਨਾਲਾ ਵੱਲੋਂ ਕੀਤੀ ਗਈ।
ਇਸ ਰਾਊਂਡ ਦੌਰਾਨ ਟੀਮਾਂ ਵੱਲੋਂ ਸਲੱਮ ਏਰੀਏ, ਫੈਕਟਰੀਆਂ, ਭੱਠਿਆਂ ਤੇ ਸ਼ੈਲਰਾਂ ਆਦਿ ’ਤੇ ਜਾ ਕੇ ਪੋਲੀਓ ਰੋਧਕ ਬੂੰਦਾਂ ਪਿਲਾਈਆਂ ਜਾਣਗੀਆਂ। ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਭੁਪਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 0 ਤੋਂ ਲੈ ਕੇ 5 ਸਾਲ ਦੇ 4799 ਬੱਚਿਆਂ ਨੂੰ 39 ਟੀਮਾਂ ਵੱਲੋਂ ਘਰ-ਘਰ ਜਾ ਕੇ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾ ਰਹੀਆਂ ਹਨ। ਇਸ ਰਾਊਂਡ ਦੌਰਾਨ 4 ਸੁਪਰਵਾਈਜ਼ਰਾਂ ਅਤੇ ਜ਼ਿਲ੍ਹਾ ਪ੍ਰੋਗਰਾਮ ਅਫਸਰਾਂ ਵੱਲੋਂ ਸੁਪਰਵੀਜ਼ਨ ਕੀਤੀ ਜਾਵੇਗੀ ਤਾਂ ਜੋ ਕੋਈ ਵੀ ਬੱਚਾ ਪੋਲੀਓ ਰੋਕੂ ਬੂੰਦਾਂ ਤੋਂ ਵਾਂਝਾ ਨਾ ਰਹੇ। ਉਨ੍ਹਾਂ ਪਰਵਾਸੀ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਆਪਣੇ 0 ਤੋਂ ਲੈ ਕੇ 5 ਸਾਲ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਜ਼ਰੂਰ ਪਿਲਾਉਣ।
ਇਸ ਮੌਕੇ ਸਿਹਤ ਵਿਭਾਗ ਦੇ ਮਾਸ ਮੀਡੀਆ ਵਿੰਗ ਵੱਲੋਂ ਮਿਸ਼ਨ ਫਤਿਹ ਤਹਿਤ ਕਰੋਨਾ ਤੋਂ ਬਚਾਅ ਬਾਰੇ ਸਾਵਧਾਨੀਆਂ ਅਪਣਾਉਣ ਬਾਰੇ ਵੀ ਜਾਗਰੂਕ ਕੀਤਾ ਗਿਆ। ਇਸ ਮੌਕੇ ਐਸਐਮਓ ਡਾ. ਤਪਿੰਦਰਜੋਤ ਕੌਸ਼ਲ, ਜ਼ਿਲ੍ਹਾ ਸਿਹਤ ਅਫਸਰ ਬਰਨਾਲਾ ਡਾ. ਜਸਪ੍ਰੀਤ ਸਿੰਘ, ਡਿਪਟੀ ਮਾਸ ਮੀਡੀਆ ਅਫਸਰ ਕੁਲਦੀਪ ਸਿੰਘ ਤੇ ਗੁਰਦੀਪ ਸਿੰਘ ਹਾਜ਼ਰ ਸਨ।