ਮੰਡੀਆਂ ’ਚ ਸੁੱਕਾ ਝੋਨਾ ਲਿਆਉਣ ਲਈ ਕੀਤੀ ਕਿਸਾਨਾਂ ਨੂੰ ਅਪੀਲ
ਕੋਵਿਡ-19 ਦੇ ਮੱਦੇਨਜ਼ਰ ਸਰਕਾਰ ਵੱਲੋਂ ਜਾਰੀ ਹਦਾਇਤਾਂ ਸਬੰਧੀ ਪਾਲਣਾ ਕਰਨ ਹਿੱਤ ਕਿਸਾਨਾਂ ਤੇ ਆੜ੍ਹਤੀਆਂ ਨਾਲ ਕੀਤੀ ਗੱਲਬਾਤ
ਹਰਿੰਦਰ ਨਿੱਕਾ ਬਰਨਾਲਾ, 11 ਅਕਤੂਬਰ :2020
ਡਾਇਰੈਕਟਰ ਖ਼ੁਰਾਕ ਸਿਵਲ ਸਪਲਾਈਜ ਅਤੇ ਖਪਤਕਾਰ ਮਾਮਲੇ ਵਿਭਾਗ, ਪੰਜਾਬ ਸ਼੍ਰੀਮਤੀ ਅਨਿੰਦਤਾ ਮਿਤਰਾ ਵੱਲੋਂ ਡਿਪਟੀ ਡਾਇਰੈਕਟਰ (ਫੀਲਡ), ਪਟਿਆਲਾ ਸ਼੍ਰੀ ਮੁਨੀਸ਼ ਨਰੂਲਾ ਸਹਿਤ ਖਰੀਫ਼ ਸੀਜਨ ਸਾਲ 2020-21 ਦੌਰਾਨ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਜਿਲ੍ਹਾ ਬਰਨਾਲਾ ਦੀ ਮੁੱਖ ਯਾਰਡ ਬਰਨਾਲਾ ਦਾ ਦੌਰਾ ਕੀਤਾ ਗਿਆ।
ਇਸ ਮੌਕੇ ਸ਼੍ਰੀਮਤੀ ਮਿਤਰਾ ਵੱਲੋਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਝੋਨੇ ਦੀ ਫ਼ਸਲ ਨੂੰ ਉਦੋਂ ਹੀ ਕਟਾਇਆ ਜਾਵੇ ਜਦੋਂ ਝੋਨਾ ਸੁੱਕ ਗਿਆ ਹੋਵੇ ਤਾਂ ਜੋ ਉਨ੍ਹਾਂ ਨੂੰ ਮੰਡੀਆਂ ’ਚ ਆਪਣੀ ਫ਼ਸਲ ਵੇਚਣ ’ਚ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀ ਫ਼ਸਲ ਦਾ ਦਾਣਾ-ਦਾਣਾ ਖਰੀਦ ਕੀਤਾ ਜਾਵੇਗਾ ਅਤੇ ਅਨਾਜ ਮੰਡੀਆਂ ’ਚ ਕਿਸਾਨਾਂ ਨੂੰ ਕਿਸੇ ਪ੍ਰਕਾਰ ਦੀ ਕੋਈ ਵੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ।
ਆਪਣੇ ਦੌਰੇ ਦੌਰਾਨ ਉਨ੍ਹਾਂ ਕੋਵਿਡ-19 ਤੋਂ ਬਚਾਅ ਸਬੰਧੀ ਸਰਕਾਰ ਦੀਆਂ ਹਦਾਦਿਤਾਂ ਦੀ ਪਾਲਣਾ ਕਰਨ ਹਿੱਤ ਜ਼ਿਲ੍ਹਾ ਮੰਡੀ ਅਫ਼ਸਰ ਬਰਨਾਲਾ, ਕਿਸਾਨਾਂ ਅਤੇ ਆੜ੍ਹਤੀਆਂ ਨਾਲ ਗੱਲਬਾਤ ਵੀ ਕੀਤੀ ਗਈ ਅਤੇ ਦੱਸਿਆ ਗਿਆ ਕਿ ਕਿਵੇਂ ਆਪਾਂ ਆਪਣੀ ਫ਼ਸਲ ਮੰਡੀਆਂ ’ਚ ਵੇਚਣ ਸਮੇਂ ਕੋਰੋਨਾ ਦੀ ਮਹਾਂਮਾਰੀ ਤੋਂ ਬਚਣ ਲਈ ਸਾਵਧਾਨੀਆਂ ਵਰਤਣੀਆਂ ਹਨ। ਇਸ ਮੌਕੇ ਆੜ੍ਹਤੀਆਂ ਦੇ ਨੁਮਾਇੰਦਿਆਂ ਵੱਲੋਂ ਮੰਡੀ ਬੋਰਡ ਵੱਲੋਂ ਜਾਰੀ ਪਾਸ ਸਿਸਟਮ ਨੂੰ ਗਰਾਊਂਡ ਪੱਧਰ ’ਤੇ ਲਾਗੂ ਕਰਨ ਦੀ ਜ਼ਰੂਰਤ ਬਾਰੇ ਦੱਸਣ ’ਤੇ ਸ਼੍ਰੀਮਤੀ ਮਿਤਰਾ ਵੱਲੋਂ ਜ਼ਿਲ੍ਹਾ ਮੰਡੀ ਅਫ਼ਸਰ ਨੂੰ ਹਦਾਇਤ ਕੀਤੀ ਗਈ ਕਿ ਜ਼ਿਲ੍ਹੇ ਦੀ ਹਰੇਕ ਖਰੀਦ ਮੰਡੀ ਪੱਧਰ ’ਤੇ ਮੰਡੀ ਬੋਰਡ ਵੱਲੋਂ ਆੜ੍ਹਤੀਆਂ ਨਾਲ ਹਫ਼ਤਾਵਾਰ ਮੀਟਿੰਗ ਕੀਤੀ ਜਾਵੇ ਅਤੇ ਅਗਲੇ ਹਫ਼ਤੇ ਦੇ ਅੰਦਾਜ਼ਨ ਆਮਦ ਅਨੁਸਾਰ ਆੜ੍ਹਤੀਆਂ ਨੂੰ ਪਾਸ ਜਾਰੀ ਕੀਤੇ ਜਾਣ।
ਡਾਇਰੈਕਟਰ ਖ਼ੁਰਾਕ ਸਿਵਲ ਸਪਲਾਈਜ ਅਤੇ ਖਪਤਕਾਰ ਮਾਮਲੇ ਵਿਭਾਗ ਵੱਲੋਂ ਬਰਨਾਲਾ ਮੰਡੀ ਵਿਚ ਆਮਦ ਹੋਈ ਝੋਨੇ ਦੀ ਫ਼ਸਲ ਦਾ ਨਿਰੀਖਣ ਕੀਤਾ ਅਤੇ ਝੋਨੇ ’ਚ ਨਮੀ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਹੀ ਹੋਣ ਕਾਰਨ ਨਿਰੀਖਕ ਪਨਗਰੇਨ ਬਰਨਾਲਾ ਵੱਲੋਂ ਬੋਲੀ ਦਰਜ ਕੀਤੀ ਗਈ। ਇਸ ਮੌਕੇ ਉਨ੍ਹਾਂ ਇਹ ਵੀ ਦੱਸਿਆ ਕਿ ਸਮੂਹ ਏਜੰਸੀਆਂ ਵੱਲੋਂ ਝੋਨੇ ਦੀ ਖਰੀਦ ਕੀਤੀ ਫ਼ਸਲ ਦੀ ਅਦਾਇਗੀ 12 ਅਕਤੂਬਰ ਤੋਂ ਸ਼ੁਰੂ ਕਰ ਦਿੱਤੀ ਜਾਵੇਗੀ।
ਇਸ ਮੌਕੇ ਜ਼ਿਲ੍ਹਾ ਖ਼ੁਰਾਕ ਸਪਲਾਈਜ ਕੰਟਰੋਲਰ ਬਰਨਾਲਾ ਸ਼੍ਰੀਮਤੀ ਅਤਿੰਦਰ ਕੌਰ ਵੱਲੋਂ ਦੱਸਿਆ ਗਿਆ ਕਿ ਜ਼ਿਲ੍ਹਾ ਬਰਨਾਲਾ ਵਿਚ ਪਹਿਲਾਂ ਤੋਂ ਕੁੱਲ 98 ਮੰਡੀਆਂ ਹਨ ਅਤੇ ਇਸ ਸਾਲ ਕੋਵਿਡ-19 ਦੇ ਚਲਦੇ 202 ਰਾਇਸ ਮਿਲਾਂ ਨੂੰ ਮੰਡੀ ਯਾਰਡ ਘੋਸ਼ਿਤ ਕੀਤਾ ਗਿਆ ਹੈ, ਜਿਨ੍ਹਾਂ ਵਿੱਚ ਅੰਦਾਜ਼ਨ 845760 ਮੀਟਰਕ ਟਨ ਝੋਨੇ ਦੀ ਫ਼ਸਲ ਆਉਣ ਦੀ ਸੰਭਾਵਨਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ’ਚ ਅੱਜ ਤੱਕ ਕੁੱਲ 1556 ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿੱਚੋਂ ਬਰਨਾਲਾ ਮੁੱਖ ਯਾਰਡ ਵਿਚ 445 ਮੀਟਰਕ ਟਨ ਦੀ ਆਮਦ ਹੋਈ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਸਾਲ 2019-20 ਦੌਰਾਨ ਬਰਨਾਲਾ ਅਨਾਜ ਮੰਡੀ ’ਚ ਝੋਨੇ ਦੀ ਆਮਦ ਲਗਭਗ 1,24,000 ਮੀਟਰਕ ਟਨ ਸੀ ਅਤੇ ਅੰਦਾਜਨ 20 ਅਕਤੂਬਰ ਤੱਕ ਜਿਲ੍ਹਾ ਬਰਨਾਲਾ ਦੀਆਂ ਸਾਰੀਆਂ ਅਨਾਜ ਮੰਡੀਆਂ ’ਚ ਝੋਨੇ ਦੀ ਫ਼ਸਲ ਭਰਪੂਰ ਮਾਤਰਾ ਵਿਚ ਆਉਣ ਦੀ ਸੰਭਾਵਨਾ ਹੈ।