*ਜ਼ਿਲ੍ਹਾ ਬਰਨਾਲਾ ਦੇ ਪਿੰਡਾਂ ਵਿਚ 815 ਕੰਮਾਂ ਦੀ ਹੋਈ ਆਨਲਾਈਨ ਸ਼ੁਰੂਆਤ *ਜ਼ਿਲ੍ਹੇ ਵਿਚ ਪੇਂਡੂ ਵਿਕਾਸ ਕੰਮਾਂ ’ਤੇ ਖਰਚੇ ਜਾਣਗੇ 53.27 ਕਰੋੜ ਰੁੁਪਏ
* 20 ਥਾਵਾਂ ਤੋਂ ਪੰਚਾਇਤਾਂ ਵੱਲੋਂ ਆਨਲਾਈਨ ਸਮਾਗਮ ਵਿਚ ਸ਼ਿਰਕਤ* ਦੂਜੇ ਪੜਾਅ ਦੇ ਵਿਕਾਸ ਕਾਰਜਾਂ ਨਾਲ ਹੋਰ ਨਿੱਖਰੇਗੀ ਪਿੰਡਾਂ ਦੀ ਨੁਹਾਰ: ਡਿਪਟੀ ਕਮਿਸ਼ਨਰ
ਹਰਿੰਦਰ ਨਿੱਕਾ ਬਰਨਾਲਾ, 18 ਅਕਤੂਬਰ 2020
ਪੰਜਾਬ ਸਰਕਾਰ ਦੇ ਫਲੈਗਸ਼ਿਪ ਪ੍ਰੋਗਰਾਮ ‘ਸਮਾਰਟ ਵਿਲੇਜ ਸਕੀਮ’ ਦੇ ਦੂਜੇ ਪੜਾਅ ਦੀ ਸ਼ੁਰੂਆਤ ਅੱਜ ਆਨਲਾਈਨ ਮਾਧਿਅਮ ਰਾਹੀਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੀਤੀ। ਇਸ ਮੌਕੇ ਲੋਕ ਸਭਾ ਮੈਂਬਰ ਅਤੇ ਕੌਮੀ ਆਗੂ ਸ੍ਰੀ ਰਾਹੁਲ ਗਾਂਧੀ ਨੇ ਵੀ ਇਸ ਮੁਹਿੰਮ ਦਾ ਆਨਲਾਈਨ ਆਗਾਜ਼ ਕੀਤਾ। ਇਸ ਮੁਹਿੰਮ ਦੇ ਦੂਜੇ ਪੜਾਅ ਤਹਿਤ ਕਰੀਬ 2775 ਕਰੋੜ ਰੁਪਏ ਨਾਲ ਸੂਬੇ ਦੇ ਪਿੰਡਾਂ ਵਿਚ ਕਰੀਬ 48,910 ਵਿਕਾਸ ਕੰਮ ਨੇਪਰੇ ਚਾੜ੍ਹੇ ਜਾਣਗੇ।
ਜ਼ਿਲ੍ਹਾ ਸਦਰ ਮੁਕਾਮ ਤੋਂ ਡਿਪਟੀ ਕਮਿਸ਼ਨਰ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਰੁਣ ਜਿੰਦਲ ਅਤੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਸ੍ਰੀ ਸੰਜੀਵ ਕੁਮਾਰ ਸ਼ਰਮਾ ਨੇ ਆਨਲਾਈਨ ਪ੍ਰੋੋਗਰਾਮ ਵਿਚ ਸ਼ਿਰਕਤ ਕੀਤੀ। ਇਸ ਮੌਕੇ ਜ਼ਿਲ੍ਹੇ ਵਿਚ ਬੀਡੀਪੀਓਜ਼ ਤੋਂ ਇਲਾਵਾ ਕਰੀਬ 20 ਥਾਵਾਂ ’ਤੇ ਪੰਚਾਇਤਾਂ ਅਤੇ ਪਿੰਡਾਂ ਦੇ ਲੋਕਾਂ ਨੇ ਸਮਾਗਮ ਵਿਚ ਭਾਗ ਲਿਆ।
ਇਸ ਮੌਕੇ ਸੂਬਾ ਵਾਸੀਆਂ ਨੇ ਰੂ-ਬ-ਰੂ ਹੁੰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ ਕਰੀਬ 2775 ਕਰੋੜ ਰੁਪਏ ਦੀ ਵਿਵਸਥਾ ਕੀਤੀ ਗਈ ਹੈ, ਜਿਸ ਨਾਲ ਸੂਬੇ ਦੇ ਸਾਰੇ ਪਿੰਡਾਂ ਵਿਚ ਕਰੀਬ 48,910 ਵਿਕਾਸ ਕੰਮ ਕਾਰਜ ਨੇਪਰੇ ਚਾੜ੍ਹੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਰਕਮ ਨਾਲ ਪਿੰਡਾਂ ਦੇ ਬੁਨਿਆਦੀ ਵਿਕਾਸ ਦੇ ਕੰਮ ਹੋਣਗੇ ਅਤੇ ਇੰਨਾਂ ਦੀ ਰੂਪ-ਰੇਖਾ ਵੀ ਪਿੰਡ ਪੱਧਰ ’ਤੇ ਸਥਾਨਕ ਜ਼ਰੂਰਤਾਂ ਅਨੁਸਾਰ ਹੀ ਤਿਆਰ ਕੀਤੀ ਗਈ ਹੈ। ਇਸ ਤੋਂ ਬਿਨਾਂ ਰਾਜ ਵਿਚ ਇਸ ਸਾਲ 750 ਸਟੇਡੀਅਮ ਬਣਾਏ ਜਾ ਰਹੇ ਹਨ। ਉਨਾਂ ਨੇ ਦੱਸਿਆ ਕਿ ਇਸ ਸਕੀਮ ਨਾਲ ਪਿੰਡਾਂ ਦੀ ਨੁਹਾਰ ਬਦਲੇਗੀ।
ਇਸ ਮੌਕੇ ਸ੍ਰੀ ਰਾਹੂਲ ਗਾਂਧੀ ਨੇ ਪੰਜਾਬ ਸਰਕਾਰ ਦੇ ਇਸ ਪ੍ਰੋਗਰਾਮ ਦੀ ਸ਼ਲਾਘਾ ਕਰਦਿਆਂ ਪਿੰਡਾਂ ਨੂੰ ਸਮਾਜ ਦੇ ਵਿਕਾਸ ਦੀ ਨੀਂਹ ਦੱਸਿਆ। ਪੰਚਾਇਤ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਇਸ ਸਕੀਮ ਦੇ ਪਹਿਲੇ ਪੜਾਅ ਵਿਚ 835 ਕਰੋੜ ਰੁਪਏ ਖਰਚ ਕੀਤੇ ਗਏ ਸਨ। ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਵਿਕਾਸ ਪ੍ਰਾਜੈਕਟਾਂ ਲਈ ਪੈਸੇ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਮਗਰੋਂ ਡਿਪਟੀ ਕਮਿਸ਼ਨਰ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਇਸ ਪ੍ਰੋਜੈਕਟ ਤਹਿਤ 815 ਵਿਕਾਸ ਕਾਰਜ ਕਰੀਬ 53.27 ਕਰੋੜ ਦੀ ਰਾਸ਼ੀ ਨਾਲ ਨੇਪਰੇ ਚਾੜ੍ਹੇ ਜਾਣਗੇ। ਇਸ ਤਹਿਤ ਪਿੰਡਾਂ ਦੀਆਂ ਗਲੀਆਂ ਨਾਲੀਆਂ, ਪੀਣ ਦੇ ਪਾਣੀ ਅਤੇ ਸੀਵਰੇਜ, ਸਟਰੀਟ ਲਾਈਟਾਂ, ਪਾਰਕ, ਕਮਿਊਨਿਟੀ ਸੈਂਟਰ, ਸਕੂਲ ਆਂਗਣਵਾੜੀ ਕੇਂਦਰ ਅਤੇ ਹੋਰ ਵਿਕਾਸ ਕੰਮ ਕਰਵਾਏ ਜਾਣੇ ਹਨ। ਉਨ੍ਹਾਂ ਨੇ ਦੱਸਿਆ ਕਿ ਇਨ੍ਹਾਂ ਕੰਮਾਂ ਦੇ ਮੁਕੰਮਲ ਹੋਣ ਨਾਲ ਪਿੰਡਾਂ ਦਾ ਮੁਹਾਂਦਰਾ ਹੋਰ ਨਿਖਰੇਗਾ।