ਭਾਰਤ ਭੂਸ਼ਣ ਆਸ਼ੂ ਵੱਲੋ ‘ਪੰਜਾਬ ਸਲੱਮ ਡਵੈਲਰਜ਼ (ਮਲਕੀਅਤੀ ਅਧਿਕਾਰ) ਐਕਟ-2020 ਅਤੇ ‘ਦਿ ਪੰਜਾਬ ਮੈਨੇਜਮੈਂਟ ਐਂਡ ਟ੍ਰਾਂਸਫਰ ਆਫ਼ ਮਿਉਂਸਪਲ ਪ੍ਰਾਪਰਟੀਜ਼ ਐਕਟ, 2020’ ਸਬੰਧੀ ਮੀਟਿੰਗ ਦੀ ਕੀਤੀ ਪ੍ਰਧਾਨਗੀ
ਦਵਿੰਦਰ ਡੀ.ਕੇ. ਲੁਧਿਆਣਾ, 24 ਅਕਤੂਬਰ 2020
ਪੰਜਾਬ ਸਰਕਾਰ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਝੁੱਗੀ-ਝੌਂਪੜੀ ਵਾਲਿਆਂ ਦੀਆਂ ਮੁੱਢਲੀਆਂ ਲੋੜਾਂ ਦੇ ਹੱਲ ਲਈ ਅਤੇ ਸੂਬੇ ਦੇ ਸ਼ਹਿਰੀ ਖੇਤਰਾਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਮੰਤਵ ਲਈ ‘ਪੰਜਾਬ ਸਲੱਮ ਡਵੈਲਰਜ਼ (ਮਲਕੀਅਤੀ ਅਧਿਕਾਰ) ਐਕਟ-2020 ਅਤੇ ‘ਦਿ ਪੰਜਾਬ ਮੈਨੇਜਮੈਂਟ ਐਂਡ ਟ੍ਰਾਂਸਫਰ ਆਫ਼ ਮਿਉਂਸਪਲ ਪ੍ਰਾਪਰਟੀਜ਼ ਐਕਟ, 2020’ ਦੇ ਲਾਗੂ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਕੈਬਨਿਟ ਮੰਤਰੀ ਸ੍ਰੀ ਆਸ਼ੂ ਵੱਲੋਂ ਅੱਜ, ਵਿਧਾਇਕ ਸ੍ਰੀ ਸੁਰਿੰਦਰ ਡਾਵਰ ਅਤੇ ਸ੍ਰੀ ਸੰਜੇ ਤਲਵਾੜ, ਮੇਅਰ ਸ੍ਰ. ਬਲਕਾਰ ਸਿੰਘ ਸੰਧੂ, ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਨਗਰ ਨਿਗਮ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਸੱਭਰਵਾਲ, ਨਗਰ ਨਿਗਮ ਕੌਸਲਰ ਸ੍ਰੀਮਤੀ ਮਮਤਾ ਆਸ਼ੂ ਦੀ ਹਾਜ਼ਰੀ ਵਿੱਚ ਦੋਵੇ ਕਾਨੂੰਨਾਂ ਸਬੰਧੀ ਵਿਚਾਰ ਵਟਾਂਦਰੇ ਕੀਤੇ।
ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਝੁੱਗੀਆਂ ਝੌਂਪੜੀ ਵਾਲਿਆਂ ਦੀਆਂ ਮੁੱਢਲੀਆਂ ਲੋੜਾਂ ਨੂੰ ਹੱਲ ਕਰਨ ਅਤੇ ਰਾਜ ਦੇ ਸ਼ਹਿਰੀ ਖੇਤਰਾਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਨੇ ”ਪੰਜਾਬ ਸਲੱਮ ਡਵੈਲਰਜ਼ (ਮਲਕੀਅਤੀ ਅਧਿਕਾਰ) ਐਕਟ-2020 ਲਾਗੂ ਕੀਤਾ ਹੈ। ਉਨ੍ਹਾਂ ਕਿਹਾ ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਝੁੱਗੀਆਂ-ਝੌਂਪੜੀਆਂ ਦਾ ਪ੍ਰਬੰਧਨ ਸ਼ਹਿਰਾਂ ਦੇ ਟਿਕਾਊ ਵਿਕਾਸ ਲਈ ਵੱਡੀ ਚਿੰਤਾ ਦਾ ਵਿਸ਼ਾ ਹੈ।। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਝੁੱਗੀ ਝੌਂਪੜੀ ਵਾਲਿਆਂ ਨੂੰ ਅਤੇ ਰਾਜ ਦੇ ਹੋਰ ਵਸਨੀਕਾਂ ਨੂੰ ਮੁੱਢਲੀਆਂ ਸਹੂਲਤਾਂ ਅਤੇ ਨਿੱਜੀ ਅਧਿਕਾਰ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।
ਉਨ੍ਹਾਂ ਕਿਹਾ ਕਿ ਸ਼ਹਿਰੀ ਜਾਇਦਾਦਾਂ ਦੇ ਢੁੱਕਵੇ ਅਤੇ ਪ੍ਰਭਾਵੀ ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਨੇ ‘ਦਿ ਪੰਜਾਬ ਮੈਨੇਜਮੈਂਟ ਐਂਡ ਟ੍ਰਾਂਸਫਰ ਆਫ਼ ਮਿਉਂਸਪਲ ਪ੍ਰਾਪਰਟੀਜ਼ ਐਕਟ, 2020’ ਵੀ ਲਾਗੂ ਕੀਤਾ ਹੈ। ਉਨ੍ਹਾਂ ਦੱਸਿਆ ਕਿ ਬਦਲਦੇ ਸਮੇਂ ਵਿੱਚ ਸ਼ਹਿਰੀ ਜਾਇਦਾਦਾਂ ਦਾ ਪ੍ਰਬੰਧਨ ਵਿਸ਼ੇਸ਼ ਤੌਰ ‘ਤੇ ਮਹੱਤਵਪੂਰਨ ਹੈ ਕਿਉਂਕਿ ਸਾਰੇ ਭਾਈਵਾਲਾਂ ਦੀਆਂ ਵੱਖ ਵੱਖ ਮੰਗਾਂ ਨੂੰ ਇਕਸਾਰਤਾ ਨਾਲ ਏਕੀਕ੍ਰਿਤ ਕੀਤਾ ਜਾਣਾ ਹੈ।
ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸ਼ਹਿਰ ਦੀਆਂ ਸਾਰੀਆਂ ਝੁੱਗੀਆਂ-ਝੌਂਪੜੀਆਂ ਦਾ ਸਰਵੇ ਕਰਨ ਜੋ ਇਸ ਐਕਟ ਅਧੀਨ ਆਉਂਦੀਆਂ ਹਨ ਤਾਂ ਜੋ ਵਸਨੀਕਾਂ ਨੂੰ ਵੱਧ ਤੋਂ ਵੱਧ ਲਾਭ ਪਹੁੰਚਾਇਆ ਜਾ ਸਕੇ। ਇਸ ਮੌਕੇ ਹਾਜ਼ਰ ਪ੍ਰਮੁੱਖ ਸ਼ਖਸ਼ੀਅਤਾਂ ਵਿੱਚ ਵਧੀਕ ਡਿਪਟੀ ਕਮਿਸ਼ਨਰ(ਵਿਕਾਸ) ਸ੍ਰੀ ਸੰਦੀਪ ਕੁਮਾਰ, ਨਗਰ ਨਿਗਮ ਦੇ ਜੁਆਇੰਟ ਕਮਿਸ਼ਨਰ ਸ੍ਰੀਮਤੀ ਸਵਾਤੀ ਟਿਵਾਣਾ ਅਤੇ ਕੁਲਪ੍ਰੀਤ ਸਿੰਘ, ਡੀ.ਡੀ.ਐਲ.ਜੀ. ਅਮਿਤ ਬੈਂਬੀ, ਨਗਰ ਨਿਗਮ ਜੋਨਲ ਕਮਿਸ਼ਨਰ ਸ੍ਰੀ ਨੀਰਜ ਜੈਨ ਤੋਂ ਇਲਾਵਾ ਕਈ ਹੋਰ ਸ਼ਾਮਲ ਸਨ।