ਕਿਰਾਏਦਾਰਾਂ ਦੇ ਵੇਰਵੇ ਦਰਜ ਕਰਨ ਦੇ ਹੁਕਮ , ਚਾਇਨਾ ਡੋਰ ਸਟੋਰ ਕਰਨ, ਵੇਚਣ ਤੇ ਖਰੀਦਣ ’ਤੇ ਮੁਕੰਮਲ ਪਾਬੰਦੀ
ਧਾਰਾ 144 ਅਧੀਨ ਵੱਖ ਵੱਖ ਹੁਕਮ ਜਾਰੀ
ਸੋਨੀ ਪਨੇਸਰ , ਬਰਨਾਲਾ, 26 ਅਕਤੂਬਰ 2020
ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਹੁਕਮ ਜਾਰੀ ਕੀਤਾ ਹੈ ਕਿ ਜ਼ਿਲ੍ਹੇ ਦੀ ਹਦੂਦ ਅੰਦਰ ਕੋਈ ਵੀ ਵਿਅਕਤੀ ਸਰਕਾਰੀ ਸੜਕ, ਰਸਤੇ ਅਤੇ ਜ਼ਮੀਨ ’ਤੇ ਨਾਜਾਇਜ਼ ਕਬਜ਼ਾ ਨਹੀ ਕਰ ਸਕਦਾ। ਹੁਕਮ ਅਦੂਲੀ ਕਰਨ ਵਾਲਿਆਂ ਦੇ ਖ਼ਿਲਾਫ਼ ਧਾਰਾ 188 ਆਈਪੀਸੀ ਤਹਿਤ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਹਦਾਇਤ ਕੀਤੀ ਕਿ ਜ਼ਿਲ੍ਹਾ ਬਰਨਾਲਾ ਅੰਦਰ ਪੋਲਟਰੀ ਫਾਰਮਾਂ, ਰਾਈਸ ਸੈਲਰਾਂ, ਭੱਠਿਆਂ ਅਤੇ ਹੋਰ ਲਘੂ ਉਦਯੋਗਾਂ ਦੇ ਮਾਲਕ ਅਤੇ ਘਰੇਲੂ ਨੌਕਰ ਰੱਖਣ ਵਾਲੇ ਆਪਣੇ ਅਧੀਨ ਕੰਮ ਕਰਨ ਵਾਲੇ ਵਿਅਕਤੀਆਂ ਦਾ ਨਾਮ ਅਤੇ ਮੁਕੰਮਲ ਪੱਕਾ ਪਤਾ, ਤਿੰਨ ਤਸਵੀਰਾਂ (ਸੱਜੇ, ਖੱਬੇ ਅਤੇ ਸਾਹਮਣੇ ਤੋਂ ਪੋਜ) ਆਪਣੇ ਘਰਾਂ ਵਿੱਚ ਰਜਿਸਟਰ ਲਾ ਕੇ ਰੱਖਣ ਅਤੇ ਉਨ੍ਹਾਂ ਦੀਆਂ ਸਾਰੀਆਂ ਰਿਸ਼ਤੇਦਾਰੀਆਂ ਦੇ ਪਤੇ ਲਿਖ ਕੇ ਰੱਖੇ ਜਾਣ ਅਤੇ ਨੌਕਰ ਦੀ ਤਨਖਾਹ ਵਿਚੋਂ 100/200 ਰੁਪਏ ਦਾ ਮਨੀ ਆਰਡਰ ਉਸਦੇ ਨਜ਼ਦੀਕੀ ਰਿਸ਼ਤੇਦਾਰ ਦੇ ਪਤੇ ਤੇ ਭੇਜਣ, ਮਨੀ ਆਰਡਰ ਪਹੁੰਚਣ ਉਪਰੰਤ ਰਸੀਦ ਦੀ ਫੋਟੋ ਕਾਪੀ ਨੂੰ ਆਪਣੇ ਕਬਜੇ ਵਿੱਚ ਰੱਖਣ। ਨੌਕਰ ਦੇ ਹੱਥਾਂ ਤੇ ਉਂਗਲਾਂ ਦੇ ਨਿਸ਼ਾਨ ਸੰਬੰਧਤ ਮਾਲਕ ਆਪਣੇ ਰਜਿਸਟਰ ਵਿੱਚ ਦਰਜ ਕਰਨ ਅਤੇ ਇਹ ਸਾਰਾ ਰਿਕਾਰਡ ਸਬੰਧਤ ਪੁਲਿਸ ਥਾਣਾ ਅਤੇ ਚੌਕੀ ਵਿੱਚ ਦਰਜ ਕਰਾਉਣਾ ਯਕੀਨੀ ਬਣਾਉਣਗੇ। ਇਸੇ ਤਰ੍ਹਾਂ ਮਕਾਨ ਮਾਲਕ ਵੀ ਆਪਣੇ ਮਕਾਨ ਵਿੱਚ ਰੱਖੇ ਜਾਣ ਵਾਲੇ ਕਿਰਾਏਦਾਰਾਂ ਦਾ ਪੂਰਾ ਵੇਰਵਾ ਸਬੰਧਤ ਥਾਣੇ/ਪੁਲਿਸ ਚੌਂਕੀ ਵਿੱਚ ਦਰਜ ਕਰਵਾਉਣ।
ਇਸੇ ਦੌਰਾਨ ਜ਼ਿਲ੍ਹੇ ਅੰਦਰ ਪਤੰਗ/ਗੁੱਡੀਆਂ ਉਡਾਉਣ ਲਈ ਵਰਤੀ ਜਾਂਦੀ ਸੰਥੈਟਿਕ/ਪਲਾਸਟਿਕ ਦੀ ਬਣੀ ਡੋਰ/ਚਾਇਨਾ ਡੋਰ ਅਤੇ ਮਾਂਜਾ (ਕੱਚ ਦੇ ਪਾਊਡਰ ਲੱਗੇ ਹੋਏ ਧਾਗੇ) ਨੂੰ ਵੇਚਣ/ਖਰੀਦਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ਕਰਨ ’ਤੇ ਮੁਕੰਮਲ ਤੌਰ ’ਤੇ ਪਾਬੰਦੀ ਲਾਈ ਗਈ ਹੈ। ਇਹ ਪਾਬੰਦੀ ਧਾਗੇ ਵਾਲੀ ਡੋਰ ’ਤੇ ਲਾਗੂ ਨਹੀ ਹੋਵੇਗੀ। ਇਹ ਹੁਕਮ 25 ਦਸੰਬਰ ਤੱਕ ਲਾਗੂ ਰਹਿਣਗੇ ਤੇ ਹੁਕਮਾਂ ਦੀ ਉਲੰਘਣਾ ’ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।