ਗੁਰਸੇਵਕ ਸਹੋਤਾ , ਮਹਿਲ ਕਲਾਂ 31 ਅਕਤੂਬਰ 2020
ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ—ਸਹਿਤ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਸ੍ਰੀ ਵਰਿੰਦਰ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋਂ ਬਲਾਕ ਮਹਿਲ ਕਲਾਂ ਦੇ ਸਰਪੰਚਾਂ ਨੂੰ ਸਾਈਬਰ ਕ੍ਰਾਈਮ ਸਬੰਧੀ ਜਾਗਰੂਕ ਕਰਨ ਲਈ ਵੈੱਬੀਨਾਰ ਕਰਾਇਆ ਗਿਆ।
ਵੈਬੀਨਾਰ ਦੀ ਸ਼ੁਰੂਆਤ ਕਰਦੇ ਹੋਏ ਸ੍ਰੀ ਰੁਪਿੰਦਰਸਿੰਘ, ਮਾਨਯੋਗ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋਂ ਵੱਖ ਵੱਖ ਸਾਈਬਰ ਕ੍ਰਾਈਮ ਜਿਵੇਂ ਡੈਬਿਟ ਅਤੇ ਕ੍ਰੈਡਿਟ ਕਾਰਡ ਰਾਹੀਂ ਹੋਣ ਵਾਲੀ ਧੋਖਾਧੜੀ, ਸੋਸ਼ਲ ਮੀਡੀਆ ਅਤੇ ਆਨਲਾਈਨ ਵੈੱਬਸਾਈਟਾਂ ਰਾਹੀਂ ਹੋਣ ਵਾਲੀ ਧੋਖਾਧੜੀ, ਝੂਠੇ ਲੋਨ ਆਫਰ, ਬੈਂਕ ਦੇ ਨਾਮ ’ਤੇ ਕੀਤੀ ਗਈ ਧੋਖਾਧੜੀ ਆਦਿ ਬਾਰੇ ਸਰਪੰਚਾਂ ਨੂੰ ਜਾਗਰੂਕ ਕੀਤਾ ਗਿਆ। ਉਨ੍ਹਾਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਾਈਬਰ ਕ੍ਰਾਈਮ ਦੁਨੀਆ ਭਰ ਦੇ ਸਾਰੇ ਦੇਸ਼ਾਂ ਲਈ ਸਭ ਤੋਂ ਵੱਡਾ ਖਤਰਾ ਹੈ। ਇਸ ਦੀ ਰੋਕਥਾਮ ਤਾਂ ਹੀ ਸੰਭਵ ਹੈੇ
ਜੇਕਰ ਇਸ ਸਬੰਧੀ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ। ਇਸ ਤੋਂ ਬਾਅਦ ਸ੍ਰੀ ਗਗਨਦੀਪ ਗਰਗ, ਪੈਨਲ ਵਕੀਲ ਅਤੇ ਸ੍ਰੀ ਨਵਜੋਤ ਸਿੰਘ ਕ੍ਰਾਈਮ ਬਰਾਂਚ, ਬਰਨਾਲਾ ਵੱਲੋਂਂ ਸਰਪੰਚਾਂ ਨੂੰ ਜਾਣਕਾਰੀ ਦਿੱਤੀ ਗਈ ਕਿ ਡੈਬਿਟ/ਕ੍ਰੈਡਿਟ ਕਾਰਡ ਅਤੇ ਨੈੱਟ—ਬੈਕਿੰਗ ਆਦਿ ਦੀ ਵਰਤੋਂ ਕਿਵੇਂ ਕਰਨੀ ਹੈ, ਕਿਸ ਤਰ੍ਹਾਂ ਸੋਸ਼ਲ ਮੀਡੀਆ ਅਤੇ ਆਨਲਾਈਨ ਵੈਬਸਾਈਟਾਂ ਦੀ ਵਰਤੋਂ ਕਰਨੀ ਹੈ। ਲਾਟਰੀਆਂ/ਲੋਨ ਅਤੇ ਨੌਕਰੀ ਸਬੰਧੀ ਆਫਰਾਂ ਦੀ ਪੂਰੀ ਵੈਰੀਫੀਕੇਸ਼ਨ ਕਰਨ ਆਦਿ ਸਬੰਧੀ ਜਾਣਕਾਰੀ ਦਿੱਤੀ ਗਈ। ਅੰਤ ਵਿੱਚ ਸ੍ਰੀ ਰੁਪਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਕੋਵਿਡ—19 ਦੇ ਸਮੇਂ ਵਿੱਚ ਹਰੇਕ ਪਿੰਡ ਜਾ ਕੇ ਲੋਕਾਂ ਨੂੰ ਜਾਗਰੂਕ ਕਰਨਾ ਸੰਭਵ ਨਹੀਂ ਹੈ। ਇਸ ਕਾਰਨ ਇਨ੍ਹਾਂ ਵੈਬੀਨਾਰਾਂ ਰਾਹੀਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਵੱਲ੍ਹੋਂ ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਨੂੰ ਸਾਈਬਰ ਕ੍ਰਾਈਮ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਉਨ੍ਹਾਂ ਦੁਆਰਾ ਆਪਣੇ ਆਪਣੇ ਪਿੰਡ ਦੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਸਕੇ।