ਆਮਦਨ ਦੀ ਹੱਦ 4 ਲੱਖ ਰੁਪਏ ਕਰਕੇ ਕੈਪਟਨ ਸਰਕਾਰ ਨੇ ਵਜੀਫ਼ਾ ਸਕੀਮ ਦਾ ਲਾਭ 2.5 ਲੱਖ ਤੋਂ ਵਧੇਰੇ ਵਿਦਿਆਰਥੀਆਂ ਤੱਕ ਪਹੁੰਚਾਉਣ ਦਾ ਟੀਚਾ- ਵਿਜੈ ਇੰਦਰ ਸਿੰਗਲਾ
ਹਰਪ੍ਰੀਤ ਕੌਰ ਸੰਗਰੂਰ, 31 ਅਕਤੂਬਰ:2020
ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਮਹਾਂਕਾਵਿ ਅਤੇ ਨੈਤਿਕ ਤੇ ਮਾਨਵੀ ਕਦਰਾਂ ਕੀਮਤਾਂ ਦੇ ਮਹਾਨ ਗ੍ਰੰਥ ‘ਰਮਾਇਣ’ ਦੇ ਰਚੇਤਾ ਆਦਿ ਕਵੀ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਸੂਬੇ ਭਰ ’ਚ ਕਰਵਾਏ ਗਏ ਸਮਾਗਮਾਂ ਦੀ ਲੜੀ ’ਚ ਸੰਗਰੂਰ ਵਿਖੇ ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਮੰਦਿਰ ਵਿਖੇ ਨਤਮਸਤਕ ਹੋ ਕੇ ਵਾਲਮੀਕਿ ਸਮਾਜ ਨਾਲ ਮੁਬਾਰਕਬਾਦ ਸਾਂਝੀ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਡਾ. ਬੀ.ਆਰ. ਅੰਬੈਡਕਰ ਐਸ.ਸੀ. ਪੋਸਟ ਮੈਟਿ੍ਰਕ ਸਕਾਲਰਸ਼ਿਪ ਸਕੀਮ ਦੀ ਸੰਗਰੂਰ ਜ਼ਿਲੇ ’ਚ ਰਸਮੀਂ ਸ਼ੁਰੂਆਤ ਕੀਤੀ ਅਤੇ ਸਰਕਾਰੀ ਸਕੂਲਾਂ ’ਚ ਪੜਦੇ ਪੰਜ ਵਿਦਿਆਰਥੀਆਂ ਨੂੰ ਇਸ ਸਕੀਮ ਦੇ ਲਾਭ ਦੇ ਸਰਟੀਫਿਕੇਟ ਵੰਡੇ।
ਇਸ ਮੌਕੇ ਬੋਲਦਿਆਂ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਾਡੀ ਸਰਕਾਰ ਨੇ ਹਮੇਸ਼ਾ ਸਮਾਜ ਦੇ ਦੱਬੇ-ਕੁਚਲੇ ਵਰਗਾਂ ਨੂੰ ਅੱਗੇ ਲੈ ਕੇ ਆਉਣ ਲਈ ਸਿਰਤੋੜ ਯਤਨ ਕੀਤੇ ਹਨ। ਉਨਾਂ ਕਿਹਾ ਕਿ ਅੱਜ ਦਾ ਦਿਨ ਵੀ ਇਤਿਹਾਸਕ ਦਿਨ ਹੈ ਕਿਉਕਿ ਅੱਜ ਵੀ ਅਨੂਸਚਿਤ ਜਾਤੀਆਂ ਨਾਲ ਸਬੰਧਤ ਵਿਦਿਆਰਥੀਆਂ ਨੂੰ ਸਿੱਖਿਆ ਮੁਹੱਈਆ ਕਰਵਾਉਣ ਲਈ ਨਵੀਂ ਵਜੀਫ਼ਾ ਸਕੀਮ ਲਾਗੂ ਕੀਤੀ ਜਾ ਰਹੀ ਹੈ। ਉਨਾਂ ਦੱਸਿਆ ਕਿ ਇਸ ਸਕੀਮ ਤਹਿਤ ਪੰਜਾਬ ਭਰ ਵਿਚ ਲਗਭਗ 2.5 ਲੱਖ ਵਿਦਿਆਰਥੀਆਂ ਨੂੰ ਇਸ ਸਕੀਮ ਦਾ ਲਾਭ ਮਿਲੇ ਅਤੇ ਖੁਸ਼ੀ ਦੀ ਗੱਲ ਇਹ ਹੈ ਕਿ ਹੁਣ ਤੱਕ 2 ਲੱਖ ਤੋਂ ਵਧੇਰੇ ਬੱਚਿਆਂ ਨੇ ਇਸ ਸਕੀਮ ਦਾ ਲਾਭ ਲੈਣ ਲਈ ਅਪਲਾਈ ਵੀ ਕਰ ਦਿੱਤਾ ਹੈ। ਉਨਾਂ ਕਿਹਾ ਕਿ ਇਸ ਵਜੀਫ਼ਾ ਸਕੀਮ ਤਹਿਤ ਵੱਧ ਤੋਂ ਵੱਧ ਆਮਦਨ ਦੀ ਸ਼ਰਤ 2.5 ਲੱਖ ਰੁਪਏ ਤੋਂ ਵਧਾ ਕੇ 4 ਲੱਖ ਰੁਪਏ ਕਰ ਦਿੱਤੀ ਗਈ ਹੈ ਤਾਂ ਜੋ ਵੱਧ ਤੋਂ ਵੱਧ ਲੋੜਵੰਦ ਪਰਿਵਾਰਾਂ ਤੱਕ ਇਸਦਾ ਲਾਭ ਪੁੱਜਦਾ ਕੀਤਾ ਜਾ ਸਕੇ।
ਕੈਬਨਿਟ ਮੰਤਰੀ ਸ਼੍ਰੀ ਸਿੰਗਲਾ ਨੇ ਕਿਹਾ ਕਿ ਡਾ. ਬੀ.ਆਰ. ਅੰਬੈਡਕਰ ਐਸ.ਸੀ. ਪੋਸਟ ਮੈਟਿ੍ਰਕ ਸਕਾਲਰਸ਼ਿਪ ਸਕੀਮ ਦੇ ਸ਼ੁਰੂ ਹੋਣ ਨਾਲ ਹੁਣ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਵਿਦਿਆਰਥੀਆਂ ਦੀ ਦਸਵੀਂ ਤੋਂ ਬਾਅਦ ਦੀ ਸਿੱਖਿਆ ਲਈ ਕੋਰਸ ਫੀਸ ਦਾ ਬੋਝ ਨਹੀਂ ਪਵੇਗਾ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ’ਚ ਤਾਂ ਦਸਵੀਂ ਤੱਕ ਦੀ ਸਿੱਖਿਆ ਪਹਿਲਾਂ ਹੀ ਮੁਫ਼ਤ ਕੀਤੀ ਜਾ ਚੁੱਕੀ ਹੈ। ਉਨਾਂ ਦੱਸਿਆ ਕਿ ਮੋਦੀ ਸਰਕਾਰ ਵੱਲੋਂ ਦਸਵੀਂ ਤੋਂ ਬਾਅਦ ਦਿੱਤੀ ਜਾਣ ਵਾਲੀ ਵਜੀਫ਼ ਸਕੀਮ ਬੰਦ ਕਰਨ ਦੇ ਲਏ ਗਏ ਕਾਲੇ ਫੈਸਲੇ ਨਾਲ ਹੋਣ ਰਹੇ ਐਸ.ਸੀ. ਭਾਈਚਾਰੇ ਦੇ ਨੁਕਸਾਨ ਦੀ ਪੂਰਤੀ ਹੁਣ ਕਾਂਗਰਸ ਸਰਕਾਰ ਵੱਲੋਂ ਆਪਣੇ ਦਮ ’ਤੇ ਹੀ ਇਹ ਪੋਸਟ ਮੈਟਿ੍ਰਕ ਸਕਾਲਰਸ਼ਿਪ ਸਕੀਮ ਸ਼ੁਰੂ ਕੀਤੀ ਗਈ ਹੈ। ਉਨਾਂ ਕਿਹਾ ਕਿ ਇਸ ਸਕੀਮ ਲਈ ਲਗਭਗ 600 ਕਰੋੜ ਰੁਪਏ ਖਰਚੇ ਜਾਣਗੇ।
ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ, ਐਸ.ਡੀ.ਐਮ. ਬਬਨਦੀਪ ਸਿੰਘ ਵਾਲੀਆ, ਸਹਾਇਕ ਕਮਿਸ਼ਨਰ ਡਾ. ਕਰਮਜੀਤ ਸਿੰਘ, ਪੰਜਾਬ ਸਮਾਲ ਇੰਡਸਟਰੀਜ਼ ਕਾਰਪੋਰੇਸ਼ਨ ਦੇ ਵਾਇਸ ਚੇਅਰਮੈਨ ਮਹੇਸ਼ ਕੁਮਾਰ ਮੇਸ਼ੀ, ਮਾਰਕਿਟ ਕਮੇਟੀ ਚੇਅਰਮੈਨ ਅਨਿਲ ਘੀਚਾ, ਨਗਰ ਸੁਧਾਰ ਟਰੱਸਟ ਚੇਅਰਮੈਨ ਨਰੇਸ਼ ਘਾਬਾ, ਜ਼ਿਲਾ ਮਹਿਲਾ ਕਾਂਗਰਸ ਪ੍ਰਧਾਨ ਬਲਬੀਰ ਕੌਰ ਸੈਣੀ ਅਤੇ ਭਗਵਾਨ ਵਾਲਮੀਕਿ ਸਰੋਵਰ ਮੰਦਰ ਮੈਨੇਜਮੈਂਟ ਕਮੇਟੀ ਅਤੇ ਵਾਲਮੀਕਿ ਸਮਾਜ ਦੇ ਹੋਰ ਮੈਂਬਰ ਵੀ ਹਾਜ਼ਰ ਸਨ।