5 ਨਵੰਬਰ ਨੂੰ ਚੱਕਾ ਜਾਮ ਅਤੇ 26-27 ਨਵੰਬਰ ਨੂੰ ਦਿੱਲੀ ਵੱਲ ਕੂਚ ਕਰਨ ਦੀਆਂ ਤਿਆਰੀਆਂ ’ਜੁੱਟ ਜਾਣ ਦਾ ਸੁਨੇਹਾ
ਹਰਿੰਦਰ ਨਿੱਕਾ ਬਰਨਾਲਾ 1 ਨਵੰਬਰ 2020
30 ਕਿਸਾਨ ਜਥੇਬੰਦੀਆਂ ਵੱਲੋਂ ਸ਼ੁਰੂ ਹੋਏ ਸਾਂਝੇ ਕਿਸਾਨ ਸੰਘਰਸ਼ ਦੀ ਕੜੀ ਵਜੋਂ ਬਰਨਾਲਾ ਰੇਲਵੇ ਸਟੇਸ਼ਨ ਦੇ ਪਲੇਟਫਾਰਮ ਤੇ ਖਾਸ ਕਰ ਔਰਤਾਂ, ਮਰਦਾਂ ਤੇ ਨੌਜਵਾਨਾਂ ਨੇ ਅੱਜ ਵੀ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਸਾਂਝੇ ਕਿਸਾਨ ਸੰਘਰਸ਼ ਦੇ ਪੂਰਾ ਇੱਕ ਮਹੀਨਾ ਬੀਤ ਜਾਣ ਦੇ ਬਾਵਜੂਦ ਵੀ ਕਾਫਲੇ ਵਧਦੇ ਜਾ ਰਹੇ ਹਨ। ਸ਼ਾਮਲ ਹੋ ਰਹੇ ਕਾਫਲਿਆਂ ਅੰਦਰ ਮੋਦੀ ਹਕੂਮਤ ਖਿਲਾਫ ਗੁੱਸੇ ਦੀ ਲਹਿਰ ਵੀ ਵਧਦੀ ਜਾ ਰਹੀ ਹੈ। ਖਾਸ ਕਰ ਸਾਂਝੇ ਕਿਸਾਨੀ ਸੰਘਰਸ਼ ਵਿੱਚ ਆਏ ਦਿਨ ਵਧ ਰਹੀ ਔਰਤਾਂ ਦੀ ਗਿਣਤੀ ਮੋਦੀ ਹਕੂਮਤ ਨੂੰ ਵਕਤ ਪਾ ਰਹੀ ਹੈ। ਕੇਂਦਰ ਦੀ ਮੋਦੀ ਸਰਕਾਰ ਪੰਜਾਬ ਦੇ ਕਿਸਾਨਾਂ ਸਮੇਤ ਹੋਰਨਾਂ ਮਿਹਨਤੀ ਤਬਕਿਆਂ ਦੇ ਸਿਦਕ ਦੀ ਪਰਖ ਕਰ ਰਹੀ ਹੈ । ਪਰ ਪੰਜਾਬ ਦੀ ਅਣਖੀਲੀ ਮਿੱਟੀ ਦਾ ਕੰਧ ਉੱਪਰ ਲਿਖਿਆ ਕੁਰਬਾਨੀਆਂ ਭਰਿਆ ਇਤਿਹਾਸ ਮੋਦੀ ਹਕੂਮਤ ਨੂੰ ਜਰੂਰ ਪੜ੍ਹ ਲੈਣਾ ਚਾਹੀਦਾ ਹੈ। ਇਹ ਸੰਘਰਸ਼ ਇਕੱਲੇ ਕਿਸਾਨਾਂ ਦਾ ਨਹੀਂ ਸਗੋਂ ਸਮੁੱਚੇ ਪੰਜਾਬੀਆਂ ਤੋਂ ਅੱਗੇ ਸਮੁੱਚੇ ਮੁਲਕ ਨਿਵਾਸੀਆਂ ਦਾ ਬਨਾਉਣ ਲਈ ਸਾਂਝੀ ਮੀਟਿੰਗ ਵਿੱਚ ਲਿਆ ਫੈਸਲਾ ਅਗਲੇਰਾ ਮਹੱਤਵਪੂਰਨ ਕਦਮ ਹੈ। ਕੇਂਦਰ ਸਰਕਾਰ ਕਿਸਾਨਾਂ ਸਮੇਤ ਸਮੁੱਚੇ ਛੋਟੇ ਕਾਰੋਬਾਰੀਆਂ ਨੂੰ ਉਜਾੜਨ ਦੀਆਂ ਤਰ੍ਹਾਂ-ਤਰ੍ਹਾਂ ਦੀਆਂ ਸਾਜਿਸ਼ਾਂ ਰਚ ਰਹੀ ਹੈ। ਅੱਜ ਬੁਲਾਰੇ ਕਿਸਾਨ ਆਗੂਆਂ ਨੇ ਮੋਦੀ ਹਕੂਮਤ ਵੱਲੋਂ ਪਰਾਲੀ ਸਾੜ੍ਹਨ ਸਬੰਧੀ ਜਾਰੀ ਕੀਤਾ ਕਿਸਾਨ ਵਿਰੋਧੀ ਆਰਡੀਨੈਂਸ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ।
ਖੇਤੀਬਾੜੀ ਯੂਨੀਵਰਸਿਟੀ ਮਾਹਰਾਂ ਨੇ ਵੀ ਸੁਪਰੀਮ ਕੋਰਟ ਵਿੱਚ ਦਿੱਲੀ ਦੀ ਆਬੋ ਹਵਾ ਪੰਜਾਬ ਦੇ ਕਿਸਾਨਾਂ ਵੱਲੋਂ ਝੋਨੇ ਦੀ ਪਰਾਲੀ ਕਾਰਨ ਖਰਾਬ ਕਰਨ ਦਾ ਦੋਸ਼ ਰੱਦ ਕਰ ਦਿੱਤਾ ਹੈ ਕਿ ਪੰਜਾਬ ਅੰਦਰ ਪਰਾਲੀ ਸਾੜ੍ਹਨ ਕਾਰਨ ਪੈਦਾ ਹੁੰਦਾ ਧੂੰਆਂ ਦਿੱਲੀ ਦੀ ਆਬੋ ਹਵਾ ਖਰਾਬ ਕਰਨ ਲਈ ਜਿੰਮੇਵਾਰ ਨਹੀਂ ਹੈ। ਜਿਸ ਬਹਾਨੇ ਹੇਠ ਕਿਸਾਨਾਂ ਨੂੰ ਇੱਕ ਕਰੋੜ ਰੁ. ਜੁਰਮਾਨਾ ਅਤੇ ਪੰਜ ਸਾਲ ਤੱਕ ਦੀ ਕੈਦ ਦਾ ਤੁਗਲਕੀ ਫੁਰਮਾਨ ਜਾਰੀ ਕੀਤਾ ਗਿਆ ਹੈ। ਕਿਸਾਨ ਆਗੂਆਂ ਨੇ ਇਸ ਨੂੰ ਖੇਤੀ ਖੇਤਰ ਨੂੰ ਉਜਾੜਨ ਵੱਲ ਮੋਦੀ ਹਕੂਮਤ ਦਾ ਇੱਕ ਹੋਰ ਹੱਲਾ ਕਰਾਰ ਦਿੰਦਿਆਂ ਕਿਹਾ ਕਿ ਮੋਦੀ ਹਕੂਮਤ ਦੇ ਇਸ ਕਿਸਾਨ ਵਿਰੋਧੀ ਹੱਲੇ ਨੂੰ ਜਨਤਕ ਸੰਘਰਸ਼ ਦੇ ਨਾਲ ਪਛਾੜਿਆ ਜਾਵੇਗਾ। ਅੱਜ ਵੱਖ-ਵੱਖ ਬੁਲਾਰਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਪਰਮਿੰਦਰ ਸਿੰਘ ਹੰਢਿਆਇਆ, ਅਮਰਜੀਤ ਕੌਰ, ਬੀਕੇਯੂ ਕਾਦੀਆਂ ਸ਼ਿੰਗਾਰਾ ਸਿੰਘ ਛੀਨੀਵਾਲਕਲਾਂ, ਬੀਕੇਯੂ ਸਿੱਧੂਪੁਰ ਦੇ ਨਛੱਤਰ ਸਿੰਘ ਸਹੌਰ, ਕਰਨੈਲ ਸਿੰਘ ਗਾਂਧੀ, ਬੀਕੇਯੂ ਰਾਜੇਵਾਲ ਦੇ ਨਿਰਭੈ ਸਿੰਘ ਗਿਆਨੀ, ਸਾਧੂ ਸਿੰਘ,
ਪੰਜਾਬ ਕਿਸਾਨ ਯੂਨੀਅਨ ਦੇ ਜੱਗਾ ਸਿੰਘ ਬਦਰਾ, ਮੋਹਣ ਸਿੰਘ ਰੂੜੇਕੇ, ਕੁੱਲ ਹਿੰਦ ਕਿਸਾਨ ਸਭਾ(ਸਾਂਬਰ) ਦੇ ਉਜਾਗਰ ਸਿੰਘ ਬੀਹਲਾ, ਕੁੱਲ ਹਿੰਦ ਕਿਸਾਨ ਸਭਾ (ਪੁੰਨਾਵਾਲ) ਦੇ ਮਾ. ਨਿਰੰਜਣ ਸਿੰਘ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਪਵਿੱਤਰ ਸਿੰਘ ਲਾਲੀ, ਲੰਗਰ ਕਮੇਟੀ ਦੇ ਬਾਬੂ ਸਿੰਘ ਖੁੱਡੀਕਲਾਂ, ਕੁਲਵਿੰਦਰ ਸਿੰਘ ਉੱਪਲੀ, ਸ਼ਿੰਗਾਰਾ ਸਿੰਘ ਛੀਨੀਵਾਲਕਲਾਂ, ਮਲਕੀਤ ਸਿੰਘ ਸੰਧੂਕਲਾਂ, ਆਦਿ ਆਗੂਆਂ ਨੇ ਸੰਬੋਧਨ ਕਰਦਿਆਂ ਅਗਲੇ ਮੁਲਕ ਪੱਧਰ ਦੀਆਂ 346 ਕਿਸਾਨ ਅਤੇ ਸਹਾਇਕ ਕਿੱਤਿਆਂ ਦੀਆਂ ਜਥੇਬੰਦੀਆਂ ਵੱਲੋਂ 5 ਨਵੰਬਰ ਦੇ 12 ਵਜੇ ਤੋਂ 4 ਵਜੇ ਤੱਕ ਮੁਕੰਮਲ ਜਾਮ ਅਤੇ 26-27 ਨਵੰਬਰ ਦੇ ਦਿੱਲੀ ਚਲੋ ਦੇ ਸੰਘਰਸ਼ ਲਈ ਹੁਣੇ ਤੋਂ ਤਿਆਰੀਆਂ ਵਿੱਢ ਦੇਣ ਦੀ ਜੋਰਦਾਰ ਅਪੀਲ ਕੀਤੀ। ਟੌਲ ਪਲਾਜਾ ਮਹਿਲਕਲਾਂ, ਰਿਲਾਇੰਸ ਮਾਲ/ਪਟਰੋਲ ਪੰਪ, ਡੀਮਾਰਟ, ਐਸਾਰ ਪਟਰੋਲ ਪੰਪਾਂ ਅੱਗੇ ਚੱਲ ਰਹੇ ਧਰਨੇ ਉਸੇ ਤਰ੍ਹਾਂ ਜਾਰੀ ਰਹੇ। ਜਿਨ੍ਹਾਂ ਨੂੰ ਜਗਰਾਜ ਸਿੰਘ ਹਰਦਾਸਪੁਰਾ, ਜੱਗਾ ਸਿੰਘ ਛਾਪਾ, ਮਲਕੀਤ ਸਿੰਘ ਈਨਾ, ਭੋਲਾ ਸਿੰਘ ਛੰਨਾਂ, ਕਾਲਾ ਸਿੰਘ ਜੈਦ, ਕੁਲਵੰਤ ਸਿੰੰਘ ਮਾਨ, ਮੇਜਰ ਸਿੰਘ ਸੰਘੇੜਾ, ਰਜਿੰਦਰ ਭਦੌੜ, ਗੁਰਮੇਲ ਸ਼ਰਮਾ ਸ਼ਹਿਣਾ, ਗੁਰਮੇਲ ਭੁਟਾਲ ਆਦਿ ਆਗੂਆਂ ਨੇ ਸੰਬੋਧਨ ਕੀਤਾ।