ਡਿਪਟੀ ਕਮਿਸ਼ਨਰ ਵੱਲੋਂ ਬਲਾਕ ਮਹਿਲ ਕਲਾਂ ਦੇ ਸਰਪੰਚਾਂ ਨਾਲ ਮੀਟਿੰਗ
ਜਲ ਸੰਭਾਲ ਦੇ ਉਪਰਾਲਿਆਂ ’ਤੇ ਜ਼ੋਰ, ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ
ਰਘਵੀਰ ਹੈਪੀ ਬਰਨਾਲਾ, 3 ਨਵੰਬਰ 2020
ਝੋਨੇ ਦੀ ਪਰਾਲੀ ਸਾੜਨ ਨਾਲ ਜਿੱਥੇ ਕੋਵਿਡ ਦੇ ਮਰੀਜ਼ਾਂ ਦੀ ਸਿਹਤ ਨੂੰ ਖਤਰਾ ਹੈ, ਉਥੇ ਸਾਡਾ ਆਲਾ-ਦੁਆਲਾ ਪ੍ਰਦੂਸ਼ਿਤ ਹੁੰਦਾ ਹੈ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘਟਦੀ ਹੈ, ਇਸ ਲਈ ਅਸੀਂ ਸਾਰੇ ਆਪਣੀ ਨੈਤਿਕ ਜ਼ਿੰਮੇਵਾਰੀ ਸਮਝਦੇ ਹੋਏ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਨਿਬੇੜੇ ਪ੍ਰਤੀ ਜਾਗਰੂਕ ਕਰੀਏ।
ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਵੱਲੋਂ ਬਲਾਕ ਮਹਿਲ ਕਲਾਂ ਦੇ ਸਰਪੰਚਾਂ ਤੇ ਹੋਰ ਪੰਚਾਇਤੀ ਨੁਮਾਇੰਦਿਆਂ ਨਾਲ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਰੱਖੀ ਮੀਟਿੰਗ ਦੌਰਾਨ ਕੀਤਾ ਗਿਆ। ਇਸ ਮੌਕੇ ਡੀਡੀਪੀਓ ਸੰਜੀਵ ਕੁਮਾਰ ਸ਼ਰਮਾ ਅਤੇ ਬੀਡੀਪੀਓ ਭੂਸ਼ਣ ਕੁਮਾਰ ਵੀ ਹਾਜ਼ਰ ਸਨ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਫੂਲਕਾ ਨੇ ਜਿੱਥੇ ਪਿੰਡਾਂ ਵਿਚ ਗ੍ਰਾਮ ਪੰਚਾਇਤਾਂ ਰਾਹੀਂ ਕਰਾਏ ਜਾ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ, ਉਥੇ ਪੰਚਾਇਤਾਂ ਨੂੰ ਫਸਲੀ ਰਹਿੰਦ-ਖੂੰਹਦ ਸਾੜਨ ਦੀ ਰੋਕਥਾਮ ਲਈ ਸਾਂਝੇ ਹੰਭਲੇ ਅਤੇ ਸਰਕਾਰੀ ਸਕੀਮਾਂ ਤੇ ਖੇਤੀ ਸੰਦਾਂ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਦਾ ਸੱਦਾ ਦਿੱਤਾ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਪਿੰਡਾਂ ਵਿਚ ਨਿਰਵਿਘਨ ਜਲ ਸਪਲਾਈ ’ਤੇ ਜ਼ੋਰ ਦਿੱਤਾ ਅਤੇ ਆਖਿਆ ਕਿ ਹਰ ਪਿੰਡ ’ਚ ਸਾਫ-ਸੁੱਥਰਾ ਪੀਣ ਵਾਲਾ ਪਾਣੀ ਤੇ ਨਿਰਵਿਘਨ ਜਲ ਸਪਲਾਈ ਯਕੀਨੀ ਬਣਾਈ ਜਾਵੇ। ਉਨ੍ਹਾਂ ਆਖਿਆ ਕਿ ਪਿੰਡਾਂ ਵਿਚ ਵਾਟਰ ਵਰਕਸਾਂ ਦੀ ਸੰਭਾਲ ਤੇ ਸੁਚੱਜੀ ਸਪਲਾਈ ਲਈ ਪਿੰਡ ਪੱਧਰ ’ਤੇ ਕਮੇਟੀਆਂ ਬਣਾਈਆਂ ਜਾਣ, ਜਿਸ ਦਾ ਚੇਅਰਮੈਨ ਸਰਪੰਚ ਹੋਵੇਗਾ ਤੇ ਉਹ ਸਮੁੱਚੀ ਪ੍ਰਕਿਰਿਆ ਦੀ ਨਿਗਰਾਨੀ ਕਰਨਗੀਆਂ। ਇਸ ਮੌਕੇ ਸਰਪੰਚਾਂ ਨੂੰ ਪਾਣੀ ਦੀ ਬੱਚਤ ਅਤੇ ਸੁਚੱਜੀ ਵਰਤੋਂ ਜਿਹੇ ਵਿਸ਼ਿਆਂ ’ਤੇ ਦਸਤਾਵੇਜ਼ੀ ਫਿਲਮ ਵੀ ਦਿਖਾਈ ਗਈ। ਇਸ ਮੀਟਿੰਗ ਵਿਚ ਵੱਖ ਵੱਖ ਅਧਿਕਾਰੀ ਅਤੇ ਬਲਾਕ ਮਹਿਲ ਕਲਾਂ ਦੇ ਪੰਚਾਇਤੀ ਨੁਮਾਇੰਦੇ ਹਾਜ਼ਰ ਸਨ।