ਸਰਕਾਰੀ ਸਕੂਲਾਂ ’ਚ ਸਮਾਰਟ-ਕਲਾਸ ਰੂਮ ਉਪਲਬਧ ਕਰਵਾਉਣ ਵਾਲਾ ਪਹਿਲਾ ਸੂਬਾ ਬਣੇਗਾ ਪੰਜਾਬ
ਮੁੱਢਲੇ ਪੱਧਰ ’ਤੇ ਡਿਜੀਟਲ ਸਿੱਖਿਆ ਪ੍ਰਦਾਨ ਕਰਨ ਲਈ ਪ੍ਰੀ-ਪ੍ਰਾਇਮਰੀ ਤੇ ਪ੍ਰਾਇਮਰੀ ਜਮਾਤਾਂ ਲਈ 2,625 ਟੈਬਜ ਮੁਫ਼ਤ ਮੁਹੱਈਆ ਕਰਵਾਏ: ਸਿੱਖਿਆ ਮੰਤਰੀ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਾਰੀ ਕੀਤੇ ‘ਮਿਸ਼ਨ ਸ਼ਤ-ਪ੍ਰਤੀਸ਼ਤ’ ਨੂੰ ਕਾਮਯਾਬ ਕਰਨ ਲਈ ਪੂਰੀ ਵਾਹ ਲਾਵਾਂਗੇ: ਸਿੰਗਲਾ
ਹਰਪ੍ਰੀਤ ਕੌਰ ਸੰਗਰੂਰ, 7 ਨਵੰਬਰ:2020
ਸਕੂਲ ਸਿੱਖਿਆ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਰਕਾਰੀ ਸਕੂਲਾਂ ’ਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਨਵੇਂ ਉਪਰਾਲੇ ਕਰਨ ਦੇ ਨਾਲ-ਨਾਲ ਸਿੱਖਿਆ ਦੇ ਖੇਤਰ ’ਚ ਨਵੀਆਂ ਤਕਨੀਕਾਂ ਵੀ ਸ਼ਾਮਲ ਕਰ ਰਹੀ ਹੈ। ਸ਼੍ਰੀ ਸਿੰਗਲਾ ਨੇ ਕਿਹਾ ਬਹੁਤ ਜਲਦ ਪੰਜਾਬ ਸਾਰੇ ਸਰਕਾਰੀ ਸਕੂਲਾਂ ’ਚ ਸਮਾਰਟ ਕਲਾਸਰੂਮਜ਼ ਉਪਲਬਧ ਕਰਵਾਉਣ ਵਾਲਾ ਪਹਿਲਾ ਸੂਬਾ ਬਣੇਗਾ ਅਤੇ ਇਸ ਕੰਮ ਲਈ ਹੁਣ ਤੱਕ 6,832 ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ’ਚ ਤਬਦੀਲ ਕਰ ਲਿਆ ਗਿਆ ਹੈ। ਉਨਾਂ ਕਿਹਾ ਕਿ ਸਮਾਰਟ ਸਕੂਲ ਬਣਾਉਣ ਲਈ ਪੰਜਾਬ ਸਰਕਾਰ ਨੇ ਲਗਭਗ 800 ਕਰੋੜ ਰੁਪਏ ਖਰਚ ਕੀਤੇ ਹਨ ਅਤੇ ਇਸ ਵਿੱਤੀ ਵਰੇ ਦੇ ਬਜਟ ਵਿਚ ਵੀ ਸਾਡੀ ਸਰਕਾਰ ਵੱਲੋਂ ਸਕੂਲਾਂ ਨੂੰ ਡਿਜੀਟਲ ਕਰਨ ਲਈ 100 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ। ਕੈਬਨਿਟ ਮੰਤਰੀ ਅੱਜ ਸੰਗਰੂਰ ਸ਼ਹਿਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਕੰਨਿਆ) ਵਿਖੇ ਆਪਣੀ ਕਿਸਮ ਦੇ ਪਹਿਲੇ ਵਰਚੂਅਲ ਪ੍ਰੋਗਰਾਮ ਵਿਚ ਹਿੱਸਾ ਲੈਣ ਆਏ ਸਨ ਜਿਸ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨਾਲ ਗੱਲਬਾਤ ਕੀਤੀ ਅਤੇ ਸਿੱਖਿਆ ਵਿਭਾਗ ’ਚ ਨਵੇਂ ਪ੍ਰੋਗਰਾਮਾਂ ਦੀ ਸ਼ੁਰੂਆਤ ਕੀਤੀ।
ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਸਮਾਰਟ ਸਕੂਲਾਂ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਲਗਭਗ 800 ਕਰੋੜ ਰੁਪਏ ਦੀ ਰਕਮ ਖਰਚੀ ਗਈ ਹੈ ਅਤੇ ਇਨਾਂ ਸਕੂਲਾਂ ’ਚ ਐਲੀਮੈਂਟਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਸ਼ਾਮਲ ਹਨ। ਉਨਾਂ ਕਿਹਾ ਕਿ ਪੰਜਾਬ ਸਰਕਾਰ ਦੇ ਨਾਲ-ਨਾਲ ਸਕੂਲਾਂ ਦੇ ਅਧਿਆਪਕਾਂ ਨੇ ਆਪਣੇ ਤੌਰ ’ਤੇ ਦਾਨੀ ਸੱਜਣਾਂ ਤੇ ਸੰਸਥਾਵਾਂ ਦੀ ਮਦਦ ਨਾਲ ਵੀ ਲਗਭਗ 37 ਕਰੋੜ ਰੁਪਏ ਦੀ ਸਹਾਇਤਾ ਰਕਮ ਇਕੱਠੀ ਕਰਕੇ ਸਮਾਰਟ ਸਕੂਲਾਂ ’ਤੇ ਖਰਚੀ ਹੈ। ਉਨਾਂ ਅੱਗੇ ਕਿਹਾ ਕਿ ਇਸ ਤੋਂ ਇਲਾਵਾ ਉਨਾਂ ਦੀ ਸਰਕਾਰ ਜਲਦੀ ਹੀ ਸਮਾਰਟ ਸਕੂਲਾਂ ਨੂੰ ਸੁਪਰ ਸਮਾਰਟ ਸਕੂਲਾਂ ਵਿਚ ਤਬਦੀਲ ਕਰਨ ਦੀ ਮੁਹਿੰਮ ਸ਼ੁਰੂ ਕਰੇਗੀ। ਉਨਾਂ ਕਿਹਾ ਕਿ ਪੰਜਾਬ ਸਰਕਾਰ ਦੇ ਇਨਾਂ ਯਤਨਾਂ ਸਦਕਾ ਹੀ ਇਸ ਸਾਲ ਸਰਕਾਰੀ ਸਕੂਲਾਂ ਵਿਚ 3.5 ਲੱਖ ਤੋਂ ਵੱਧ ਨਵੇਂ ਦਾਖਲੇ ਹੋਏ ਹਨ ਜੋ ਕਿ ਸੂਬੇ ਦੇ ਸਕੂਲਾਂ ਵਿਚ ਸਿੱਖਿਆ ਦੇ ਮਿਆਰ ਚ ਆਏ ਸੁਧਾਰ ਦੀ ਸਿੱਧੇ ਤੌਰ ’ਤੇ ਹਾਮੀਂ ਭਰਦੇ ਹਨ।
ਸ਼੍ਰੀ ਸਿੰਗਲਾ ਨੇ ਕਿਹਾ, “ਮੈਂ ਨਿੱਜੀ ਤੌਰ ’ਤੇ ਬਹੁਤ ਸਾਰੇ ਵਿਦਿਆਰਥੀਆਂ ਨਾਲ ਗੱਲ ਕੀਤੀ ਹੈ ਜਿਹੜੇ ਪ੍ਰਾਈਵੇਟ ਸਕੂਲਾਂ ਤੋਂ ਸਰਕਾਰੀ ਸਕੂਲ ਗਏ ਹਨ। ਉਨਾਂ ਵਿਚੋਂ ਬਹੁਤਿਆਂ ਨੇ ਕਿਹਾ ਕਿ ਸਰਕਾਰੀ ਸਕੂਲ ਅਧਿਆਪਕਾਂ ਦੁਆਰਾ ਅਪਣਾਈਆਂ ਜਾ ਰਹੀਆਂ ਸਹੂਲਤਾਂ ਅਤੇ ਪੜਾਈ ਦੀਆਂ ਤਕਨੀਕਾਂ ਉਨਾਂ ਦੇ ਨਿੱਜੀ ਸਕੂਲਾਂ ਦੇ ਅਧਿਆਪਕਾਂ ਨਾਲੋਂ ਕਿਤੇ ਵਧੀਆ ਹਨ।’’
ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਇਮਾਰਤਾਂ ਅਤੇ ਹੋਰ ਬੁਨਿਆਦੀ ਢਾਂਚੇ ਵਿਚ ਵੀ ਮਿਆਰੀ ਸੁਧਾਰ ਕੀਤਾ ਹੈ ਅਤੇ ਛੋਟੀਆਂ ਜਮਾਤਾਂ ਵਿਚ ਡਿਜੀਟਲ ਸਿੱਖਿਆ ਮੁਹੱਈਆ ਕਰਵਾਉਣ ਲਈ ਪ੍ਰੀ-ਪ੍ਰਾਇਮਰੀ ਅਤੇ ਪ੍ਰਾਇਮਰੀ ਕਲਾਸਾਂ ਨੂੰ ਮੁਫ਼ਤ ਸਮਾਰਟ ਟੈਬਜ਼ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਉਨਾਂ ਦੱਸਿਆ ਕਿ ਅੱਜ ਦੇ ਸਮਾਗਮ ਦੌਰਾਨ ਵੀ 2,625 ਟੈਬਜ਼ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਦਿੱਤੀਆਂ ਗਈਆਂ ਹਨ। ਉਨਾਂ ਕਿਹਾ ਕਿ ਇਹਨਾਂ ਉਪਰਾਲਿਆਂ ਸਦਕਾ ਹੀ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਪ੍ਰਾਈਵੇਟ ਸਕੂਲਾਂ ’ਚ ਪੜਦੇ ਵਿਦਿਆਰਥੀਆਂ ਅਤੇ ਦੂਜੇ ਸੂਬਿਆਂ ਦੇ ਵਿਦਿਆਰਥੀਆਂ ਦੇ ਨਾਲ ਕਿਸੇ ਵੀ ਖੇਤਰ ’ਚ ਮੁਕਾਬਲਾ ਕਰਨ ਦੇ ਯੋਗ ਬਣਨਗੇ।
ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿੱਖਿਆ ਵਿਭਾਗ ਦਾ ਅਗਲਾ ਟੀਚਾ ‘ਮਿਸ਼ਨ ਸ਼ਤ-ਪ੍ਰਤੀਸ਼ਤ’ ਨਿਰਧਾਰਤ ਕੀਤਾ ਹੈ ਅਤੇ ਇਸ ਨੂੰ ਕਾਮਯਾਬ ਬਣਾਉਣ ਲਈ ਸਾਰਾ ਵਿਭਾਗ ਆਪਣੀ ਪੂਰੀ ਵਾਹ ਲਾਵੇਗਾ। ਉਨਾਂ ਅੱਗੇ ਕਿਹਾ ਕਿ ਵਿਭਾਗ ਦੇ ਸਮੂਹ ਅਧਿਆਪਕ ਵੀ ਨਿਰਧਾਰਤ ਟੀਚੇ ਨੂੰ ਪ੍ਰਾਪਤ ਕਰਨ ਲਈ ਸਖ਼ਤ ਮਿਹਨਤ ਕਰ ਰਹੇ ਹਨ ਅਤੇ ਵਰਚੁਅਲ ਕਲਾਸਾਂ ਤੋਂ ਇਲਾਵਾ, ਕੋਵਿਡ-19 ਦੀ ਮਹਾਂਮਾਰੀ ਦੌਰਾਨ ਵੀ ਸਕੂਲਾਂ ’ਚ ਜਾ ਕੇ 9 ਤੋਂ 12 ਤੱਕ ਦੇ ਵਿਦਿਆਰਥੀਆਂ ਨੂੰ ਪੜਾ ਰਹੇ ਹਨ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸਕੱਤਰ ਸਕੂਲ ਸਿੱਖਿਆ ਿਸ਼ਨ ਕੁਮਾਰ, ਡਿਪਟੀ ਕਮਿਸ਼ਨਰ ਰਾਮਵੀਰ, ਐਸ.ਡੀ.ਐਮ. ਸੰਗਰੂਰ ਬਬਨਦੀਪ ਸਿੰਘ ਵਾਲੀਆ, ਸਹਾਇਕ ਕਮਿਸ਼ਨਰ ਡਾ.ਕਰਮਜੀਤ ਸਿੰਘ, ਚੇਅਰਪਰਸਨ ਜ਼ਿਲਾ ਪ੍ਰੀਸ਼ਦ ਜਸਵੀਰ ਕੌਰ, ਚੇਅਰਮੈਨ ਅਨਿਲ ਕੁਮਾਰ ਘੀਚਾ, ਚੇਅਰਮੈਨ ਨਰੇਸ਼ ਘਾਬਾ, ਜ਼ਿਲਾ ਮਹਿਲਾ ਕਾਂਗਰਸ ਪ੍ਰਧਾਨ ਬਲਬੀਰ ਕੌਰ ਸੈਣੀ, ਚੇਅਰਮੈਨ ਵਰਿੰਦਰ ਪੰਨਵਾ, ਡਾਇਰੈਕਟਰ ਇੰਨਫੋਟੈਕ ਸਤੀਸ਼ ਕਾਂਸਲ ਅਤੇ ਸਿੱਖਿਆ ਵਿਭਾਗ ਦਾ ਸਟਾਫ਼ ਤੇ ਸਕੂਲ ਦੇ ਵਿਦਿਆਰਥੀ ਹਾਜ਼ਰ ਸਨ।