ਲੱਛਣ ਮਹਿਸੂਸ ਹੋਣ ’ਤੇ ਸਿਹਤ ਕੇਂਦਰ ’ਚ ਤੁਰੰਤ ਜਾਂਚ ਕਰਾਓ: ਸਿਵਲ ਸਰਜਨ
ਅਜੀਤ ਸਿੰਘ ਕਲਸੀ/ ਰਵੀ ਸੈਣ ਬਰਨਾਲਾ, 7 ਨਵੰਬਰ 2020
ਸਿਹਤ ਵਿਭਾਗ ਬਰਨਾਲਾ ਵੱਲੋਂ ਲੋਕਾਂ ਨੂੰ ਕੈਂਸਰ ਦੀ ਬਿਮਾਰੀ ਤੋਂ ਬਚਾਉਣ ਲਈ ਕੌਮੀ ਕੈਂਸਰ ਜਾਗਰੂਕਤਾ ਦਿਵਸ ਮਨਾਇਆ ਗਿਆ। ਇਸ ਮੌਕੇ ਸਿਵਲ ਸਰਜਨ ਬਰਨਾਲਾ ਡਾ. ਸੁਖਜੀਵਨ ਕੱਕੜ ਨੇ ਦੱਸਿਆ ਕਿ ਸਰੀਰ ਦੇ ਕਿਸੇ ਵੀ ਹਿੱਸੇ ਵਿੱਚ ਨਾ ਠੀਕ ਵਾਲੀ ਗਿਲਟੀ, ਮੂੰਹ ਵਿੱਚ ਜਖ਼ਮ, ਆਵਾਜ ਦਾ ਭਾਰੀਪਣ ਆਦਿ ਲੱਛਣ ਹੋਣ ’ਤੇ ਨੇੜੇ ਦੀ ਸਿਹਤ ਸੰਸਥਾ ਵਿੱਚ ਜਾਂਚ ਕਰਾਉਣੀ ਚਾਹੀਦੀ ਹੈ। ਕੈਂਸਰ ਦੀ ਬਿਮਰੀ ਦੀ ਜਲਦੀ ਪਹਿਚਾਣ ਹੋਣ ਤੇ ਪਹਿਲੀਆਂ ਸਟੇਜਾਂ ਵਿੱਚ ਇਸ ਦਾ ਇਲਾਜ ਜਲਦੀ ਹੋ ਜਾਂਦਾ ਹੈ।
ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਲਖਵੀਰ ਕੌਰ ਨੇ ਦੱਸਿਆ ਕਿ ਬਰਨਾਲਾ ਜ਼ਿਲ੍ਹੇ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਕੈਂਸਰ ਦੀ ਬਿਮਾਰੀ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਡਾ. ਮਨਪ੍ਰੀਤ ਸਿੱਧੂ ਵੱਲੋਂ ਵੀ ਕੈਂਸਰ ਦੀ ਬਿਮਾਰੀ ਦੇ ਲੱਛਣ/ਬਚਾਅ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਕੈਂਸਰ ਰਾਹਤ ਕੋਸ਼ ਸਕੀਮ ਅਧੀਨ 1.50 ਲੱਖ ਰੁਪਏ ਤੱਕ ਦਾ ਇਲਾਜ ਪੰਜਾਬ ਦੇ ਸਰਕਾਰੀ ਅਤੇ ਸੂਚੀਬੱਧ ਹਸਪਤਾਲਾਂ ਵਿੱਚ ਮੁਫ਼ਤ ਕਰਵਾਇਆ ਜਾ ਸਕਦਾ ਹੈ।
ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਕੁਲਦੀਪ ਸਿੰਘ ਨੇ ਦੱਸਿਆ ਕਿ ਕੈਂਸਰ ਤੋਂ ਬਚਾਅ ਲਈ ਤੰਬਾਕੂ ਪਦਾਰਥਾਂ ਦਾ ਸੇਵਨ ਬਿਲਕੁਲ ਨਹੀਂ ਕਰਨਾ ਚਾਹੀਦਾ ਅਤੇ ਸਬਜੀਆਂ, ਫਲ, ਅਨਾਜ, ਦਾਲਾਂ ’ਤੇ ਰੇਅ ਸਪਰੇਅ ਦੀ ਵਰਤੋਂ ਘੱਟ ਕਰਨੀ ਚਾਹੀਦੀ ਹੈ। ਸੰਤੁਲਿਤ ਭੋਜਨ ਦੀ ਵਰਤੋਂ ਅਤੇ ਰੋਜ਼ਾਨਾ ਸੈਰ ਕਰਨੀ ਚਾਹੀਦੀ ਹੈ।
ਇਸ ਸਮੇਂ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਭੁਪਿੰਦਰ ਸਿੰਘ, ਡਾ. ਅਵੀਨਾਸ਼, ਡਾ. ਲਿਪਸੀ ਮੋਦੀ, ਸਿਹਤ ਵਿਭਾਗ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।