ਝੋਨੇ ਦੇ ਖੜੇ ਕਰਚਿਆਂ ਵਿੱਚ ਸਿੱਧੇ ਤੋਰ ਤੇ ਕਣਕ ਦੀ ਬਿਜਾਈ ਕਰਨ ਦੀੇ ਅਪੀਲ
ਹਰਪ੍ਰੀਤ ਕੌਰ ਸੰਗਰੂਰ, 12 ਨਵੰਬਰ:2020
ਕਿ੍ਰਸ਼ੀ ਵਿਗਿਆਨ ਕੇਂਦਰ ਵੱਲੋਂ ਪਿੰਡ ਖੇੜੀ ਵਿਖੇ ਪਰਾਲੀ ਦੀ ਸੁੱਚਜੀ ਸਾਂਭ ਸੰਭਾਲ ਬਾਰੇ ਕਿਸਾਨ ਜਾਗਰੂਕਤਾ ਕੈਂਪ ਅਤੇ ਖੇਤ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਗਿਆ। ਪ੍ਰੋਗਰਾਮ ਮੌਕੇ ਪ੍ਰਦਰਸ਼ਨੀ ਦਾ ਆਯੋਜਨ ਕਰਦਿਆਂ ਡਾ ਮਨਦੀਪ ਸਿੰਘ, ਸਹਿਯੋਗੀ ਨਿਰਦੇਸ਼ਕ (ਸਿਖਲਾਈ) ਨੇ ਦੱਸਿਆ ਕਿ ਅਗਾਂਹਵਧੂ ਕਿਸਾਨ ਗੁਰਮੀਤ ੰਿਸੰਘ ਇਸ ਸਾਲ ਝੋਨੇ ਦੀ ਪਰਾਲੀ ਦੇ ਖੇਤ ਵਿੱਚ ਹੀ ਪ੍ਰਬੰਧਨ ਲਈ ਹੈਪੀਸੀਡਰ ਨਾਲ ਕਣਕ ਦੀ ਬਿਜਾਈ ਕਰ ਰਿਹਾ ਹੈ। ਉਸ ਦਾ ਮੰਨਣਾ ਹੈ ਕਿ ਹੈਪੀਸੀਡਰ ਨਾਲ ਝੋਨੇ ਦੀ ਪਰਾਲੀ ਵਿੱਚ ਬਿਜਾਈ ਕਰਨੀ ਸਸਤੀ ਪੈਂਦੀ ਹੈ ਅਤੇ ਕਣਕ ਵੀ ਵਧੀਆ ਨਿਕਲ ਆਉਂਦੀ ਹੈ। ਇਸ ਤਕਨੀਕ ਨਾਲ ਬੀਜੀ ਕਣਕ ਵਿੱਚ ਨਦੀਨਾਂ ਦੀ ਸਮੱਸਿਆ ਵੀ ਘੱਟ ਆਉਂਦੀ ਹੈ ਅਤੇ ਕਣਕ ਡਿੱਗਦੀ ਵੀ ਨਹੀਂ ਅਤੇ ਝਾੜ ਵੀ ਵਧੀਆ ਮਿਲਦਾ ਹੈ।
ਡਾ ਮਨਦੀਪ ਸਿੰਘ ਨੇ ਹਾਜ਼ਰ ਕਿਸਾਨ ਵੀਰਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਸਿਫ਼ਾਰਸ ਕੀਤੀਆਂ ਤਕਨੀਕਾਂ ਅਤੇ ਖੇਤੀ ਮਸ਼ੀਨਰੀ ਜਿਵੇਂ ਕਿ ਹੈਪੀਸੀਡਰ, ਸੁਪਰਸੀਡਰ, ਮਲਚਰ, ਚੌਪਰ, ਉੱਲਟਾਂਵੇ ਹੱਲ ਆਦਿ ਦੀ ਵਰਤੋਂ ਕਰ ਕੇ ਝੋਨੇ ਦੇ ਖੜੇ ਕਰਚਿਆਂ ਵਿੱਚ ਸਿੱਧੇ ਤੋਰ ਤੇ ਕਣਕ ਦੀ ਬਿਜਾਈ ਕਰਨ ਬਾਰੇ ਅਪੀਲ ਕੀਤੀ। ਉਨਾਂ ਨੇ ਕਣਕ ਦੀ ਬਿਜਾਈ ਕਰਨ ਮੌਕੇ ਇਸ ਦੇ ਬੀਜ ਦੀ ਸੋਧ ਕਰਨ ਅਤੇ ਜੀਵਾਣੂ ਖਾਦ ਦਾ ਟੀਕਾ ਲਗਾਉਣ ਬਾਰੇ ਵੀ ਜਾਣਕਾਰੀ ਦਿੱਤੀ।
ਡਾ ਸੁਨੀਲ ਕੁਮਾਰ, ਸਹਾਇਕ ਪ੍ਰੋਫੈਸਰ (ਖੇਤੀਬਾੜੀ ਇੰਜੀ:) ਨੇ ਕਿਸਾਨਾਂ ਨੂੰ ਆਧੁਨਿਕ ਖੇਤੀ ਮਸ਼ੀਨਰੀ ਰਾਹੀਂ ਝੋਨੇ ਦੀ ਪਰਾਲੀ ਪ੍ਰਬੰਧਨ ਬਾਰੇ ਵਿਸਥਾਰ ਪੂਰਵਕ ਤਕਨੀਕੀ ਜਾਣਕਾਰੀ ਦਿੱਤੀ। ਡਾ ਸਤਬੀਰ ਸਿੰਘ, ਸਹਾਇਕ ਪ੍ਰੋਫੈਸਰ (ਪਸ਼ੂ ਵਿਗਿਆਨ) ਨੇ ਪਸ਼ੂਆਂ ਲਈ ਪਰਾਲੀ ਦੀ ਵਰਤੋਂ, ਸਤੰੁਲਿਤ ਪਸ਼ੂ ਅਹਾਰ ਅਤੇ ਮਿਨਰਲ ਮਿਕਸਚਰ ਬਾਰੇ ਜਾਣਕਾਰੀ ਦਿੱਤੀ।
ਇਸ ਮੌਕੇ ਪਿੰਡ ਦੇ ਅਗਾਂਹਵਧੂ ਕਿਸਾਨ ਦਰਬਾਰਾ ਸਿੰਘ, ਅਵਤਾਰ ਸਿੰਘ, ਜਗਜੀਤ ਸਿੰਘ, ਸਾਧੂ ਸਿੰਘ, ਭੂਰਾ ਸਿੰਘ, ਮਲਕੀਤ ਸਿੰਘ, ਚਮਕੌਰ ਸਿੰਘ, ਗੁਰਮੀਤ ਸਿੰਘ, ਸਤਵਿੰਦਰ ਸਿੰਘ ਆਦਿ ਹਾਜਰ ਸਨ।