ਪਟਾਕਿਆਂ ਦਾ ਪ੍ਰਦੂਸ਼ਣ ਵਾਤਾਵਰਨ ਲਈ ਵੱਡੀ ਚੁਣੌਤੀ-ਸਿੱਖਿਆ ਅਧਿਕਾਰੀ
ਹਰਿੰਦਰ ਨਿੱਕਾ ਬਰਨਾਲਾ,13 ਨਵੰਬਰ 2020
ਸਕੂਲ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮਾਜ ਦੇ ਜਿੰਮੇਵਾਰ ਨਾਗਰਿਕ ਬਣਾਉਣ ਲਈ ਸਿੱਖਿਆ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਦੀ ਅਗਵਾਈ ਅਤੇ ਸਿੱਖਿਆ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਦੀ ਰਹਿਨੁਮਾਈ ਹੇਠ ਸਰਕਾਰੀ ਸਕੂਲਾਂ ‘ਚ ਸਮੇਂ ਸਮੇਂ ‘ਤੇ ਸਮਾਜਿਕ ਬੁਰਾਈਆਂ ਬਾਰੇ ਜਾਗਰੂਕਤਾ ਪੈਦਾ ਕਰਦੀਆਂ ਸਹਿ-ਵਿੱਦਿਅਕ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ।ਇਹਨਾਂ ਗਤੀਵਿਧੀਆਂ ਦੌਰਾਨ ਵਿਦਿਆਰਥੀਆਂ ਨੂੰ ਬੁਰਾਈਆਂ ਦੇ ਨੁਕਸਾਨਾਂ ਬਾਰੇ ਜਾਣਕਾਰੀ ਦਿੰਦਿਆਂ ਜਿੱਥੇ ਖੁਦ ਨੂੰ ਇਹਨਾਂ ਤੋਂ ਦੂਰ ਕਰਨ ਲਈ ਪ੍ਰੇਰਿਤ ਕੀਤਾ ਜਾਂਦਾ ਹੈ ਉੱਥੇ ਹੀ ਇਹ ਸੁਨੇਹਾ ਸਮਾਜ ਦੇ ਹਰ ਵਿਅਕਤੀ ਤੱਕ ਪਹੁੰਚਾਉਣ ਲਈ ਵੀ ਪ੍ਰੇਰਿਤ ਕੀਤਾ ਜਾਂਦਾ ਹੈ।ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰ ਸਰਬਜੀਤ ਸਿੰਘ ਤੂਰ,ਉਪ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰੀਮਤੀ ਹਰਕੰਵਲਜੀਤ ਕੌਰ ਅਤੇ ਉਪ ਜਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀਮਤੀ ਵਸੁੰਧਰਾ ਕਪਿਲਾ ਨੇ ਕਿਹਾ ਕਿ ਦਿਵਾਲੀ ਮੌਕੇ ਪਟਾਕਿਆਂ ਦਾ ਪ੍ਰਦੂਸ਼ਣ ਗੰਭੀਰ ਸਮੱਸਿਆ ਬਣ ਚੁੱਕਿਆ ਹੈ।
ਦਿਵਾਲੀ ਦਾ ਤਿਉਹਾਰ ਪ੍ਰਦੂਸ਼ਣ ਮੁਕਤ ਤਰੀਕੇ ਨਾਲ ਮਨਾਉਣ ਲਈ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਹਿੱਤ ਸਕੂਲਾਂ ਵੱਲੋਂ ਆਨਲਾਈਨ ਤਰੀਕੇ ਨਾਲ ਅਤੇ ਕੋਰੋਨਾ ਪਾਬੰਦੀਆਂ ਦੀ ਪਾਲਣਾ ਕਰਦਿਆਂ ਸਕੂਲਾਂ ਵਿੱਚ ਗਰੀਨ ਦਿਵਾਲੀ ਮਨਾਉਣ ਹਿੱਤ ਵੱਖ ਵੱਖ ਤਰ੍ਹਾਂ ਦੇ ਜਾਗਰੂਕਤਾ ਮੁਕਾਬਲੇ ਕਰਵਾਏ ਗਏ।ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੁੰਨਸ ਦੇ ਪ੍ਰਿੰਸੀਪਲ ਸ੍ਰੀਮਤੀ ਨੀਰਜਾ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਗਰੀਨ ਦਿਵਾਲੀ ਪ੍ਰਤੀ ਉਤਸ਼ਾਹਿਤ ਕਰਨ ਦੇ ਮਨੋਰਥ ਨਾਲ ਪਟਾਕਿਆਂ ਤੋਂ ਪੈਦਾ ਹੋਣ ਵਾਲੇ ਪ੍ਰਦੂਸ਼ਣ ਬਾਰੇ ਵਿਸਥਾਰ ਵਿੱਚ ਜਾਣਕਾਰੀ ਦੇਣ ਦੇ ਨਾਲ ਨਾਲ ਵਿਦਿਆਰਥੀਆਂ ਦੇ ਭਾਸ਼ਣ ਮੁਕਾਬਲੇ ਵੀ ਕਰਵਾਏ ਗਏ।ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਗਮਲਿਆਂ ਵਿੱਚ ਪੌਦੇ ਲਗਾ ਕੇ ਵਾਤਾਵਰਨ ਦੀ ਸ਼ੁੱਧਤਾ ਲਈ ਰੁੱਖ ਲਗਾਉਣ ਦਾ ਸੁਨੇਹਾ ਵੀ ਦਿੱਤਾ ਗਿਆ।ਉਹਨਾਂ ਕਿਹਾ ਕਿ ਵਿਦਿਆਰਥੀਆਂ ਵੱਲੋਂ ਜਿੱਥੇ ਖੁਦ ਪਟਾਕੇ ਨਾ ਚਲਾਉਣ ਦਾ ਵਾਅਦਾ ਕੀਤਾ ਗਿਆ ਉੱਥੇ ਹੀ ਹੋਰਨਾਂ ਨੂੰ ਵੀ ਇਸ ਬਾਰੇ ਜਾਗਰੂਕ ਕਰਨ ਦਾ ਵਾਅਦਾ ਕੀਤਾ ਗਿਆ।
ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਹੰਡਿਆਇਆ ਵਿਖੇ ਵੀ ਸ੍ਰ ਹਰਨੇਕ ਸਿੰਘ ਪ੍ਰਿੰਸੀਪਲ ਦੀ ਅਗਵਾਈ ਅਤੇ ਮੈਡਮ ਅੰਮਿ੍ਤਪਾਲ ਕੌਰ ਅੰਗਰੇਜ਼ੀ ਮਿਸਟ੍ਰੈਸ ਦੇ ਪ੍ਰਬੰਧਾਂ ਹੇਠ ਗਰੀਨ ਦਿਵਾਲੀ ਮਨਾਉਣ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ।ਵਿਦਿਆਰਥਣਾਂ ਵੱਲੋਂ ਦੀਵੇ ਸਜਾਉਣ ਦੇ ਮੁਕਾਬਲਿਆਂ ‘ਚ ਉਤਸ਼ਾਹ ਨਾਲ ਸ਼ਿਰਕਤ ਕਰਦਿਆਂ ਪਟਾਕਾ ਰਹਿਤ ਦਿਵਾਲੀ ਮਨਾਉਣ ਦਾ ਵੀ ਵਾਅਦਾ ਕੀਤਾ ਗਿਆ।ਵਿਦਿਆਰਥੀਆਂ ਵੱਲੋਂ ਪ੍ਰਦੂਸ਼ਣ ਮੁਕਤ ਦਿਵਾਲੀ ਦੲ ਸੁਨੇਹਾ ਦਿੰਦੇ ਸਲੋਗਨ ਵਹ ਲਿਖੇ ਗਏ।ਵਿਭਾਗ ਦੇ ਜਿਲ੍ਹਾ ਮੀਡੀਆ ਕੋ-ਆਰਡੀਨੇਟਰ ਬਿੰਦਰ ਸਿੰਘ ਖੁੱਡੀ ਕਲਾਂ ਨੇ ਕਿਹਾ ਕਿ ਗਰੀਨ ਦਿਵਾਲੀ ਪ੍ਰਤੀ ਵਿਦਿਆਰਥੀਆਂ ਦੀ ਜਾਗਰੂਕਤਾ ਪ੍ਰਦੂਸ਼ਣ ਘਟਾਉਣ ਦੀਆਂ ਕੋਸਿਸ਼ਾਂ ਵਿੱਚ ਮੱਦਦਗਾਰ ਸਿੱਧ ਹੋਵੇਗੀ।