ਹਰਿੰਦਰ ਨਿੱਕਾ ਬਰਨਾਲਾ 13 ਨਵੰਬਰ 2020
ਬਰਨਾਲਾ ਦੀ ਲੱਖੀ ਕਲੋਨੀ ਵਿਖੇ ਰਹਿਣ ਵਾਲੀ ਭਾਰਤੀ ਜਨਤਾ ਪਾਰਟੀ ਦੀ ਸੂਬਾਈ ਆਗੂ ਅਰਚਨਾ ਦੱਤ ਦੀ ਕੋਠੀ ਅੱਗੇ ਪਿਛਲੇ ਕਈ ਦਿਨ ਤੋਂ ਤਿੰਨ ਕਿਸਾਨ ਵਿਰੋਧੀ ਬਿੱਲਾਂ ਦੇ ਵਿਰੁੱਧ ਲਗਾਤਾਰ ਧਰਨਾ ਦੇ ਰਹੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਰੋਸ ਧਰਨਾ ਦੇ ਰਹੇ ਕਿਸਾਨਾਂ ਨੇ ਕੇਂਦਰ ਦੀ ਭਾਜਪਾ ਸਰਕਾਰ ਦੇ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਮ੍ਰਿਤਕ ਦੀ ਲਾਸ਼ ਨੂੰ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਬਰਨਾਲਾ ਵਿਖੇ ਸੰਭਾਲਿਆ ਗਿਆ।
ਕਿਸਾਨ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਮ੍ਰਿਤਕ ਦੇ ਪਰਿਵਾਰ ਦੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਅਤੇ ਪਰਿਵਾਰ ਦਾ ਪੂਰਾ ਕਰਜਾ ਮਾਫ ਕਰਕੇ ਪਰਿਵਾਰ ਨੂੰ 10 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇ। ਕਿਸਾਨ ਆਗੂ ਬਲੌਰ ਸਿੰਘ ਛੰਨਾ ਨੇ ਦੱਸਿਆ ਕਿ ਜੋਰਾ ਸਿੰਘ ਪੁੱਤਰ ਲਾਲ ਸਿੰਘ ਨਿਵਾਸੀ ਪਿੰਡ ਸੇਖਾ ਰਾਮਗੜ੍ਹੀਆ ਪਰਿਵਾਰ ਨਾਲ ਸਬੰਧਿਤ ਹੈ, ਥੋੜ੍ਹੀ ਜਮੀਨ ਤੇ ਖੇਤੀ ਕਰਕੇ ਆਪਣੇ ਪਰਿਵਾਰ ਦਾ ਗੁਜਰ ਬਸਰ ਕਰਦਾ ਸੀ। ਜੋਰਾ ਸਿੰਘ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦਾ ਸਰਗਰਮ ਮੈਂਬਰ ਸੀ ਅਤੇ ਹਰ ਸੰਘਰਸ਼ ਦੌਰਾਨ ਜੋਰਾ ਸਿੰਘ ਆਪਣੀ ਪਤਨੀ ਸਮੇਤ ਸ਼ਾਮਿਲ ਹੁੰਦਾ ਰਿਹਾ ਹੈ। ਅੱਜ ਜਦੋਂ ਧਰਨਾ ਸਮਾਪਤ ਹੋਇਆ ਤਾਂ ਉਹ ਹੋਰਨਾਂ ਪ੍ਰਦਰਸ਼ਨਕਾਰੀਆਂ ਨਾਲ ਟਰਾਲੀ ਵਿੱਚ ਬੈਠ ਗਿਆ। ਅਚਾਨਕ ਹੀ ਉਸ ਨੂੰ ਦਿਲ ਦਾ ਦੌਰਾ ਪਿਆ ਤਾਂ ਮੌਕੇ ਤੇ ਹੀ ਉਸ ਦੀ ਮੌਤ ਹੋ ਗਈ।
ਮੁਆਵਜ਼ਾ ਤੇ ਨੌਕਰੀ ਦੇਣ ਅਤੇ ਕਰਜਾ ਮਾਫੀ ਨਾ ਹੋਣ ਤੱਕ ਸੰਸਕਾਰ ਨਹੀ
ਸੀਨੀਅਰ ਕਿਸਾਨ ਆਗੂ ਚਮਕੌਰ ਸਿੰਘ ਨੈਣੇਵਾਲ ਨੇ ਸਰਕਾਰ ਅਤੇ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਕਿ ਜਿਨ੍ਹਾਂ ਚਿਰ ਤੱਕ ਸਰਕਾਰ ਮ੍ਰਿਤਕ ਦੇ ਪਰਿਵਾਰ ਦੇ ਇੱਕ ਜੀਅ ਨੂੰ ਨੌਕਰੀ , 10 ਲੱਖ ਰੁਪਏ ਦਾ ਮੁਆਵਜ਼ਾ ਅਤੇ ਪਰਿਵਾਰ ਸਿਰ ਚੜ੍ਹਿਆ ਬੈਂਕਾਂ ਅਤੇ ਆੜ੍ਹਤੀਆਂ ਦਾ ਪੂਰਾ ਕਰਜਾ ਮਾਫ ਨਹੀਂ ਕਰਦੀ, ਉਨ੍ਹਾਂ ਚਿਰ ਮ੍ਰਿਤਕ ਦੇਹ।ਦਾ ਸੰਸਕਾਰ ਨਹੀਂ ਕੀਤਾ ਜਾਵੇਗਾ।
ਉੱਧਰ ਘਟਨਾ ਦੀ ਸੂਚਨਾ ਮਿਲਦਿਆਂ ਹੀ ਡੀ ਐੱਸ ਪੀ ਲਖਵੀਰ ਸਿੰਘ ਟਿਵਾਣਾ ਸਿਵਲ ਹਸਪਤਾਲ ਵਿੱਚ ਭਾਰੀ ਪੁਲੀਸ ਫੋਰਸ ਲੈ ਕੇ ਪਹੁੰਚ ਗਏ । ਉਨ੍ਹਾਂ ਕਿਸਾਨ ਆਗੂਆਂ ਨਾਲ ਗੱਲਬਾਤ ਸ਼ੁਰੂ ਕਰ ਦਿੱਤੀ ਖ਼ਬਰ ਲਿਖੇ ਜਾਣ ਤੱਕ ਮਾਮਲਾ ਗੰਭੀਰ ਬਣਿਆ ਹੋਇਆ ਸੀ।