ਪੰਚਾਇਤਾਂ ਅਤੇ ਧਾਰਮਿਕ ਸਥਾਨਾਂ ਦੀਆਂ ਕਮੇਟੀਆਂ, ਬੋਰਡ ਅਤੇ ਟਰੱਸਟ ਦੇ ਮੁਖੀਆਂ ਨੂੰ ਹੁਕਮ ਜਾਰੀ
ਹਰਪ੍ਰੀਤ ਕੌਰ ਸੰਗਰੂਰ, 17 ਨਵੰਬਰ:2020
ਵਧੀਕ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਅਨਮੋਲ ਸਿੰਘ ਧਾਲੀਵਾਲ ਨੇ ਜ਼ਿਲ੍ਹਾ ਸੰਗਰੂਰ ਵਿੱਚ ਸਮੂਹ ਧਾਰਮਿਕ ਸਥਾਨਾਂ ਤੇ ਅਗਲੇ ਹੁਕਮਾਂ ਤੱਕ ਠੀਕਰੀ ਪਹਿਰਾ ਲਗਾਉਣ ਲਈ ਪਿੰਡਾਂ ਦੀਆਂ ਸਮੂਹ ਪੰਚਾਇਤਾਂ ਅਤੇ ਧਾਰਮਿਕ ਸਥਾਨਾਂ ਦੀਆਂ ਕਮੇਟੀਆਂ, ਬੋਰਡ, ਟਰੱਸਟ ਦੇ ਮੁਖੀਆਂ ਦੀ ਜਿੰਮੇਵਾਰੀ ਲਗਾਈ ਹੈ।
ਪਹਿਲਾਂ ਤੋਂ ਜਾਰੀ ਹੁਕਮਾਂ ਦੀ ਤਾਰੀਖ ਵਿੱਚ ਵਾਧਾ ਕਰਦਿਆਂ ਕਿਹਾ ਗਿਆ ਹੈ ਕਿ ਪਿਛਲੇ ਦਿਨੀ ਧਾਰਮਿਕ ਸਥਾਨਾਂ ਤੇ ਸ਼ਰਾਰਤੀ ਅਨਸਰਾਂ ਵੱਲੋਂ ਬੇਅਦਬੀ ਦੀਆਂ ਘਟਨਾਵਾਂ ਹੋਈਆਂ ਹਨ। ਇਸ ਕਾਰਨ ਇਲਾਕੇ ਵਿੱਚ ਤਨਾਵ ਪੈਦਾ ਹੁੰਦਾ ਹੈ ਅਤੇ ਲੋਕਾਂ ਦੀ ਜਾਨ ਮਾਲ ਨੂੰ ਨੁਕਸਾਨ ਪਹੁੰਚਣ ਦਾ ਖਦਸ਼ਾ ਬਣਿਆ ਰਹਿੰਦਾ ਹੈ। ਇਹਨਾਂ ਹਾਲਾਤਾਂ ਵਿੱਚ ਇਹ ਜਰੂਰੀ ਹੈ ਕਿ ਪਿੰਡਾਂ ਅਤੇ ਕਸਬਿਆਂ ਵਿੱਚ ਧਾਰਮਿਕ ਸਥਾਨਾਂ ਦੀ ਮਰਿਆਦਾ ਨੂੰ ਕਾਇਮ ਰੱਖਿਆ ਜਾਵੇ ਤਾਂ ਜੋ ਧਾਰਮਿਕ ਸਥਾਨਾਂ ਦੀ ਸੁਰੱਖਿਆ ਅਤੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਨਾ ਪਹੁੰਚ ਸਕੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਅਮਨ ਕਾਨੂੰਨ ਬਣਾਏ ਰੱਖਣ ਲਈ ਅਤੇ ਲੋਕਾਂ ਦੀ ਜਾਨ ਮਾਲ ਅਤੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਢੁੱਕਵੇਂ ਕਦਮ ਉਠਾਉਣ ਦੀ ਫੌਰੀ ਜਰੂਰਤ ਹੈ। ਇਹ ਹੁਕਮ 14 ਜਨਵਰੀ 2021 ਤੱਕ ਲਾਗੂ ਰਹਿਣਗੇ।
ਕੈਫੇ ਸੰਚਾਲਕਾਂ ਨੂੰ ਵੀ ਜਾਰੀ ਕੀਤੇ ਦਿਸ਼ਾ ਨਿਰਦੇਸ਼
ਵਧੀਕ ਜ਼ਿਲ੍ਹਾ ਮੈਜਿਸਟਰੇਟ ਸੰਗਰੂਰ ਸ੍ਰੀ ਅਨਮੋਲ ਸਿੰਘ ਧਾਲੀਵਾਲ ਨੇ ਜ਼ਿਲ੍ਹਾ ਸੰਗਰੂਰ ਦੀ ਹਦੂਦ ਅੰਦਰ ਸਾਈਬਰ ਕੈਫ਼ੇ ਦੇ ਮਾਲਕਾਂ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਸਾਈਬਰ ਕੈਫ਼ੇ ‘ਤੇ ਪ੍ਰਾਪਤ ਸਹੂਲਤਾਂ ਦੀ ਵਰਤੋਂ ਕਰਨ ਵਾਲੇ ਵਿਅਕਤੀ ਦੀ ਪਹਿਚਾਣ ਦੇ ਰਿਕਾਰਡ ਲਈ ਰਜਿਸਟਰ ਲਗਾਇਆ ਜਾਵੇ। ਸਾਈਬਰ ਕੈਫੇ ‘ਤੇ ਆਉਣ ਵਾਲੇ, ਵਰਤੋਂ ਕਰਨ ਵਾਲੇ ਵਿਅਕਤੀ ਦੀ ਸ਼ਨਾਖਤ ਉਸਦੇ ਪਹਿਚਾਣ ਪੱਤਰ, ਵੋਟਰ ਕਾਰਡ, ਰਾਸ਼ਨ ਕਾਰਡ, ਡਰਾਈਵਿੰਗ ਲਾਇਸੰਸ, ਪਾਸਪੋਰਟ, ਕਰੈਡਿਟ ਕਾਰਡ ਆਦਿ ਵੇਖ ਕੇ ਕੀਤੀ ਜਾਵੇ। ਸਾਈਬਰ ਕੈਫੇ ਵਿੱਚ ਸਥਿਤ ਵਿਅਕਤੀ ਆਪਣੇ ਹੱਥ ਨਾਲ ਆਪਣਾ ਨਾਮ, ਘਰ ਦਾ ਪਤਾ, ਟੈਲੀਫੋਨ ਨੰਬਰ ਅਤੇ ਪਹਿਚਾਣ ਸਬੰਧੀ ਸਬੂਤ ਇੰਦਰਾਜ ਕਰੇਗਾ ਅਤੇ ਰਜਿਸਟਰ ਵਿੱਚ ਹਸਤਾਖਰ ਕਰੇਗਾ। ਹੁਕਮਾਂ ‘ਚ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਸਾਈਬਰ ਕੈਫੇ ਵਿੱਚ ਆਉਣ ਵਾਲੇ ਕਿਸੇ ਵੀ ਵਿਅਕਤੀ ਦੀ ਗਤੀਵਿਧੀ ਸਾਈਬਰ ਕੈਫੇ ਦੇ ਮਾਲਕ ਨੂੰ ਸ਼ੱਕੀ ਲਗਦੀ ਹੈ ਤਾਂ ਉਹ ਸਬੰਧਤ ਥਾਣੇ ਨੂੰ ਸੂਚਿਤ ਕਰੇਗਾ।