ਜਿਲ੍ਹਾ ਸਿੱਖਿਆ ਅਧਿਕਾਰੀ ਵੱਲੋਂ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਪ੍ਰਸ਼ੰਸ਼ਾ
ਅਜੀਤ ਸਿੰਘ ਕਲਸੀ ਬਰਨਾਲਾ,21 ਨਵੰਬਰ 2020
ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਦੀ ਅਗਵਾਈ ਅਤੇ ਸਿੱਖਿਆ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਦੀ ਰਹਿਨੁਮਾਈ ਹੇਠ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਕੌਮਾਂਤਰੀ ਭਾਸ਼ਾ ਅੰਗਰੇਜ਼ੀ ਵਿੱਚ ਨਿਪੁੰਨ ਬਣਾਉਣ ਲਈ ਉਪਰਾਲੇ ਲਗਾਤਾਰ ਜਾਰੀ ਹਨ।ਵਿਦਿਆਰਥੀਆਂ ਦੀ ਅੰਗਰੇਜ਼ੀ ਬੋਲਣ ਦੀ ਝਿਜਕ ਦੂਰ ਕਰਨ ਲਈ ਸਮੂਹ ਸਰਕਾਰੀ ਸਕੂਲਾਂ ‘ਚ ਅੰਗਰੇਜ਼ੀ ਬੂਸਟਰ ਕਲੱਬਾਂ ਦੀ ਸਥਾਪਨਾ ਕਰਕੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਇਸ ਕਲੱਬ ਦੇ ਮੈਂਬਰ ਬਣਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਸ੍ਰ ਅਮਨਿੰੰਦਰ ਸਿੰਘ ਜਿਲ੍ਹਾ ਮੈਂਟਰ ਅੰਗਰੇਜ਼ੀ ਅਤੇ ਸਮਾਜਿਕ ਸਿੱਖਿਆ ਨੇ ਦੱਸਿਆ ਕਿ ਮੁੱਖ ਦਫ਼ਤਰ ਦੀਆਂ ਹਦਾਇਤਾਂ ਅਨੁਸਾਰ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰ ਸਰਬਜੀਤ ਸਿੰਘ ਤੂਰ ਅਤੇ ਉਪ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰੀਮਤੀ ਹਰਕੰਵਲਜੀਤ ਕੌਰ ਦੀ ਅਗਵਾਈ ਹੇਠ ਸਮੂਹ ਮਿਡਲ,ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ‘ਚ ਅੰਗਰੇਜ਼ੀ ਬੂਸਟਰ ਕਲੱਬਾਂ ਦੀ ਸਥਾਪਨਾ ਕਰਨ ਦੇ ਨਾਲ ਨਾਲ ਰੋਜ਼ਾਨਾ ਵਿਦਿਆਰਥੀਆਂ ਦੇ ਅੰੰਗਰੇਜ਼ੀ ਬੋਲਣ ਦੇ ਆਨਲਾਈਨ ਮੁਕਾਬਲੇ ਕਰਵਾਏ ਜਾ ਰਹੇ ਹਨ।ਵਿਦਿਆਰਥੀਆਂ ਦੇ ਨਾਲ ਨਾਲ ਅਧਿਆਪਕਾਂ ਵੱਲੋਂ ਵੀ ਅੰਗਰੇਜ਼ੀ ਬੋਲਣ ਦੀਆਂ ਤਿਆਰ ਕੀਤੀਆਂ ਵੀਡੀਓਜ਼ ਨੂੰ ਜਿਲ੍ਹਾ ਮੀਡੀਆ ਸੈੱਲ ਰਾਹੀਂ ਸਿੱਖਿਆ ਅਧਿਕਾਰੀਆਂ ਵੱਲੋਂ ਜਾਰੀ ਕਰਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ।
ਉਹਨਾਂ ਦੱਸਿਆ ਕਿ ਮੁੱਖ ਦਫ਼ਤਰ ਦੀਆਂ ਹਦਾਇਤਾਂ ਅਨੁਸਾਰ ਅੰਗਰੇਜ਼ੀ ਬੂਸਟਰ ਕਲੱਬ ਦੇ ਮੈਂਬਰ ਅਧਿਆਪਕਾਂ ਦੀ ਆਨਲਾਈਨ ਮੀਟਿੰਗ ਕਰਵਾਈ ਗਈ।ਮੀਟਿੰਗ ਵਿੱਚ ਜਿਲ੍ਹਾ ਸਿੱਖਿਆ ਅਫ਼ਸਰ ਸ੍ਰ ਤੂਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਸ੍ਰ ਤੂਰ ਨੇ ਕਲੱਬ ਮੈਂਬਰ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਅੰਗਰੇਜ਼ੀ ਭਾਸ਼ਾ ‘ਚ ਨਿਪੁੰਨ ਬਣਾਉਣ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੀ ਸਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਵਿਦਿਆਰਥੀਆਂ ਨੂੰ ਕੌਮਾਂਤਰੀ ਪੱਧਰ ‘ਤੇ ਭਵਿੱਖ ਤਰਾਸ਼ਣ ਦਾ ਅਵਸਰ ਮਿਲੇਗਾ।ਸਿੱਖਿਆ ਅਧਿਕਾਰੀ ਨੇ ਕਿਹਾ ਕਿ ਅੰਗਰੇਜ਼ੀ ਅਤੇ ਸਮਾਜਿਕ ਸਿੱਖਿਆ ਦੇ ਅਧਿਆਪਕਾਂ ਦੇ ਨਾਲ ਨਾਲ ਬਾਕੀ ਵਿਸ਼ਿਆਂ ਦੇ ਅਧਿਆਪਕਾਂ ਵੱਲੋਂ ਵੀ ਕਲੱਬ ਮੈਂਬਰ ਬਣਕੇ ਵਿਦਿਆਰਥੀਆਂ ਦੀ ਅੰਗਰੇਜ਼ੀ ਭਾਸ਼ਾ ਬੋਲਣ ਦੀ ਝਿਜਕ ਦੂਰ ਕਰਨ ਲਈ ਕੀਤੇ ਜਾ ਰਹੇ ਯਤਨਾਂ ਵਿੱਚ ਯੋਗਦਾਨ ਪਾਇਆ ਜਾ ਰਿਹਾ ਹੈ।
ਮੀਟਿੰਗ ਦੌਰਾਨ ਅਧਿਆਪਕਾਂ ਵੱਲੋਂ ਵਿਭਾਗ ਦੇ ਉਪਰਾਲੇ ਦੀ ਪ੍ਰਸ਼ੰਸ਼ਾ ਕਰਦਿਆਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਾਤ ਭਾਸ਼ਾ ਦੇ ਨਾਲ ਨਾਲ ਅੰਗਰੇਜ਼ੀ ਭਾਸ਼ਾ ‘ਚ ਨਿਪੁੰਨ ਬਣਾਉਣ ਦਾ ਵਾਅਦਾ ਕੀਤਾ ਗਿਆ।ਵਿਭਾਗ ਦੇ ਜਿਲ੍ਹਾ ਮੀਡੀਆ ਕੋ-ਆਰਡੀਨੇਟਰ ਬਿੰਦਰ ਸਿੰਘ ਖੁੱਡੀ ਕਲਾਂਂ ਨੇ ਕਿਹਾ ਕਿ ਅੰਗਰੇਜ਼ੀ ਬੂਸਟਰ ਕਲੱਬ ਗਤੀਵਿਧੀਆਂ ਪ੍ਰਤੀ ਵਿਦਿਆਰਥੀਆਂ ਅਤੇ ਅਧਿਆਪਕਾਂ ‘ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਆਨਲਾਈਨ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਬਲਾਕ ਮੈਂਟਰ ਸ੍ਰ ਅਮਰਜੀਤ ਸਿੰਘ, ਸ੍ਰ ਜਗਦੀਸ਼ ਸਿੰਘ, ਸ੍ਰ ਸੋਹਣ ਸਿੰਘ ਅਤੇ ਸ੍ਰੀ ਮੁਹੰਮਦ ਨਾਸਰ ਵੀ ਹਾਜ਼ਰ ਸਨ।