ਡਾਕਟਰੀ ਅਮਲੇ ਵੱਲੋਂ ਕੋਵਿਡ-19 ਦੌਰਾਨ ਦਿੱਤੀਆਂ ਦਲੇਰਾਨਾ ਸੇਵਾਵਾਂ ਦੀ ਸ਼ਲਾਘਾ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿਵਲ ਹਸਪਤਾਲ ਸੰਗਰੂਰ ਵਿਖੇ ਤੈਨਾਤ ਹਾਊਸਕੀਪਰ ਨਾਲ ਕੀਤੀ ਗੱਲਬਾਤ
ਹਰਪ੍ਰੀਤ ਕੌਰ ਸੰਗਰੂਰ, 21 ਨਵੰਬਰ:2020
ਪੰਜਾਬ ’ਚ ਸਿਹਤ ਸੰਸਥਾਵਾਂ ਦੇ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਦੇ ਨਾਲ-ਨਾਲ ਮਰੀਜ਼ਾਂ ਨੂੰ ਚੰਗੇਰੀਆਂ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਨਿਰੰਤਰ ਯਤਨ ਕੀਤੇ ਜਾ ਰਹੇ ਹਨ ਜਿਸਦੇ ਸਾਰਥਕ ਨਤੀਜੇ ਨਿਕਲ ਕੇ ਸਾਹਮਣੇ ਆ ਰਹੇ ਹਨ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਸਥਾਨਕ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ’ਚ ਸਿਹਤ ਵਿਭਾਗ ਵੱਲੋਂ ਕਰਵਾਏ ਗਏ ਵਿਰਚੂਅਲ ਪ੍ਰੋਗਰਾਮ ਦੀ ਪ੍ਰਧਾਨਗੀ ਕਰਦਿਆਂ ਕੀਤਾ। ਜ਼ਿਕਰਯੋਗ ਹੈ ਕਿ ਇਸ ਪ੍ਰੋਗਰਾਮ ਦੌਰਾਨ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਭਰ ’ਚ 107 ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦਾ ਵਿਰਚੂਅਲੀ ਉਦਘਾਟਨ ਕੀਤਾ ਅਤੇ ਕੋਵਿਡ-19 ਦੀ ਮਹਾਂਮਾਰੀ ਦੌਰਾਨ ਡਾਕਟਰਾਂ ਅਤੇ ਹੋਰ ਮੈਡੀਕਲ ਸਟਾਫ਼ ਵੱਲੋਂ ਦਿੱਤੀਆਂ ਗਈਆਂ ਦਲੇਰਾਨਾ ਅਤੇ ਅਣਥੱਕ ਸੇਵਾਵਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਮੁੱਖ ਮੰਤਰੀ ਨੇ ਸਿਵਲ ਹਸਪਤਾਲ ਸੰਗਰੂਰ ਵਿਖੇ ਤੈਨਾਤ ਹਾਊਸਕੀਪਰ ਮੋਹਿਤ ਕੁਮਾਰ ਨਾਲ ਵੀ ਗੱਲਬਾਤ ਕੀਤੀ ਅਤੇ ਮਹਾਂਮਾਰੀ ਦੌਰਾਨ ਉਸ ਵੱਲੋਂ ਕੀਤੀ ਗਈ ਮਰੀਜ਼ਾਂ ਦੀ ਦੇਖਭਾਲ ਲਈ ਉਸਦੀ ਸ਼ਲਾਘਾ ਕੀਤੀ।
ਇਸ ਮੌਕੇ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਿਹਤ ਦੇ ਖੇਤਰ ’ਚ ਲਿਆਂਦੇ ਸੁਧਾਰਾਂ ਕਰਕੇ ਹੀ ਸੂਬੇ ’ਚ ਕੋਵਿਡ-19 ਦੀ ਮਹਾਂਮਾਰੀ ਦੀ ਰੋਕਥਾਮ ਲਈ ਮਿਸਾਲੀ ਕੰਮ ਕੀਤਾ ਗਿਆ ਹੈ। ਉਨਾਂ ਕਿਹਾ ਕਿ ਇਸ ਲਈ ਬੁਨਿਆਦੀ ਢਾਂਚੇ ਦੇ ਨਾਲ-ਨਾਲ ਕੋਰੋਨਾ ਯੋਧਿਆਂ ਵੱਲੋਂ ਦਿੱਤੀਆਂ ਗਈਆਂ ਨਿਡਰ ਸੇਵਾਵਾਂ ਲਾਮਿਸਾਲ ਹਨ। ਉਨਾਂ ਕਿਹਾ ਕਿ ਇਸ ਮਹਾਂਮਾਰੀ ਦੀ ਪਹਿਲੀ ਲਹਿਰ ਦਾ ਪੰਜਾਬੀਆਂ ਵੱਲੋਂ ਮਜਬੂਤੀ ਨਾਲ ਟਾਕਰਾ ਕੀਤਾ ਗਿਆ ਹੈ ਅਤੇ ਨੇੜਲੇ ਭਵਿੱਖ ’ਚ ਆ ਸਕਣ ਵਾਲੀ ਦੂਜੀ ਲਹਿਰ ਲਈ ਵੀ ਪੰਜਾਬ ਤਿਆਰ ਬਰ ਤਿਆਰ ਹੈ। ਉਨਾਂ ਕਿਹਾ ਕਿ ਸੰਗਰੂਰ ਦੇ ਲੋਕ ਵੀ ਕੋਵਿਡ-19 ਦੀ ਲਪੇਟ ’ਚ ਆਉਣ ਤੋਂ ਬਚਣ ਲਈ ਮਾਸਕ ਪਾਉਣ ਸਮੇਤ ਹੋਰਨਾਂ ਸਾਵਧਾਨੀਆਂ ਦੀ ਬਾਰੀਕੀ ਨਾਲ ਪਾਲਣਾ ਕਰਨ ਤਾਂ ਜੋ ਕੋਰੋਨਾ ਵਿਰੁੱਧ ਵਿੱਢੀ ਜੰਗ ’ਚ ਜਿੱਤ ਯਕੀਨੀ ਬਣਾਈ ਜਾ ਸਕੇ।
ਇਸ ਮੌਕੇ ਡਿਪਟੀ ਕਮਿਸ਼ਨਰ ਰਾਮਵੀਰ, ਜ਼ਿਲਾ ਯੋਜਨਾ ਕਮੇਟੀ ਦੇ ਚੇਅਰਮੈਨ ਰਾਜਿੰਦਰ ਸਿੰਘ ਰਾਜਾ ਬੀਰ ਕਲਾਂ, ਸੀਨੀਅਰ ਆਗੂ ਦਾਮਨ ਥਿੰਦ ਬਾਜਵਾ, ਮਾਸਟਰ ਅਜੈਬ ਸਿੰਘ ਰਟੌਲਾਂ, ਵਧੀਕ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ, ਸਿਵਲ ਸਰਜਨ ਡਾ. ਰਾਜ ਕੁਮਾਰ, ਵਾਇਸ ਚੇਅਰਮੈਨ ਪੰਜਾਬ ਸਮਾਲ ਇੰਡਸਟਰੀਜ਼ ਕਾਰਪੋਰੇਸ਼ਨ ਮਹੇਸ਼ ਕੁਮਾਰ ਮੇਸ਼ੀ, ਚੇਅਰਮੈਨ ਮਾਰਕਿਟ ਕਮੇਟੀ ਅਨਿਲ ਕੁਮਾਰ ਘੀਚਾ, ਡੀ.ਐਚ.ਓ. ਡਾ. ਐਸ.ਜੇ. ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਪਰਮਿੰਦਰ ਕੌਰ, ਸਹਾਇਕ ਸਿਵਲ ਸਰਜਨ ਡਾ. ਜਗਮੋਹਨ ਸਿੰਘ ਅਤੇ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।