ਰਿਚਾ ਨਾਗਪਾਲ , ਪਟਿਆਲਾ 23 ਨਵੰਬਰ 2020
ਕੇਂਦਰ ਸਰਕਾਰ ਦੁਆਰਾ ਪਾਸ ਕੀਤੇ ਤਿੰਨ ਕਿਸਾਨ ਵਿਰੋਧੀ ਬਿਲਾਂ , ਬਿਜਲੀ ਸੋਧ ਬਿੱਲ ਅਤੇ ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ 1 ਕਰੋੜ ਰੁਪਏ ਜੁਰਮਾਨਾ ਅਤੇ ਪੰਜ ਸਾਲ ਦੀ ਕੈਦ ਵਾਲੇ ਆਡੀਨੈਂਸ ਦਾ ਵਿਰੋਧ ਕਰਦੇ ਕਿਸਾਨਾਂ ਦੇ ਸੰਘਰਸ਼ੀ ਕਾਫਿਲੇ ਦੇ ਇੱਕ ਹੋਰ ਯੋਧੇ ਹਜੂਰਾ ਸਿੰਘ ਸ਼ਤਰਾਣਾ ਦੀ ਅੱਜ ਸੜ੍ਹਕ ਹਾਦਸੇ ਵਿੱਚ ਮੌਤ ਹੋ ਗਈ। ਜਦੋਂ ਕਿ ਉਸ ਦਾ ਇੱਕ ਹੋਰ ਸਾਥੀ ਬਲਜੀਤ ਸਿੰਘ ਵੀ ਗੰਭੀਰ ਰੂਪ ਵਿੱਚ ਜਖਮੀ ਹੋ ਗਿਆ। ਹਾਦਸੇ ਸਬੰਧੀ ਜਾਣਕਾਰੀ ਦਿੰਦਿਆਂ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਡਾਕਟਰ ਦਰਸ਼ਨ ਪਾਲ ਨੇ ਦੱਸਿਆ ਕਿ ਯੂਨੀਅਨ ਵੱਲੋਂ 26/27 ਨੂੰ ਦਿੱਲੀ ਚੱਲੋ ਪ੍ਰੋਗਰਾਮ ਦੇ ਤਹਿਤ ਤਿਆਰੀਆਂ ਦੇ ਦੌਰਾਨ ਅੱਜ ਸਵੇਰੇ ਸ਼ਤਰਾਣਾ ਪਿੰਡ ਦੇ ਦੋ ਕਿਸਾਨ ਆਗੂ ਬਲਜੀਤ ਸਿੰਘ ਅਤੇ ਹਜੂਰਾ ਸਿੰਘ , ਪਿੰਡ ਧੂਹੜ ਵੱਲ ਮੋਟਰ ਸਾਈਕਲ ਤੇ ਜਾ ਰਹੇ ਸਨ। ਜਦੋਂ ਉਹ ਪਾਤੜਾਂ ਸ਼ਹਿਰ ਅੰਦਰ ਦਾਖਿਲ ਹੋਏ ਤਾਂ ਉਨਾਂ ਨੂੰ ਇੱਕ ਬਹੁਤ ਹੀ ਤੇਜ ਰਫਤਾਰ ਗੱਡੀ ਨੇ ਫੇਟ ਮਾਰ ਦਿੱਤੀ। ਦੋਵਾਂ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਲੈ ਜਾਇਆ ਜਾ ਰਿਹਾ ਸੀ ਤਾਂ ਹਜੂਰਾ ਸਿੰਘ ਦੀ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਮੌਤ ਹੋ ਗਈ। ਕਿਸਾਨ ਆਗੂ ਡਾਕਟਰ ਦਰਸ਼ਨ ਪਾਲ ਨੇ ਕਿਸਾਨ ਆਗੂ ਦੀ ਮੌਤ ਤੇ ਗਹਿਰਾ ਦੁੱਖ ਪ੍ਰਗਟ ਕਰਦਿਆਂ ਸਰਕਾਰ ਤੋਂ ਮ੍ਰਿਤਕ ਕਿਸਾਨ ਦੇ ਪਰਿਵਾਰ ਨੂੰ ਮੁਆਵਜਾ ਅਤੇ ਪਰਿਵਾਰ ਦੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ।