ਡਿਪਟੀ ਕਮਿਸ਼ਨਰ ਦੀ ਅਗਵਾਈ ਵਿਚ ਪਾਣੀ ਦੀ ਸੰਭਾਲ ਸਬੰਧੀ ਨਵੀਆਂ ਤਕਨੀਕਾਂ ’ਤੇ ਚਰਚਾ
ਅਜੀਤ ਸਿੰਘ ਕਲਸੀ ਬਰਨਾਲਾ, 24 ਨਵੰਬਰ 2020
ਪਾਣੀ ਦੇ ਹੇਠਾਂ ਜਾ ਰਹੇ ਪੱਧਰ ਨੂੰ ਬਚਾਉਣ ਲਈ ਚਹੁੰਪੱਖੀ ਯਤਨਾਂ ਅਤੇ ਕਾਰਗਾਰ ਤਕਨੀਕਾਂ ’ਤੇ ਕੰਮ ਕਰਨ ਦੀ ਲੋੜ ਹੈ, ਜਿਸ ਸਬੰਧੀ ਜ਼ਿਲ੍ਹਾ ਬਰਨਾਲਾ ਵਿਚ ਵਿਸ਼ੇਸ਼ ਉਪਰਾਲੇ ਵਿਉਂਤੇ ਗਏ ਹਨ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਵੱਲੋਂ ਮੀਂਹ ਦੇ ਪਾਣੀ ਦੀ ਸੁਚੱਜੀ ਸੰਭਾਲ ਅਤੇ ਵਰਤੋਂ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ ਗਿਆ।
ਇਸ ਮੌਕੇ ਪੰਚਾਇਤੀ ਰਾਜ ਵਿਭਾਗ, ਸਥਾਨਕ ਸਰਕਾਰਾਂ ਵਿÎਭਾਗ, ਸਿੱਖਿਆ ਵਿਭਾਗ ਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਲਈ ਮੀਂਹ ਦੇ ਪਾਣੀ ਦੇ ਸੁਚੱਜੀ ਸੰਭਾਲ ਅਤੇ ਪਾਣੀ ਦਾ ਪੱਧਰ ਹੇਠਾਂ ਡਿੱਗਣ ਤੋਂ ਬਚਾਉਣ ਲਈ ਸੈਮੀਨਾਰ ਕਰਵਾਇਆ ਗਿਆ, ਜਿਸ ਦੌਰਾਨ ਮਾਹਿਰਾਂ ਵੱਲੋਂ ਮੀਂਹ ਦੇ ਪਾਣੀ ਦੀ ਸੰਭਾਲ ਲਈ ਵੱਖ ਵੱਖ ਤਕਨੀਕਾਂ ਜਿਵੇਂ ਰੂਫ ਟੌਪ ਹਾਰਵੈਸਟਿੰਗ ਤੇ ਹੋਰ ਮਾਡਲਾਂ ਬਾਰੇ ਵਿਸਥਾਰ ਵਿਚ ਦੱਸਿਆ ਗਿਆ, ਜਿਸ ਨਾਲ ਅਸੀਂ ਪਾਣੀ ਅਜਾਈਂ ਜਾਣ ਤੋਂ ਬਚਾਅ ਸਕਦੇ ਹਾਂ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗੀ ਅਧਿਕਾਰੀਆਂ ਨੂੰ ਇਸ ਦਿਸ਼ਾ ਵਿਚ ਸੰਜੀਦਗੀ ਨਾਲ ਕੰਮ ਕਰਨ ਦਾ ਸੱਦਾ ਦਿੱਤਾ ਤਾਂ ਜੋ ਪਾਣੀ ਦੀ ਸੁਚੱਜੀ ਸੰਭਾਲ ਕੀਤੀ ਜਾ ਸਕੇ। ਇਸ ਮੌਕੇ ਐਸਡੀਐਮ ਸ੍ਰੀ ਵਰਜੀਤ ਵਾਲੀਆ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਸ੍ਰੀ ਸੰਜੀਵ ਕੁਮਾਰ ਸ਼ਰਮਾ, ਕਾਰਜਸਾਧਕ ਅਫਸਰ ਸ੍ਰੀ ਮਨਪ੍ਰੀਤ ਸਿੰਘ ਸਿੱਧੂ ਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।