ਸਰਕਾਰੀ ਸਕੂਲਾਂ ਦੀਆਂ ਤਿੰਨ ਰੋਜ਼ਾ ਮਾਪੇ-ਅਧਿਆਪਕ ਮਿਲਣੀਆਂ ਦੀ ਸ਼ੁਰੂਆਤ ਕੱਲ੍ਹ ਤੋਂ
ਪੰਜਾਬ ਪ੍ਰਾਪਤੀ ਸਰਵੇਖਣ ਦਾ ਮੁਲਾਂਕਣ ਤੇ ਮਿਸ਼ਨ ਸ਼ਤ-ਪ੍ਰਤੀਸ਼ਤ ‘ਤੇ ਹੋਵੇਗੀ ਚਰਚਾ
ਰਘਵੀਰ ਹੈਪੀ ਬਰਨਾਲਾ,25 ਨਵੰਬਰ 2020
ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਦੀ ਅਗਵਾਈ ਹੇਠ ਦਿੱਤੀ ਜਾ ਰਹੀ ਮਿਆਰੀ ਸਿੱਖਿਆ ਬਾਰੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਜਾਣਕਾਰੀ ਦੇਣ ਲਈ ਸਕੂਲ ਸਿੱਖਿਆ ਵਿਭਾਗ ਵੱਲੋਂ 26 ਤੋਂ 28 ਨਵੰਬਰ ਤੱਕ ਤਿੰਨ ਰੋਜ਼ਾ ਮਾਪੇ-ਅਧਿਆਪਕ ਮਿਲਣੀ ਆਯੋਜਿਤ ਕੀਤੀ ਜਾ ਰਹੀ ਹੈ। ਸਕੱਤਰ ਸਕੂਲ ਸਿੱਖਿਆ ਸ੍ਰੀ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਪੰਜਾਬ ਦੇ ਲਗਭਗ 19 ਹਜ਼ਾਰ ਸਰਕਾਰੀ ਪ੍ਰਾਇਮਰੀ, ਮਿਡਲ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਵਿੱਚ ਪੜ੍ਹਦੇ ਬੱਚਿਆਂ ਦੇ ਮਾਪਿਆਂ ਨਾਲ ਕੀਤੀ ਜਾਣ ਵਾਲੀ ਉਕਤ ਮਿਲਣੀ ਸਬੰਧੀ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸ੍ਰ ਸਰਬਜੀਤ ਸਿੰਘ ਤੂਰ ਅਤੇ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਸ੍ਰੀਮਤੀ ਜਸਬੀਰ ਕੌਰ ਨੇ ਦੱਸਿਆ ਕਿ ਜਿਲ੍ਹੇ ਦੇ ਸਮੂਹ ਸਰਕਾਰੀ ਸਕੂਲਾਂ ਵੱਲੋਂ ਆਨਲਾਈਨ ਅਤੇ ਨੌਵੀਂ ਤੋਂ ਬਾਰਵੀਂ ਜਮਾਤਾਂ ਦੇ ਵਿਦਿਆਰਥੀਆਂ ਦੇ ਮਾਪਿਆਂ ਨਾਲ ਕੋਵਿਡ-19 ਤੋਂ ਬਚਾਅ ਦੀਆਂ ਹਦਾਇਤਾਂ ਦਾ ਪਾਲਣ ਕਰਦਿਆਂ ਸਕੂਲਾਂ ਵਿੱਚ ਸਿੱਧੇ ਸੰਪਰਕ ਰਾਹੀਂ ਮਾਪੇ ਅਧਿਆਪਕ ਮਿਲਣੀ ਕੀਤੀ ਜਾਵੇਗੀ। ਅਧਿਕਾਰੀਆਂ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਆਨਲਾਈਨ ਅਤੇ ਸਰਕਾਰੀ ਹਦਾਇਤਾਂ ਅਨੁਸਾਰ ਨੌਵੀਂ ਤੋਂ ਬਾਰਵੀਂ ਜਮਾਤਾਂ ਦੇ ਵਿਦਿਆਰਥੀਆਂ ਨੂੰ ਸਕੂਲਾਂ ਵਿੱਚ ਦਿੱਤੀ ਜਾ ਰਹੀ ਮਿਆਰੀ ਸਿੱਖਿਆ ਦੇ ਮੁਲਾਂਕਣ ਲਈ 11 ਨਵੰਬਰ ਤੋਂ ਪੰਜਾਬ ਪ੍ਰਾਪਤੀ ਸਰਵੇਖਣ ਸ਼ੁਰੂ ਕੀਤਾ ਗਿਆ ਸੀ। ਇਸ ਸਰਵੇਖਣ ਦੇ ਨਤੀਜਿਆਂ ਦਾ ਵਿਸਲੇਸ਼ਣ ਬੱਚਿਆਂ ਦੇ ਮਾਪਿਆਂ ਅਤੇ ਵਿਦਿਆਰਥੀਆਂ ਨਾਲ ਇਹਨਾਂ ਮਾਪੇ-ਅਧਿਆਪਕ ਮਿਲਣੀਆਂ ਦੌਰਾਨ ਸਾਂਝਾ ਕੀਤਾ ਜਾਵੇਗਾ। ਇਸਦੇ ਨਾਲ ਹੀ ਮਿਸ਼ਨ ਸ਼ਤ-ਪ੍ਰਤੀਸ਼ਤ-2021, ਸਕੂਲਾਂ ਵਿੱਚ ਬਣੇ ਇੰਗਲਿਸ਼ ਬੂਸਟਰ ਕਲੱਬਾਂ ਵਿੱਚ ਬੱਚਿਆਂ ਦੀ ਸਰਗਰਮੀ, ਸਾਲਾਨਾ ਇਮਤਿਹਾਨਾਂ ਦੀ ਤਿਆਰੀ ਲਈ ਅਗਵਾਈ, ਆਨ-ਲਾਈਨ ਸਿੱਖਿਆ ਜਿਵੇਂ ਕਿ ਟੈਲੀਵਿਜ਼ਨ, ਪੰਜਾਬ ਐਜੂਕੇਅਰ ਐਪ, ਰੇਡੀਓ ਕਲਾਸਰੂਮ ਅਤੇ ਹੋਰ ਸੋਸ਼ਲ ਮੀਡੀਆ ਪੋਰਟਲਾਂ ਰਾਹੀਂ ਅਧਿਆਪਕਾਂ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਮਾਪਿਆਂ ਨੂੰ ਜਾਣਕਾਰੀ ਦਿੱਤੀ ਜਾਣੀ ਹੈ।ਇਹਨਾਂ ਮਿਲਣੀਆਂ ਦੌਰਾਨ ਅਧਿਆਪਕਾਂ ਵੱਲੋਂ ਕੋਵਿਡ-19 ਦੀ ਲਾਗ ਦੇ ਬਚਾਅ ਸਬੰਧੀ ਵੀ ਮਾਪਿਆਂ ਅਤੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਜਾਵੇਗਾ।
ਉਪ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰੀਮਤੀ ਹਰਕੰਵਲਜੀਤ ਕੌਰ ਅਤੇ ਉਪ ਜਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀਮਤੀ ਵਸੁੰਧਰਾ ਕਪਿਲਾ ਨੇ ਦੱਸਿਆ ਕਿ ਸਮੂਹ ਸਕੂਲ ਮੁਖੀ ਤੇ ਅਧਿਆਪਕ, ਸਰਕਾਰੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਤੋਂ ਬਾਰ੍ਹਵੀਂ ਤੱਕ ਪੜ੍ਹਦੇ ਬੱਚਿਆਂ ਦੇ ਮਾਪਿਆਂ, ਸਕੂਲ ਮੈਨੇਜਮੈਂਟ ਕਮੇਟੀ ਮੈਂਬਰਾਂ, ਪੰਚਾਇਤ ਮੈਂਬਰਾਂ ਅਤੇ ਮਿਡ-ਡੇ-ਮੀਲ ਵਰਕਰਾਂ ਨਾਲ ਵੀ ਰਾਬਤਾ ਕਾਇਮ ਕਰਨਗੇ। ਜਿਲ੍ਹਾ ਮੀਡੀਆ ਕੋ -ਆਰਡੀਨੇਟਰ ਬਿੰਦਰ ਸਿੰਘ ਖੁੱਡੀ ਕਲਾਂ ਨੇ ਦੱਸਿਆ ਕਿ ਮਾਪੇ ਅਧਿਆਪਕ ਮਿਲਣੀ ਬਾਰੇ ਮਾਪਿਆਂ, ਵਿਦਿਆਰਥੀਆਂ ਅਤੇ ਮੋਹਤਬਰਾਂ ਨੂੰ ਜਾਣਕਾਰੀ ਦੇਣ
ਲਈ ਪਿੰਡਾਂ ਅਤੇ ਸ਼ਹਿਰਾਂ ਵਿੱਚ ਜਨਤਕ ਸਥਾਨਾਂ ਰਾਹੀਂ ਅਨਾਉਂਸਮੈਂਟ ਕਰਵਾਕੇ ਅਤੇ ਸੋਸ਼ਲ਼ ਮੀਡੀਆ ਦੇ ਵੱਖ-ਵੱਖ ਪਲੇਟਫਾਰਮਾਂ ਜਿਵੇਂ ਕਿ ਫੇਸਬੁੱਕ, ਵਟਸਐਪ, ਟਵਿੱਟਰ ਆਦਿ ਦੀ ਵੱਧ ਤੋਂ ਵੱਧ ਵਰਤੋਂ ਕਰਦਿਆਂ ਉਪਰਾਲੇ ਪਹਿਲਾਂ ਤੋਂ ਹੀ ਜਾਰੀ ਹਨ।ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਸਰਕਾਰੀ ਹਦਾਇਤਾਂ ਅਨੁਸਾਰ ਸਕੂਲ ਆ ਰਹੇ ਵਿਦਿਆਰਥੀਆਂ ਦੇ ਮਾਪਿਆਂ ਨਾਲ ਸਿੱਧੇ ਸੰਪਰਕ ਰਾਹੀਂ ਕੀਤੀਆਂ ਜਾਣ ਵਾਲੀਆਂ ਮਾਪੇ ਅਧਿਆਪਕ ਮਿਲਣੀਆਂ ਦੌਰਾਨ ਕੋਵਿਡ-19 ਦੀਆਂ ਹਦਾਇਤਾਂ ਦੇ ਪਾਲਣ ਲਈ ਹਦਾਇਤਾਂ ਪਹਿਲਾਂ ਹੀ ਜਾਰੀ ਕੀਤੀਆਂ ਜਾ ਚੁੱਕੀਆਂ ਹਨ।