ਹਰਪ੍ਰੀਤ ਕੌਰ ਸੰਗਰੂਰ, 30 ਨਵੰਬਰ:2020
ਕੋਰੋਨਾਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਸੰਗਰੂਰ ਜ਼ਿਲ੍ਹੇ ਲਈ ਰਾਹਤ ਵਾਲੀ ਖ਼ਬਰ ਆਈ ਜਦੋਂ ਮਿਸ਼ਨ ਫਤਿਹ ਤਹਿਤ 16 ਪਾਜਿਟਿਵ ਮਰੀਜ਼ਾਂ ਨੇ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਵੱਖ-ਵੱਖ ਕੋਵਿਡ ਕੇਅਰ ਸੈਂਟਰਾਂ ਤੋਂ ਆਪੋ-ਆਪਣੇ ਘਰਾਂ ਨੂੰ ਵਾਪਸੀ ਕੀਤੀ। ਇਸ ਮੌਕੇ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਨੇ ਦੱਸਿਆ ਕਿ ਅੱਜ ਸਫ਼ਲ ਇਲਾਜ ਤੋਂ ਬਾਅਦ ਘਰਾਂ ਨੂੰ ਪਰਤੇ ਮਰੀਜ਼ਾਂ ‘ਚੋਂ 1 ਮਰੀਜ਼ ਸਿਵਲ ਹਸਪਤਾਲ ਸੰਗਰੂਰ ਤੋਂ ਅਤੇ 15 ਮਰੀਜ਼ ਹੋਮ ਆਈਸੋਲੇਸ਼ਨ ‘ਚ ਹੀ ਕੋਰੋਨਾ ਨੂੰ ਹਰਾਇਆ।
ਉਨ੍ਹਾਂ ਕਿਹਾ ਕਿ ਹਾਲਾਂਕਿ ਇਹ ਕੋਵਿਡ-19 ਵਿਰੁੱਧ ਜੰਗ ‘ਚ ਵੱਡੀ ਕਾਮਯਾਬੀ ਹੈ ਪਰ ਇਸ ਤੋਂ ਜੰਗ ਜਿੱਤਣ ਲਈ ਸਾਨੂੰ ਸੁਚੇਤ ਰਹਿਣ ਦੀ ਲੋੜ ਹੈ ਕਿਉਂਕਿ ਥੋੜ੍ਹੀ ਜਿਹੀ ਲਾਪਰਵਾਹੀ ਵੀ ਵੱਡਾ ਨੁਕਸਾਨ ਕਰ ਸਕਦੀ ਹੈ। ਉਨ੍ਹਾਂ ਸੰਗਰੂਰ ਵਾਸੀਆਂ ਨੂੰ ਅਪੀਲ ਕੀਤੀ ਕਿ ਕੋਰੋਨਾਵਾਇਰਸ ਤੋਂ ਬਚਣ ਲਈ ਇੱਕ ਦੂਜੇ ਤੋਂ ਆਪਸੀ ਦੂਰੀ ਬਣਾ ਕੇ ਰੱਖਣ ਅਤੇ ਆਪਣੇ ਮੂੰਹ ‘ਤੇ ਮਾਸਕ ਜ਼ਰੂਰ ਪਾਉਣ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਆਪਣੇ ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਧੋਣ ਜਾਂ ਸੈਨੇਟਾਈਜ਼ਰ ਨਾਲ ਜ਼ਰੂਰ ਸਾਫ਼ ਕਰਨ।