ਜ਼ਿਲ੍ਹੇ ਅੰਦਰ ਰਾਤ ਦੇ ਕਰਫਿਊ ਦੇ ਹੁਕਮ ਜਾਰੀ, ਗੈਰ-ਜ਼ਰੂਰੀ ਗਤੀਵਿਧੀਆਂ ਲਈ ਆਵਾਜਾਈ ’ਤੇ ਹੋਵੇਗੀ ਪਾਬੰਦੀ
ਰਘਵੀਰ ਹੈਪੀ ਬਰਨਾਲਾ, 1 ਦਸੰਬਰ2020
ਪੰਜਾਬ ਸਰਕਾਰ, ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ (ਗ੍ਰਹਿ-4 ਸ਼ਾਖਾ) ਚੰਡੀਗੜ੍ਹ ਦੇ ਪੱਤਰ ਨੰਬਰ:7/56/2020/2ਗ4)/4572 ਮਿਤੀ 26/11/2020 ਅਤੇ ਪੰਜਾਬ ਸਰਕਾਰ, ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਚੰਡੀਗੜ੍ਹ ਦੇ ਪੱਤਰ ਨੰਬਰ: P1/ 13S8/2020/40 ਮਿਤੀ 10/11/2020 ਰਾਹੀਂ ਜਾਰੀ ਹਦਾਇਤਾਂ ਦੀ ਪਾਲਣਾ ਵਿੱਚ ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਵੱਲੋਂ ਰਾਤ ਦੇ ਕਰਫਿਊ ਦਾ ਹੁਕਮ ਜਾਰੀ ਕਰ ਦਿੱਤਾ ਹੈ, ਜੋ ਮਿਤੀ: 01-12-2020 ਤੋਂ 15-12-2020 ਤੱਕ ਲਾਗੂ ਰਹਿਣਗੇ।
ਇਨ੍ਹਾਂ ਹੁਕਮਾਂ ਤਹਿਤ ਜ਼ਿਲ੍ਹਾ ਬਰਨਾਲਾ ਦੀ ਹੱਦ ਅੰਦਰ ਪੈਂਦੇ ਸਮੂਹ ਨਗਰ ਕੌਂਸਲ/ਨਗਰ ਪੰਚਾਇਤ ਅਤੇ ਕਸਬਿਆਂ ਵਿੱਚ ਰਾਤ 10 ਵਜੇ ਤੋਂ ਲੈਕੇ ਸਵੇਰੇ 5 ਵਜੇ ਤੱਕ ਰਾਤ ਦਾ ਕਰਫਿਊ ਲਾਗੂ ਰਹੇਗਾ। ਇਸ ਸਮੇਂ ਦੌਰਾਨ ਸਾਰੀਆਂ ਗੈਰ-ਜ਼ਰੂਰੀ ਗਤੀਵਿਧੀਆਂ ਲਈ ਵਿਅਕਤੀਆਂ ਦੀ ਆਵਾਜਾਈ ’ਤੇ ਪਾਬੰਦੀ ਹੋਵੇਗੀ, ਪਰ ਜ਼ਰੂਰੀ ਗਤੀਵਿਧੀਆਂ ਅਤੇ ਸੇਵਾਵਾਂ, ਕੌਮੀ ਅਤੇ ਰਾਜ ਮਾਰਗਾਂ ’ਤੇ ਵਿਅਕਤੀਆਂ ਅਤੇ ਵਸਤੂਆਂ ਦੀ ਆਵਾਜਾਈ ਅਤੇ ਬੱਸਾਂ, ਰੇਲ ਗੱਡੀਆਂ ਅਤੇ ਜਹਾਜ਼ ਤੋਂ ਉਤਰਨ ਤੋਂ ਬਾਅਦ ਯਾਤਰੀਆਂ ਨੂੰ ਉਨ੍ਹਾਂ ਦੀ ਮੰਜ਼ਿਲਾਂ ਤੱਕ ਜਾਣ ਸਮੇਂ ਜ਼ਰੂਰੀ ਕੰਮਾਂ ਦੀ ਆਗਿਆ ਹੋਵੇਗੀ।
ਹੋਟਲ, ਰੈਸਟੋਰੈਂਟ ਅਤੇ ਮੈਰਿਜ ਪੈਲਿਸ ਸਮੇਤ ਰੈਸਟੋਰੈਂਟ/ਹੋਟਲ ਜਿਹੜੇ ਕਿ ਸ਼ਾਪਿੰਗ ਮਾਲਜ਼/ਮਲਟੀਪਲੈਕਸ ਵਿੱਚ ਸਥਿਤ ਹਨ, ਰਾਤ 9.30 ਵਜੇ ਤੱਕ ਖੁੱਲ੍ਹੇ ਰਹਿਣਗੇ। ਇਸ ਤੋਂ ਇਲਾਵਾ ਕੰਨਟੇਨਮੈਂਟ ਜ਼ੋਨ ਤੋਂ ਬਾਹਰ ਸਥਿਤ ਹੋਟਲ, ਰੈਸਟੋਰੈਂਟ ਅਤੇ ਮੈਰਿਜ ਪੈਲਿਸ ਸਮੇਤ ਰੈਸਟੋਰੈਂਟ/ਹੋਟਲ ਜਿਹੜੇ ਕਿ ਸ਼ਾਪਿੰਗ ਮਾਲਜ਼/ਮਲਟੀਪਲੈਕਸ ਵਿੱਚ ਸਥਿਤ ਹਨ, ਵਿੱਚ ਬਾਰ ਖੁੱਲ੍ਹਣ ਦੀ ਆਗਿਆ ਹੋਵੇਗੀ। ਸਮਾਜਿਕ ਦੂਰੀ, ਮਾਸਕ ਪਹਿਨਣਾ ਅਤੇ ਸੈਨੀਟੇਸ਼ਨ ਸਬੰਧੀ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ। ਮਾਸਕ ਨਾ ਪਹਿਨਣ ਅਤੇ ਜਨਤਕ ਥਾਵਾਂ ’ਤੇ ਥੁੱਕਣ ਦੀ ਸੂਰਤ ਵਿੱਚ 1000 ਰੁਪਏ ਜੁਰਮਾਨਾ ਕੀਤਾ ਜਾਵੇਗਾ। ਉਕਤ ਹਦਾਇਤਾਂ ਦੀ ਉਲੰਘਣਾ ਕਰਨ ਦੀ ਸੂਰਤ ਵਿੱਚ ਆਈਪੀਸੀ ਦੀ ਧਾਰਾ 188 ਅਤੇ ਆਫ਼ਤ ਪ੍ਰਬੰਧਨ ਐਕਟ 2005 ਦੀ ਧਾਰਾ 51 ਤੋਂ 60 ਅਨੁਸਾਰ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।